ਸ਼੍ਰੋਮਣੀ ਅਕਾਲੀ ਦਲ (ਬ) ਦੀ ਚੋਣ ਮਨੋਰਥ ਪੱਤਰ ਕਮੇਟੀ ਵਲੋਂ ਵੱਖ-ਵੱਖ ਯੂਨੀਅਨਾਂ ਨਾਲ ਗੱਲਬਾਤ
ਚੰਡੀਗੜ੍ਹ, 4 ਨਵੰਬਰ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਚੋਣ ਮਨੋਰਥ ਪੱਤਰ ਕਮੇਟੀ ਦੀ ਪਾਰਟੀ ਮੁੱਖ ਦਫ਼ਤਰ ਵਿਖੇ ਸ.
ਚੰਡੀਗੜ੍ਹ, 4 ਨਵੰਬਰ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਚੋਣ ਮਨੋਰਥ ਪੱਤਰ ਕਮੇਟੀ ਦੀ ਪਾਰਟੀ ਮੁੱਖ ਦਫ਼ਤਰ ਵਿਖੇ ਸ. ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿਚ ਮੀਟਿੰਗ ਹੋਈ। ਸ. ਭੂੰਦੜ ਨੇ ਮੀਟਿੰਗ ਵਿਚ ਹੋਈ ਗੱਲਬਾਤ ਦੀ ਜਾਣਕਾਰੀ ਪੱਤਰਕਾਰਾਂ ਨੂੰ ਦਿੰਦਿਆਂ ਦੱਸਿਆ ਕਿ ਚੋਣ ਮਨੋਰਥ ਪੱਤਰ ਕਮੇਟੀ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਉਨ੍ਹਾਂ ਦੀਆਂ ਚਿੰਤਾਵਾਂ ਤੇ ਵਾਜਬ ਮੰਗਾਂ ਬਾਰੇ ਸਲਾਹ ਮਸ਼ਵਰਾ ਕਰ ਰਹੀ ਹੈ। ਅੱਜ ਜਿਨ੍ਹਾਂ ਨਾਲ ਮੀਟਿੰਗ ਹੋਈ ਉਨ੍ਹਾਂ ਵਿਚ ਟਰਾਂਸਪੋਰਟ ਯੂਨੀਅਨ, ਚੌਕੀਦਾਰ ਯੂਨੀਅਨ, ਇੰਪਲਾਈਜ਼ ਯੂਨੀਅਨ, ਆਂਗਣਵਾੜੀ ਤੇ ਆਸ਼ਾ ਵਰਕਰ ਤੇ ਮਿਡ ਡੇਅ ਮੀਲ ਵਰਕਰ ਯੂਨੀਅਨ ਸ਼ਾਮਲ ਸਨ। ਇਨ੍ਹਾਂ ਯੂਨੀਅਨਾਂ ਨੇ ਕਮੇਟੀ ਨੂੰ ਆਪਣੀਆਂ ਮੰਗਾਂ ਤੇ ਚਿੰਤਾਵਾਂ ਤੋਂ ਜਾਣੂ ਕਰਵਾਇਆ। ਪਾਰਟੀ ਆਗੂਆਂ ਨੇ ਯੂਨੀਅਨ ਲੀਡਰਾਂ ਨੂੰ ਦੱਸਿਆ ਕਿ ਕਮੇਟੀ ਨੇ ਉਨ੍ਹਾਂ ਦੇ ਸੁਝਾਅ ਨੋਟ ਕਰ ਲਏ ਹਨ ਤੇ ਉਨ੍ਹਾਂ ਦੀਆਂ ਵਾਜਬ ਮੰਗਾਂ ਪਾਰਟੀ ਦੇ ਚੋਣ ਮਨੋਰਥ ਪੱਤਰ ਵਿਚ ਸ਼ਾਮਲ ਕੀਤੀਆਂ ਜਾਣਗੀਆਂ। ਇਸ ਮੌਕੇ ’ਤੇ ਸ. ਬਲਵਿੰਦਰ ਸਿੰਘ ਭੂੰਦੜ ਨੇ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਸ਼੍ਰੋਮਣੀ ਅਕਾਲੀ ਦਲ ‘ਪੁਨਰ ਸੁਰਜੀਤ’ ਤੋਂ ਅਸਤੀਫਾ ਦੇਣ ਦੇ ਫੈਸਲੇ ਅਤੇ ਪੰਥਕ ਏਕੇ ਦੇ ਦਿੱਤੇ ਸੱਦੇ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਚੰਦੂਮਾਜਰਾ ਨੇ ਪੰਜਾਬ, ਪੰਜਾਬੀਆਂ ਤੇ ਪੰਜਾਬੀਅਤ ਦੇ ਭਲੇ ਵਾਸਤੇ ਇਹ ਸੱਦਾ ਦਿੱਤਾ ਹੈ। ਉਨ੍ਹਾਂ ਨੇ ਸਾਰੇ ਪੰਥਕ ਆਗੂਆਂ ਨੂੰ ਸੱਦਾ ਦਿੱਤਾ ਕਿ ਉਹ ਅਕਾਲੀ ਦਲ ਦੇ ਝੰਡੇ ਥੱਲੇ ਇਕਜੁੱਟ ਹੋਣ ਅਤੇ ਇਕ ਟੀਮ ਵਜੋਂ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ, ਤਰੱਕੀ ਤੇ ਵਿਕਾਸ ਵਾਸਤੇ ਕੰਮ ਕਰਨ। ਇਸ ਮੌਕੇ ’ਤੇ ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਹੀਰਾ ਸਿੰਘ ਗਾਬੜੀਆ, ਜਨਮੇਜਾ ਸਿੰਘ ਸੇਖੋਂ, ਹਰਚਰਨ ਬੈਂਸ, ਬੀਬੀ ਹਰਗੋਬਿੰਦ ਕੌਰ ਆਦਿ ਆਗੂ ਵੀ ਹਾਜ਼ਰ ਸਨ।