ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ‘ਮੁਲਾਜ਼ਮ ਸਮੱਸਿਆ ਨਿਵਾਰਨ ਕਮੇਟੀ’ ਦਾ ਗਠਨ ਕਰਨ ਦੀ ਅਪੀਲ
ਅੰਮ੍ਰਿਤਸਰ, 24 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਦੋ ਸੀਨੀਅਰ ਮੈਂਬਰਾਂ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਭਾਈ ਗੁਰਬਖਸ਼ ਸਿੰਘ ਖ਼ਾਲਸਾ ਨੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਪੱਤਰ ਲਿਖ ਕੇ ਮੁਲਾਜ਼ਮਾਂ ਦੀਆਂ ਸੇਵਾ ਤੇ ਪ੍ਰਬੰਧਕੀ ਸਮੱਸਿਆਵਾਂ ਦੇ ਸਮੇਂ ਸਿਰ ਅਤੇ ਨਿਰਪੱਖ ਨਿਪਟਾਰੇ ਲਈ ਇੱਕ ਵਿਸ਼ੇਸ਼ ਕਮੇਟੀ ਦਾ ਗਠਨ ਕਰਨ ਦੀ ਅਪੀਲ ਕੀਤੀ ਹੈ । ਦੋਵਾਂ ਮੈਂਬਰਾਂ ਨੇ ਪੱਤਰ ਵਿਚ ਕਿਹਾ ਕਿ ਸਿੱਖ ਕੌਮ ਦੀ ਮਹਾਨ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਅਧੀਨ ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ, ਗੁਰਮਤਿ ਮਰਿਆਦਾ ਦੀ ਪਾਲਣਾ, ਮਾਨਵਤਾ ਦੀ ਸੇਵਾ, ਗੁਰੂ ਸਾਹਿਬਾਨ ਦੇ ਸਿਧਾਂਤਾਂ ਦਾ ਪ੍ਰਚਾਰ-ਪ੍ਰਸਾਰ ਤੇ ਹੋਰ ਪ੍ਰਬੰਧਕੀ ਕਾਰਜ ਸੁਚਾਰੂ ਢੰਗ ਨਾਲ ਚਲਾਉਣ ਲਈ ਹਜ਼ਾਰਾਂ ਮੁਲਾਜ਼ਮ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ । ਸੰਸਥਾ ਦੇ ਵੱਖ-ਵੱਖ ਵਿਭਾਗਾਂ ਤੇ ਗੁਰਦੁਆਰਾ ਸਾਹਿਬਾਨ ਵਿਚ ਸੇਵਾਵਾਂ ਨਿਭਾਉਣ ਵਾਲੇ ਮੁਲਾਜ਼ਮਾਂ ਦੀਆਂ ਵੀ ਕਈ ਪ੍ਰਬੰਧਕੀ ਤੇ ਸੇਵਾ-ਸਬੰਧੀ ਸਮੱਸਿਆਵਾਂ ਹੁੰਦੀਆਂ ਹਨ, ਜਿਨ੍ਹਾਂ ਵਿਚ ਤਰੱਕੀਆਂ, ਤਬਾਦਲੇ, ਸੇਵਾ-ਸਬੰਧੀ ਮਾਮਲੇ ਤੇ ਹੋਰ ਜਾਇਜ਼ ਸ਼ਿਕਾਇਤਾਂ ਸ਼ਾਮਿਲ ਹਨ । ਉਨ੍ਹਾਂ ਕਿਹਾ ਕਿ ਆਮ ਮੁਲਾਜ਼ਮਾਂ ਲਈ ਆਪਣੀਆਂ ਸਮੱਸਿਆਵਾਂ ਸਿੱਧੇ ਤੌਰ ’ਤੇ ਉੱਚ ਪੱਧਰ ਤੱਕ ਪਹੁੰਚਾਉਣ ਵਿਚ ਕਈ ਵਾਰ ਸਮਾਂ ਲੱਗ ਜਾਂਦਾ ਹੈ । ਉਨ੍ਹਾਂ ਮੰਗ ਕੀਤੀ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਤੇ ਯੋਗ ਅਧਿਕਾਰੀਆਂ ’ਤੇ ਆਧਾਰਿਤ ਇਕ ਵਿਸ਼ੇਸ਼ ਮੁਲਾਜ਼ਮ ਸਮੱਸਿਆ ਨਿਵਾਰਣ ਕਮੇਟੀ ਬਣਾਈ ਜਾਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਇਸ ਨਾਲ ਮੁਲਾਜ਼ਮਾਂ ਨੂੰ ਆਪਣੀਆਂ ਸਮੱਸਿਆਵਾਂ ਪੇਸ਼ ਕਰਨ ਲਈ ਇੱਕ ਸੁਚੱਜਾ ਮੰਚ ਮਿਲੇਗਾ ਤੇ ਸੰਸਥਾ ਦੇ ਪ੍ਰਬੰਧਾਂ ਵਿੱਚ ਪਾਰਦਰਸ਼ਤਾ, ਜਵਾਬਦੇਹੀ ਤੇ ਮੁਲਾਜ਼ਮਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਹੋਵੇਗਾ । ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮੰਗ ਦਾ ਮੰਤਵ ਕਿਸੇ ਵੀ ਅਜਿਹੇ ਵਿਅਕਤੀ ਨੂੰ ਰਾਹਤ ਦੇਣਾ ਨਹੀਂ ਹੈ ਜੋ ਸੰਸਥਾ ਦੇ ਨਿਯਮਾਂ ਦੀ ਉਲੰਘਣਾ ਕਰਦਾ ਹੋਵੇ, ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਵੇ ਜਾਂ ਸੰਸਥਾ ਦੇ ਪ੍ਰਬੰਧਾਂ ਵਿਚ ਸਹਿਯੋਗ ਨਾ ਕਰਦਾ ਹੋਵੇ । ਉਨ੍ਹਾਂ ਪ੍ਰਧਾਨ ਦੇ ਨਾਲ ਸਮੂਹ ਅੰਤ੍ਰਿਗ ਕਮੇਟੀ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦਿਆਂ ਇਸ ਸਬੰਧੀ ਜਲਦ ਫੈਸਲਾ ਲਿਆ ਜਾਵੇ ।