ਅੰਮ੍ਰਿਤਸਰ, 9 ਨਵੰਬਰ (ਜਸਵੰਤ ਸਿੰਘ ਜੱਸ)-ਕਰੀਬ ਚਾਰ ਸਦੀਆਂ ਪਹਿਲਾਂ ਗਵਾਲੀਅਰ ਦੇ ਕਿਲ੍ਹੇ ਵਿਚੋਂ 52 ਬੰਦੀ ਰਾਜਿਆਂ ਨੂੰ ਮੁਗ਼ਲਾਂ ਦੀ ਕੈਦ ਵਿਚੋਂ ਰਿਹਾਅ ਕਰਵਾ ਕੇ ਸ੍ਰੀ ਗੁਰੂ ਹਰਿਗੋਬਿੰਦ ਜੀ ਦੇ ਅੰਮ੍ਰਿਤਸਰ ਵਿਖੇ ਪੁੱਜਣ ਦੀ ਖੁਸ਼ੀ ਵਿਚ ਸੰਗਤਾਂ ਵਲੋਂ ਖੁਸ਼ੀ ਵਿਚ ਘਿਓ ਦੇ ਦੀਵੇ ਬਾਲ ਕੇ ਮਨਾਇਆ ਜਾਂਦਾ ਬੰਦੀ ਛੋੜ ਦਿਵਸ, ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਦੌਰਾਨ ਦੇਸ਼-ਵਿਦੇਸ਼ ਤੋਂ ਪੁੱਜੀ ਵੱਡੀ ਗਿਣਤੀ ’ਚ ਸੰਗਤ ਨੇ ਸਰੋਵਰ ਵਿਚ ਇਸ਼ਨਾਨ ਕਰਕੇ ਅਤੇ ਗੁਰੂ ਦਰ ’ਤੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਸਤਿਕਾਰ ਦਾ ਪ੍ਰਗਟਾਵਾ ਕੀਤਾ। ਸ਼ਾਮ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸੰਗਤਾਂ ਨੇ ਪ੍ਰਬੰਧਕਾਂ ਵਲੋਂ ਕੀਤੀ ਗਈ ਦੀਪਮਾਲਾ ਅਤੇ ਚਲਾਈ ਗਈ ਆਤਿਸ਼ਬਾਜ਼ੀ ਦਾ ਅਲੌਕਿਕ ਨਜ਼ਾਰਾ ਪਰਿਕਰਮਾ ਵਿਚ ਬੈਠ ਕੇ ਮਾਣਿਆਂ, ਉਥੇ ਸ਼ਰਧਾਲੂਆਂ ਵਲੋਂ ਵੀ ਦੇਸੀ ਘਿਓ ਦੇ ਦੀਵਿਆਂ ਦੀ ਰਵਾਇਤੀ ਦੀਪਮਾਲਾ ਪਾਵਨ ਸਰੋਵਰ ਕਿਨਾਰੇ ਕਰਦਿਆਂ ਛੇਵੇਂ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸਮਾਗਮਾਂ ਵਿਚ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ, ਬਾਬਾ ਨਿਹਾਲ ਸਿੰਘ ਤਰਨਾ ਦਲ ਹਰੀਆਂ ਵੇਲਾਂ, ਦਲ ਪੰਥ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰ ਸਿੰਘ, ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ ਅਤੇ ਬਾਬਾ ਮੇਜਰ ਸਿੰਘ ਸੋਢੀ ਸਮੇਤ ਹੋਰ ਪ੍ਰਮੁੱਖ ਪੰਥਕ ਸ਼ਖ਼ਸੀਅਤਾਂ ਨੇ ਵੀ ਸ਼ਮੂਲੀਅਤ ਕੀਤੀ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਗੁਰਮਤਿ ਸਮਾਗਮਾਂ ਦੌਰਾਨ ਰਾਗੀ, ਢਾਡੀ, ਕਵੀਸ਼ਰ ਜਥਿਆਂ, ਪ੍ਰਚਾਰਕਾਂ ਅਤੇ ਕਵੀਆਂ ਨੇ ਗੁਰਬਾਣੀ ਕੀਰਤਨ ਅਤੇ ਇਤਿਹਾਸ ਦੁਆਰਾ ਸੰਗਤ ਨਾਲ ਸਾਂਝ ਪਾਈ। ਪ੍ਰਧਾਨ ਧਾਮੀ ਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਸੰਦੇਸ਼ ਸਮਾਗਮ ’ਚ ਨਹੀਂ ਹੋਏ ਸ਼ਾਮਿਲ ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਬੰਦੀ ਛੋੜ ਦਿਵਸ ਸਬੰਧੀ ਹੋਰ ਸਮਾਗਮਾਂ ਵਿਚ ਤਾਂ ਸ਼ਾਮਿਲ ਹੋਏ, ਪਰ ਸ਼ਾਮ ਨੂੰ ਜਥੇਦਾਰ ਗਿਆਨੀ ਗੜਗੱਜ ਵਲੋਂ ਦਰਸ਼ਨੀ ਡਿਉੜੀ ਤੋਂ ਸਿੱਖ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਨ ਮੌਕੇ ਹੋਏ ਸਮਾਗਮ ਵਿਚ ਹਾਜ਼ਰ ਨਹੀਂ ਸਨ। ਇਸੇ ਤਰ੍ਹਾਂ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ , ਜੋ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਤਾਂ ਮੌਜੂਦ ਸਨ, ਪਰ ਜਥੇਦਾਰ ਦੇ ਸੰਦੇਸ਼ ਜਾਰੀ ਕਰਨ ਵੇਲੇ ਉਹ ਵੀ ਦਰਸ਼ਨੀ ਡਿਉੜੀ ਵਾਲੇ ਸਮਾਗਮ ਵਿਚ ਸ਼ਾਮਿਲ ਨਹੀਂ ਸਨ। ਦਮਦਮੀ ਟਕਸਾਲ ਦੇ ਮੁਖੀ ਦੀ ਗੈਰ-ਹਾਜ਼ਰੀ ਵੀ ਰੜਕੀ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗੜਗੱਜ ਤੇ ਜਥੇਦਾਰ ਗਿਆਨੀ ਟੇਕ ਸਿੰਘ ਵਲੋਂ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਵਾਰ ਨਹੀਂ ਹੋਈ ਪ੍ਰਦੂਸ਼ਨ ਰਹਿਤ ਡਿਜੀਟਲ ਆਤਿਸ਼ਬਾਜੀ ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਵਿਦੇਸ਼ਾਂ ਵਿਚ ਹੁੰਦੀ ਆਤਿਸ਼ਬਾਜੀ ਦੀ ਤਰਜ਼ ’ਤੇ ਚਲਾਈ ਗਈ ਡਿਜੀਟਲ ਤੇ ਪ੍ਰਦੂਸ਼ਨ ਰਹਿਤ ਆਤਿਸ਼ਬਾਜੀ ਵਾਂਗ ਇਸ ਵਾਰ ਰਵਾਇਤੀ ਆਤਿਸ਼ਬਾਜ਼ੀ ਹੀ ਚਲਾਈ ਗਈ। ਇਸ ਦੌਰਾਨ ਵਾਤਵਰਣ ਪ੍ਰੇਮੀਆਂ ਨੇ ਮੰਗ ਕੀਤੀ ਹੈ ਕਿ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਪ੍ਰਦੂਸ਼ਨ ਰਹਿਤ ਹਰੇ ਪਟਾਕਿਆਂ ਵਾਲੀ ਆਤਿਸ਼ਬਾਜ਼ੀ ਹੀ ਚਲਾਈ ਜਾਣੀ ਚਾਹੀਦੀ ਹੈ। ਬੰਦੀ ਛੋੜ ਦਿਵਸ ਸਮਾਗਮਾਂ ਦੌਰਾਨ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਓ.ਐਸ.ਡੀ. ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸੁਖਮਿੰਦਰ ਸਿੰਘ, ਨਿੱਜੀ ਸਕੱਤਰ ਸਾਹਬਾਜ਼ ਸਿੰਘ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ, ਭਗਵੰਤ ਸਿੰਘ ਧੰਗੇੜਾ, ਬਿਜੈ ਸਿੰਘ, ਤਜਿੰਦਰ ਸਿੰਘ ਪੱਡਾ, ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਮੀਤ ਸਕੱਤਰ ਗੁਰਨਾਮ ਸਿੰਘ, ਗੁਰਦਿਆਲ ਸਿੰਘਸੁਖਬੀਰ ਸਿੰਘ, ਮਨਜੀਤ ਸਿੰਘ ਤਲਵੰਡੀ, ਆਜ਼ਾਦਦੀਪ ਸਿੰਘ, ਮੈਨੇਜਰ ਰਜਿੰਦਰ ਸਿੰਘ ਰੂਬੀ, ਨਰਿੰਦਰ ਸਿੰਘ, ਜਤਿੰਦਰਪਾਲ ਸਿੰਘ, ਸਤਿੰਦਰ ਸਿੰਘ, ਇੰਚਾਰਜ ਬਗੀਚਾ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਸਮੇਤ ਹੋਰ ਅਧਿਕਾਰੀ, ਕਰਮਚਾਰੀ ਅਤੇ ਸੰਗਤਾਂ ਆਦਿ ਹਾਜ਼ਰ ਸਨ।
ਜਥੇਦਾਰ ਗੜਗੱਜ ਵਲੋਂ ਕੌਮ ਦੇ ਨਾਂਅ ਸੰਦੇਸ਼ ਜਾਰੀ
ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸਿੱਖ ਪੰਥ ਦੇ ਨਾਂਅ ਸੰਦੇਸ਼ ਜਾਰੀ ਕਰਦਿਆਂ ਪੰਥਕ ਏਕਤਾ, ਬੰਦੀ ਸਿੰਘਾਂ ਦੀ ਰਿਹਾਈ, ਸਿੱਖ ਸੰਸਥਾਵਾਂ ਦੀ ਮਜ਼ਬੂਤੀ ਅਤੇ ਸਿੱਖੀ ਸਿਧਾਂਤਾਂ ’ਤੇ ਪਹਿਰਾ ਦੇਣ ਦਾ ਸੱਦਾ ਦਿੰਦਿਆਂ ਕਿਹਾ ਕਿ ਬੰਦੀ ਛੋੜ ਦਿਵਸ ਸਾਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਲੋਂ ਗਵਾਲੀਅਰ ਦੇ ਕਿਲ੍ਹੇ ਵਿਚੋਂ 52 ਰਾਜਿਆਂ ਨੂੰ ਰਿਹਾਅ ਕਰਵਾਉਣ ਦੀ ਇਤਿਹਾਸਕ ਘਟਨਾ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਕਿਹਾ ਕਿ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ਵਿਚ ਬੰਦ ਸਿੱਖਾਂ ਦੀ ਰਿਹਾਈ ਲਈ ਪੰਥ ਨੂੰ ਇਕਜੁੱਟ ਹੋ ਕੇ ਆਵਾਜ਼ ਉਠਾਉਣੀ ਚਾਹੀਦੀ ਹੈ। ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਭਾਈ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਓਰਾ, ਭਾਈ ਗੁਰਦੀਪ ਸਿੰਘ ਖੇੜਾ ਅਤੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਸੁਹਿਰਦਤਾ ਨਾ ਦਿਖਾਉਣ ਦੀ ਸੂਰਤ ਵਿਚ ਸ਼੍ਰੋਮਣੀ ਕਮੇਟੀ ਨੂੰ ਸਮੁੱਚੇ ਪੰਥ ਦੇ ਸਹਿਯੋਗ ਨਾਲ ਵਿਸ਼ੇਸ਼ ਪ੍ਰੋਗਰਾਮ ਉਲੀਕਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਉਨ੍ਹਾਂ ਨੂੰ ਸਿੱਖੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੋੜਨ ’ਤੇ ਜ਼ੋਰ ਦਿੱਤਾ ਤੇ ਵਿਦੇਸ਼ਾਂ ਵਿਚ ਵੱਸਦੀ ਚੌਥੀ ਅਤੇ ਪੰਜਵੀਂ ਪੀੜ੍ਹੀ ਨੂੰ ਪੰਜਾਬ, ਆਪਣੇ ਪਿੰਡਾਂ ਅਤੇ ਸ੍ਰੀ ਦਰਬਾਰ ਸਾਹਿਬ ਨਾਲ ਜੋੜੀ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ, ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ ਦੀਦਾਰ ਦੀ ਸਹੂਲਤ ਦੇਣ ਅਤੇ ਗੁਰੂ ਸਾਹਿਬਾਨ, ਮਹਾਰਾਜਾ ਰਣਜੀਤ ਸਿੰਘ ਦੇ ਸਿੱਖ ਰਾਜ ਤੇ ਸਿੱਖ ਸ਼ਹੀਦਾਂ ਨਾਲ ਸਬੰਧਤ ਵਿਰਾਸਤਾਂ ਨੂੰ ਮੂਲ ਸਰੂਪ ਵਿਚ ਸੰਭਾਲਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਮੂਹ ਪੰਥਕ, ਧਾਰਮਿਕ ਅਤੇ ਸਿਆਸੀ ਧਿਰਾਂ ਨੂੰ ਪੰਥ ਅਤੇ ਪੰਜਾਬ ਦੇ ਹਿੱਤਾਂ ਲਈ ਇਕ ਮੰਚ ’ਤੇ ਇਕੱਠੇ ਹੋਣਾ ਚਾਹੀਦਾ ਹੈ। ਇਸ ਮੌਕੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਵੀ ਸੰਗਤਾਂ ਨੂੰ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ।