ਲਿਖਤੀ ਤੌਰ ’ਤੇ ਪਾਕਿ ਨੇ ਨਹੀਂ ਭੇਜਿਆ ਕੋਈ ਸੱਦਾ, ਨਾ ਸੂਬਾ ਸਰਕਾਰ ਨੇ ਮੰਗੀ ਕੇਂਦਰ ਤੋਂ ਮਨਜ਼ੂਰੀ
ਅੰਮ੍ਰਿਤਸਰ, 7 ਨਵੰਬਰ (ਸੁਰਿੰਦਰ ਕੋਛੜ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੇਂਦਰ ਸਰਕਾਰ ’ਤੇ ਵਿਦੇਸ਼ ਦੌਰਿਆਂ ਦੀ ਇਜਾਜ਼ਤ ਨਾ ਦੇਣ ਨੂੰ ਲੈ ਕੇ ਦਿੱਤੇ ਬਿਆਨ ਨੂੰ ਪਾਕਿਸਤਾਨੀ ਸਿਆਸਤਦਾਨਾਂ ਵਲੋਂ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਸਿਆਸੀ ਹਥਿਆਰ ਵਜੋਂ ਵਰਤਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ’ਚ ਪੰਜਾਬ ਵਿਧਾਨ ਸਭਾ ਅੰਦਰ ਲਾਹੌਰ ਵਿਖੇ ਹੋਣ ਵਾਲੀ ਵਿਸ਼ਵ ਪੰਜਾਬੀ ਕਾਨਫ਼ਰੰਸ ਦਾ ਹਵਾਲਾ ਦਿੰਦਿਆਂ ਸਰਹੱਦ ਪਾਰ ਜਾਣ ਦੀ ਇੱਛਾ ਜ਼ਾਹਿਰ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਦੋਵਾਂ ਪਾਸਿਆਂ ਦੇ ਪੰਜਾਬੀਆਂ ਦੀ ਭਾਸ਼ਾ, ਸਭਿਆਚਾਰ ਅਤੇ ਸਮੱਸਿਆਵਾਂ ਸਾਂਝੀਆਂ ਹਨ, ਇਸ ਲਈ ਉਹ ਵੀ ਲਾਹੌਰ ਜਾਣਾ ਚਾਹੁੰਦੇ ਹਨ। ਹਾਲਾਂਕਿ, ਕੇਂਦਰ ਦੀ ਭਾਜਪਾ ਸਰਕਾਰ ਤੋਂ ਸਿਆਸੀ ਪ੍ਰਵਾਨਗੀ ਮਿਲਣ ’ਤੇ ਸ਼ੰਕਾ ਪ੍ਰਗਟਾਉਂਦਿਆਂ ਉਨ੍ਹਾਂ ਤਨਜ਼ ਕੱਸਿਆ ਕਿ ਇਹ ਤਾਂ ਮੈਨੂੰ ਜਪਾਨ ਅਤੇ ਫ਼ਰਾਂਸ ਜਾਣ ਦੀ ਇਜਾਜ਼ਤ ਨਹੀਂ ਦਿੰਦੇ, ਪਾਕਿਸਤਾਨ ਜਾਣ ਦੀ ਇਜਾਜ਼ਤ ਕਿੱਥੋਂ ਦੇਣਗੇ? ਜ਼ਿਕਰਯੋਗ ਹੈ ਕਿ ਪਾਕਿ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਾਕਿ ਫੇਰੀ ਲਈ ਅਜੇ ਤੱਕ ਕੋਈ ਅਧਿਕਾਰਤ ਸੱਦਾ ਪੱਤਰ ਜਾਰੀ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਪੰਜਾਬ ਸਰਕਾਰ ਨੇ ਪਾਕਿ ਜਾਣ ਲਈ ਕੇਂਦਰ ਕੋਲੋਂ ਕੋਈ ਲਿਖਤੀ ਮਨਜ਼ੂਰੀ ਹੀ ਮੰਗੀ ਹੈ। ਇਸ ਦੇ ਬਾਵਜੂਦ ਚੜ੍ਹਦੇ ਤੇ ਲਹਿੰਦੇ ਪੰਜਾਬ ਵਲੋਂ ਹਵਾਈ ਬਿਆਨਾਂ ਰਾਹੀਂ ਮੋਦੀ ਸਰਕਾਰ ’ਤੇ ਨਿਸ਼ਾਨੇ ਸਾਧੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਉਕਤ ਬਿਆਨ ਤੋਂ ਬਾਅਦ ਪਾਕਿ ਦੇ ਸਿਆਸੀ ਹਲਕਿਆਂ ’ਚ ਇਸ ਮੁੱਦੇ ਨੂੰ ਉਭਾਰਿਆ ਜਾ ਰਿਹਾ ਹੈ। ਲਹਿੰਦੇ ਪੰਜਾਬ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਭਗਵੰਤ ਮਾਨ ਦੇ ਬਿਆਨ ਦੀ ਹਮਾਇਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਮੋਦੀ ਸਰਕਾਰ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਾਲੇ ਆਪਸੀ ਮੇਲ-ਜੋਲ, ਸਭਿਆਚਾਰਕ ਸਾਂਝ ਅਤੇ ਧਾਰਮਿਕ ਯਾਤਰਾਵਾਂ ਦੇ ਰਾਹ ’ਚ ਜਾਣਬੁੱਝ ਕੇ ਰੁਕਾਵਟਾਂ ਖੜ੍ਹੀਆਂ ਕਰ ਰਹੀ ਹੈ। ਦੂਜੇ ਪਾਸੇ, ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਦੇ ਬੁਲਾਰੇ ਸੱਯਾਦ ਹੈਦਰ ਖ਼ਾਨ ਨੇ ਹਫ਼ਤਾਵਾਰੀ ਪ੍ਰੈੱਸ ਬ੍ਰੀਫਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਯਾਤਰਾ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਜੇਕਰ ਭਾਰਤੀ ਪੰਜਾਬ ਦੇ ਮੁੱਖ ਮੰਤਰੀ ਪਾਕਿ ਦੀ ਯਾਤਰਾ ਕਰਨਾ ਚਾਹੁੰਦੇ ਹਨ ਤਾਂ ਪਾਕਿਸਤਾਨ ਸਰਕਾਰ ਉਨ੍ਹਾਂ ਨੂੰ ਵੀਜ਼ਾ ਜਾਰੀ ਕਰਨ ’ਤੇ ਵਿਚਾਰ ਕਰੇਗੀ।
ਭਗਵੰਤ ਮਾਨ ਦੇ ‘ਵਿਦੇਸ਼ ਦੌਰਿਆਂ ਦੀ ਇਜਾਜ਼ਤ’ ਵਾਲੇ ਬਿਆਨ ’ਤੇ ਪਾਕਿ ਵਲੋਂ ਕੀਤੀ ਜਾ ਰਹੀ ਸਿਆਸਤ
ਅੰਮ੍ਰਿਤਸਰ, 7 ਨਵੰਬਰ (ਸੁਰਿੰਦਰ ਕੋਛੜ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੇਂਦਰ ਸਰਕਾਰ ’ਤੇ ਵਿਦੇਸ਼ ਦੌਰਿਆਂ ਦੀ ਇਜਾਜ਼ਤ ਨਾ ਦੇਣ ਨੂੰ ਲੈ ਕੇ ਦਿੱਤੇ ਬਿਆਨ ਨੂੰ ਪਾਕਿਸਤਾਨੀ ਸਿਆਸਤਦਾਨਾਂ ਵਲੋਂ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਸਿਆਸੀ ਹਥਿਆਰ ਵਜੋਂ ਵਰਤਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ’ਚ ਪੰਜਾਬ ਵਿਧਾਨ ਸਭਾ ਅੰਦਰ ਲਾਹੌਰ ਵਿਖੇ ਹੋਣ ਵਾਲੀ ਵਿਸ਼ਵ ਪੰਜਾਬੀ ਕਾਨਫ਼ਰੰਸ ਦਾ ਹਵਾਲਾ ਦਿੰਦਿਆਂ ਸਰਹੱਦ ਪਾਰ ਜਾਣ ਦੀ ਇੱਛਾ ਜ਼ਾਹਿਰ ਕੀਤੀ ਸੀ।
ਭਗਵੰਤ ਮਾਨ
ਨਰਿੰਦਰ ਮੋਦੀ
ਰਮੇਸ਼ ਸਿੰਘ ਅਰੋੜਾ
ਸੱਯਾਦ ਹੈਦਰ ਖ਼ਾਨ
08-11-2026