ਮੈਰਾਥਨ ਦੀ ਮਨਜ਼ੂਰੀ ਰੱਦ ਕਰਨ ਦੇ ਹਵਾਲੇ ਨਾਲ ਜਾਖੜ ਨੇ ਚੋਣਾਂ ਦੀ ਨਿਰਪੱਖਤਾ ’ਤੇ ਚੁੱਕੇ ਸਵਾਲ
ਚੰਡੀਗੜ੍ਹ, 29 ਅਕਤੂਬਰ (ਸੰਦੀਪ ਕੁਮਾਰ ਮਾਹਨਾ)- ਅਬੋਹਰ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਕਰਵਾਈ ਜਾਣ ਵਾਲੀ ਸਾਲਾਨਾ ਮੈਰਾਥਨ ਦੀ ਮਨਜ਼ੂਰੀ ਰੱਦ ਕੀਤੇ ਜਾਣ ਦਾ ਮੁੱਦਾ ਭੱਖ ਗਿਆ ਹੈ। ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਇਸ ਫ਼ੈਸਲੇ ਨੂੰ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨਾਲ ਜੋੜਦਿਆਂ ਸਵਾਲ ਕੀਤਾ ਹੈ ਕਿ ਜੇਕਰ ਸਰਕਾਰ ਮੈਰਾਥਨ ਕਰਵਾਉਣ ਲਈ ਸੁਰੱਖਿਅਤ ਮਾਹੌਲ ਹੋਣ ਦਾ ਭਰੋਸਾ ਨਹੀਂ ਦੇ ਸਕਦੀ ਤਾਂ ਆਗਾਮੀ ਵਿਧਾਨ ਸਭਾ ਚੋਣਾਂ ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਿਵੇਂ ਕਰਵਾਈਆਂ ਜਾਣਗੀਆਂ।
ਚੰਡੀਗੜ੍ਹ, 29 ਅਕਤੂਬਰ (ਸੰਦੀਪ ਕੁਮਾਰ ਮਾਹਨਾ)- ਅਬੋਹਰ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਕਰਵਾਈ ਜਾਣ ਵਾਲੀ ਸਾਲਾਨਾ ਮੈਰਾਥਨ ਦੀ ਮਨਜ਼ੂਰੀ ਰੱਦ ਕੀਤੇ ਜਾਣ ਦਾ ਮੁੱਦਾ ਭੱਖ ਗਿਆ ਹੈ। ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਇਸ ਫ਼ੈਸਲੇ ਨੂੰ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨਾਲ ਜੋੜਦਿਆਂ ਸਵਾਲ ਕੀਤਾ ਹੈ ਕਿ ਜੇਕਰ ਸਰਕਾਰ ਮੈਰਾਥਨ ਕਰਵਾਉਣ ਲਈ ਸੁਰੱਖਿਅਤ ਮਾਹੌਲ ਹੋਣ ਦਾ ਭਰੋਸਾ ਨਹੀਂ ਦੇ ਸਕਦੀ ਤਾਂ ਆਗਾਮੀ ਵਿਧਾਨ ਸਭਾ ਚੋਣਾਂ ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਿਵੇਂ ਕਰਵਾਈਆਂ ਜਾਣਗੀਆਂ। ਉਨ੍ਹਾਂ ਰਾਜਪਾਲ ਨੂੰ ਪੱਤਰ ਲਿਖ ਕੇ ਸੂਬੇ ਵਿਚ ਜਲਦ ਆਦਰਸ਼ ਚੋਣ ਜ਼ਾਬਤਾ ਲਾਗੂ ਕਰਨ ਦੀ ਸਿਫ਼ਾਰਸ਼ ਕਰਨ ਦੀ ਮੰਗ ਕੀਤੀ ਹੈ। ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾਈ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਖੜ ਨੇ ਕਿਹਾ ਕਿ ਅਬੋਹਰ ’ਚ ਪਿਛਲੇ ਕਈ ਸਾਲਾਂ ਤੋਂ ਹਰ ਸਾਲ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਮੈਰਾਥਨ ਕਰਵਾਈ ਜਾਂਦੀ ਰਹੀ ਹੈ। ਇਸ ਸਮਾਗਮ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਅਤੇ ਸਮਾਜ ਵਿਚ ਨਸ਼ਾ ਵਿਰੋਧੀ ਚੇਤਨਾ ਪੈਦਾ ਕਰਨਾ ਹੈ। ਪਰ ਇਸ ਵਾਰ ਸਰਕਾਰ ਨੇ ਲਿਖਤੀ ਤੌਰ ’ਤੇ ਮਾਹੌਲ ਅਨੁਕੂਲ ਨਾ ਹੋਣ ਅਤੇ ਅਮਨ-ਕਾਨੂੰਨ ਦੀ ਸਥਿਤੀ ਦਾ ਹਵਾਲਾ ਦਿੰਦਿਆਂ ਮੈਰਾਥਨ ਕਰਵਾਉਣ ਦੀ ਮਨਜ਼ੂਰੀ ਰੱਦ ਕਰ ਦਿੱਤੀ ਹੈ। ਇਸ ਮੌਕੇ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਤੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਵੀ ਮੌਜੂਦ ਸਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਆਪਣੀਆਂ ਨਾਕਾਮੀਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਅਤੇ ਚੋਣਾਂ ਟਾਲਣ ਲਈ ਮੌਜੂਦਾ ਹਾਲਾਤ ਨੂੰ ਵਰਤ ਸਕਦੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਵਿਚ ਚੋਣਾਂ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਵਾਸਤੇ ਲੋੜੀਂਦੇ ਕਦਮ ਚੁੱਕੇ ਜਾਣ ਅਤੇ ਆਦਰਸ਼ ਚੋਣ ਜ਼ਾਬਤਾ ਜਲਦੀ ਲਾਗੂ ਕਰਨ ਬਾਰੇ ਵਿਚਾਰ ਕੀਤਾ ਜਾਵੇ।