ਚੰਡੀਗੜ੍ਹ, 3 ਨਵੰਬਰ (ਪ੍ਰੋ: ਅਵਤਾਰ ਸਿੰਘ) -ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ (ਡੀ.ਏ.) ਦੇ ਬਕਾਏ ਦੀ ਅਦਾਇਗੀ ਨਾ ਕਰਨ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੰਗਲਵਾਰ ਨੂੰ ਸੁਣਵਾਈ ਦੌਰਾਨ ਪੰਜਾਬ ਸਰਕਾਰ ਦੇ ਰਵੱਈਏ ’ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦੇ ਅਦਾਲਤ ਵਿਚ ਪੇਸ਼ ਹੋਣ ਦੇ ਬਾਵਜੂਦ ਸਰਕਾਰ ਇਹ ਸਪੱਸ਼ਟ ਨਹੀਂ ਕਰ ਸਕੀ ਕਿ ਹਾਈਕੋਰਟ ਦੇ ਪਿਛਲੇ ਹੁਕਮਾਂ ਅਨੁਸਾਰ ਮੁਲਾਜ਼ਮਾਂ ਨੂੰ ਡੀ.ਏ. ਦਾ ਬਕਾਇਆ ਜਾਰੀ ਕੀਤਾ ਗਿਆ ਹੈ ਜਾਂ ਨਹੀਂ। ਕਰੀਬ ਪੌਣੇ ਦੋ ਘੰਟੇ ਤੱਕ ਚੱਲੀ ਸੁਣਵਾਈ ਤੋਂ ਬਾਅਦ ਹਾਈਕੋਰਟ ਨੇ ਮੁੱਖ ਸਕੱਤਰ ਵਿਰੁੱਧ ਅਦਾਲਤੀ ਮਾਣਹਾਨੀ ਦਾ ਨੋਟਿਸ ਜਾਰੀ ਕਰਦਿਆਂ 17 ਨਵੰਬਰ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਸੁਣਵਾਈ ਦੌਰਾਨ ਅਦਾਲਤ ਨੇ ਸਪੱਸ਼ਟ ਕੀਤਾ ਕਿ ਸਰਕਾਰ ਵਲੋਂ ਸੁਪਰੀਮ ਕੋਰਟ ਵਿਚ ਅਪੀਲ ਦਾਇਰ ਕਰਨ ਨਾਲ ਹਾਈਕੋਰਟ ਦੇ ਹੁਕਮ ਆਪਣੇ-ਆਪ ਬੇਅਸਰ ਨਹੀਂ ਹੋ ਜਾਂਦੇ। ਜਦੋਂ ਤੱਕ ਸੁਪਰੀਮ ਕੋਰਟ ਅਪੀਲ ’ਤੇ ਸੁਣਵਾਈ ਕਰਕੇ ਕੋਈ ਹੁਕਮ ਜਾਰੀ ਨਹੀਂ ਕਰਦਾ, ਉਦੋਂ ਤੱਕ ਪੰਜਾਬ ਸਰਕਾਰ ਹਾਈਕੋਰਟ ਦੇ ਫ਼ੈਸਲੇ ਨੂੰ ਲਾਗੂ ਕਰਨ ਲਈ ਪਾਬੰਦ ਹੈ। ਸਰਕਾਰ ਇਸ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੀ। ਅਪੀਲ ਦਾਇਰ ਕਰਨ ਵਿਚ ਵੀ ਸਰਕਾਰ ਦੀ ਢਿੱਲ ’ਤੇ ਸਵਾਲ ਹਾਈਕੋਰਟ ਨੇ ਸਰਕਾਰ ਤੋਂ ਪੁੱਛਿਆ ਕਿ ਜੇਕਰ ਉਹ ਆਪਣੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇਣ ਦੀ ਗੱਲ ਕਰ ਰਹੀ ਹੈ ਤਾਂ ਉਸ ਦੀ ਅਪੀਲ ਅਜੇ ਤੱਕ ਸੁਣਵਾਈ ਲਈ ਸੂਚੀਬੱਧ ਕਿਉਂ ਨਹੀਂ ਹੋਈ। ਅਦਾਲਤ ਦੇ ਧਿਆਨ ਵਿਚ ਇਹ ਗੱਲ ਵੀ ਲਿਆਂਦੀ ਗਈ ਕਿ ਅਪੀਲ ਵਿਚ ਕੁਝ ਤਕਨੀਕੀ ਖ਼ਾਮੀਆਂ ਸਨ, ਜਿਨ੍ਹਾਂ ਨੂੰ ਦੂਰ ਕਰਨ ਦੀ ਪ੍ਰਕਿਰਿਆ ਪੂਰੀ ਨਾ ਹੋਣ ਕਾਰਨ ਮਾਮਲਾ ਅੱਗੇ ਨਹੀਂ ਵਧ ਸਕਿਆ। ਸਰਕਾਰ ਵਲੋਂ ਦੱਸਿਆ ਗਿਆ ਕਿ ਅਪੀਲ ਦੀਆਂ ਖ਼ਾਮੀਆਂ ਦੂਰ ਕਰ ਦਿੱਤੀਆਂ ਗਈਆਂ ਹਨ ਅਤੇ ਅਗਲੇ ਹਫ਼ਤੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਮੁਲਾਜ਼ਮਾਂ ਵਲੋਂ ਪੇਸ਼ ਹੋਏ ਵਕੀਲ ਨੇ ਇਸ ਦਲੀਲ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਅਪੀਲ ਨੂੰ ਅਜੇ ਤੱਕ ਕੋਈ ਮੁਕੱਦਮਾ ਨੰਬਰ ਹੀ ਅਲਾਟ ਨਹੀਂ ਹੋਇਆ। ਅਜਿਹੇ ਵਿਚ ਇਸ ਦੇ ਸੁਣਵਾਈ ਲਈ ਸੂਚੀਬੱਧ ਹੋਣ ਦੀ ਗੱਲ ਕਿਵੇਂ ਕੀਤੀ ਜਾ ਸਕਦੀ ਹੈ। ਹਾਈਕੋਰਟ ਨੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਅਦਾਲਤੀ ਮਾਣਹਾਨੀ ਦਾ ਨੋਟਿਸ ਜਾਰੀ ਕਰਦਿਆਂ 17 ਨਵੰਬਰ ਤੱਕ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ। ਹੁਣ ਅਗਲੀ ਸੁਣਵਾਈ ਦੌਰਾਨ ਸਰਕਾਰ ਨੂੰ ਦੱਸਣਾ ਪਵੇਗਾ ਕਿ ਮੁਲਾਜ਼ਮਾਂ ਦੇ ਡੀ.ਏ. ਦੇ ਬਕਾਏ ਦੀ ਅਦਾਇਗੀ ਅਤੇ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਲਈ ਉਸ ਵਲੋਂ ਕੀ ਠੋਸ ਕਦਮ ਚੁੱਕੇ ਗਏ ਹਨ।
ਡੀ.ਏ. ਬਕਾਇਆ ਮਾਮਲੇ ’ਚ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਹਾਈ ਕੋਰਟ ਦਾ ਮਾਣਹਾਨੀ ਨੋਟਿਸ
ਚੰਡੀਗੜ੍ਹ, 3 ਨਵੰਬਰ (ਪ੍ਰੋ: ਅਵਤਾਰ ਸਿੰਘ) -ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ (ਡੀ. ਏ.)
ਅਜੀਤ ਡੈਸਕ
04-11-2026