ਈ.ਡੀ. ਵਲੋਂ ਹਰਚਰਨ ਸਿੰਘ ਭੁੱਲਰ ਦਾ 8 ਦਿਨਾ ਰਿਮਾਂਡ
ਚੰਡੀਗੜ੍ਹ, 9 ਅਕਤੂਬਰ (ਕਪਿਲ ਵਧਵਾ)- ਪੰਜਾਬ ਪੁਲਿਸ ਦੇ ਮੁਅੱਤਲ ਡੀ. ਆਈ.
ਚੰਡੀਗੜ੍ਹ, 9 ਅਕਤੂਬਰ (ਕਪਿਲ ਵਧਵਾ)- ਪੰਜਾਬ ਪੁਲਿਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ 8 ਲੱਖ ਰੁਪਏ ਦੀ ਕਥਿਤ ਰਿਸ਼ਵਤਖੋਰੀ ਦੇ ਮਾਮਲੇ ਨਾਲ ਜੁੜੇ ਹਵਾਲਾ ਰਾਸ਼ੀ ਮਾਮਲੇ ਵਿਚ ਈ.ਡੀ. ਵਲੋਂ ਅੱਜ ਚੰਡੀਗੜ੍ਹ ਸਥਿਤ ਅਦਾਲਤ ਵਿਚ ਪੇਸ਼ ਕੀਤੇ ਜਾਣ ਤੋਂ ਬਾਅਦ ਜੱਜ ਭਾਵਨਾ ਜੈਨ ਦੀ ਅਦਾਲਤ ਨੇ ਉਸ ਨੂੰ 8 ਦਿਨਾਂ ਦੇ ਰਿਮਾਂਡ ‘ਤੇ ਭੇਜਣ ਦੇ ਹੁਕਮ ਦਿੱਤੇ। ਅਦਾਲਤ ਨੇ ਹਰਚਰਨ ਸਿੰਘ ਭੁੱਲਰ ਨੂੰ 17 ਅਕਤੂਬਰ ਨੂੰ ਮੁੜ ਪੇਸ਼ ਕਰਨ ਲਈ ਕਿਹਾ ਹੈ। ਜਾਣਕਾਰੀ ਅਨੁਸਾਰ ਹਰਚਰਨ ਸਿੰਘ ਭੁੱਲਰ ਪਹਿਲਾਂ ਤੋਂ ਹੀ ਨਿਆਇਕ ਹਿਰਾਸਤ ਵਿਚ ਸੀ। ਬੁੱਧਵਾਰ ਨੂੰ ਉਸ ਨੂੰ ਪ੍ਰੋਡਕਸ਼ਨ ਵਾਰੰਟ ਜ਼ਰੀਏ ਚੰਡੀਗੜ੍ਹ ਸਥਿਤ ਬੁੜੈਲ ਜੇਲ ਤੋਂ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਜਾਰੀ ਹੋਏ ਸਨ। ਅੱਜ ਪੇਸ਼ੀ ਦੌਰਾਨ ਈ.ਡੀ. ਨੇ ਉਸ ਨੂੰ ਅਧਿਕਾਰਤ ਤੌਰ ’ਤੇ ਗ੍ਰਿਫ਼ਤਾਰ ਕਰਦਿਆਂ ਪੁੱਛਗਿੱਛ ਲਈ 14 ਦਿਨਾ ਦੇ ਰਿਮਾਂਡ ਦੀ ਮੰਗ ਕੀਤੀ। ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ 8 ਦਿਨਾਂ ਦਾ ਰਿਮਾਂਡ ਮਨਜ਼ੂਰ ਕਰ ਲਿਆ। ਇਸ ਮਾਮਲੇ ਵਿਚ ਸਹਿ-ਮੁਲਜ਼ਮ ਕ੍ਰਿਸ਼ਨੂ ਸ਼ਾਰਦਾ ਨੂੰ ਈ.ਡੀ. ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ।