ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਮੀਟਿੰਗ, ਪਾਰਟੀ ਦੀ ਮਜ਼ਬੂਤੀ ਲਈ ਕੀਤਾ ਵਿਚਾਰ-ਵਟਾਂਦਰਾ
ਖਨੌਰੀ, 23 ਅਕਤੂਬਰ (ਬਲਵਿੰਦਰ ਸਿੰਘ ਥਿੰਦ)- ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਲਹਿਰਾਗਾਗਾ ਦੇ ਆਗੂਆਂ ਅਤੇ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਸੀਨੀਅਰ ਆਗੂ ਅਤੇ ਨਗਰ ਪੰਚਾਇਤ ਖਨੌਰੀ ਦੇ ਸਾਬਕਾ ਪ੍ਰਧਾਨ ਸਤਿਗੁਰ ਸਿੰਘ ਬਾਂਗੜ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਦੌਰਾਨ ਹਲਕਾ ਲਹਿਰਾ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਖਨੌਰੀ, 23 ਅਕਤੂਬਰ (ਬਲਵਿੰਦਰ ਸਿੰਘ ਥਿੰਦ)- ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਲਹਿਰਾਗਾਗਾ ਦੇ ਆਗੂਆਂ ਅਤੇ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਸੀਨੀਅਰ ਆਗੂ ਅਤੇ ਨਗਰ ਪੰਚਾਇਤ ਖਨੌਰੀ ਦੇ ਸਾਬਕਾ ਪ੍ਰਧਾਨ ਸਤਿਗੁਰ ਸਿੰਘ ਬਾਂਗੜ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਦੌਰਾਨ ਹਲਕਾ ਲਹਿਰਾ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ, ਪਾਰਟੀ ਦੀ ਚੜ੍ਹਦੀਕਲਾ ਲਈ ਯਤਨ ਕਰਨ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਵਲੋਂ ਉਲੀਕੇ ਜਾਣ ਵਾਲੇ ਪ੍ਰੋਗਰਾਮਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਕੇਵਲ ਸਿੰਘ ਦੀ ਅਗਵਾਈ ਹੇਠ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਹਰਵਿੰਦਰ ਸਿੰਘ ਰੋੜੇਵਾਲਾ, ਸੁਰਜੀਤ ਸਿੰਘ ਸੇਖੂਵਾਸ, ਗੁਰਪਿਆਰ ਸਿੰਘ ਲਹਿਲ ਖੁਰਦ, ਬਲਕਾਰ ਸਿੰਘ ਅੜਕਵਾਸ, ਅਮਰੀਕ ਸਿੰਘ ਕਾਲਵੰਜਾਰਾ, ਜਗਤਾਰ ਸਿੰਘ ਘੋੜੇਨਾਬ, ਗੁਰਪ੍ਰੀਤ ਸਿੰਘ ਝਲੂਰ, ਗੁਰਤੇਜ ਸਿੰਘ ਰਾਏਧਰਾਣਾ, ਸਵਰਨ ਸਿੰਘ ਰਾਮਗੜ੍ਹ, ਹੈਪੀ ਖਾਈ, ਕਾਲਾ ਡੂਡੀਆ ਅਤੇ ਲਵਪ੍ਰੀਤ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ। ਮੀਟਿੰਗ ਦੌਰਾਨ ਆਗੂਆਂ ਨੇ ਹਲਕਾ ਲਹਿਰਾ ਦੀ ਰਾਜਨੀਤਿਕ ਸਥਿਤੀ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪਾਰਟੀ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ, ਆਗੂਆਂ ਅਤੇ ਵਰਕਰਾਂ ਵਿਚਕਾਰ ਆਪਸੀ ਤਾਲਮੇਲ ਵਧਾਉਣ ਅਤੇ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਸਬੰਧੀ ਵੀ ਵਿਚਾਰ-ਚਰਚਾ ਕੀਤੀ। ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀਕਲਾ ਅਤੇ ਪਾਰਟੀ ਦੇ ਸੁਨਹਿਰੀ ਭਵਿੱਖ ਲਈ ਸਾਰਿਆਂ ਨੂੰ ਮਿਲ ਕੇ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਦੇ ਸੰਕਲਪ ਨੂੰ ਦੁਹਰਾਇਆ।