2027 ਦੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ’ਚ ਵੋਟਰ ਸੂਚੀਆਂ ਦੀ ਸੁਧਾਈ ਦਾ ਅਗਲਾ ਪੜਾਅ ਸ਼ੁਰੂ 117 ਵਿਧਾਨ ਸਭਾ ਹਲਕਿਆਂ ਦੀ ਡਰਾਫ਼ਟ ਵੋਟਰ ਸੂਚੀ ਜਾਰੀ, 11 ਦਸੰਬਰ ਤੱਕ ਦਾਅਵੇ ਤੇ ਇਤਰਾਜ਼ ਹੋਣਗੇ ਦਰਜ-ਅਨੰਦਿਤਾ ਮਿੱਤਰਾ
ਚੰਡੀਗੜ੍ਹ, 12 ਨਵੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਵਿਚ ਸਾਲ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤਹਿਤ ਚੋਣ ਕਮਿਸ਼ਨ ਨੇ ਇੱਕ ਅਹਿਮ ਕਦਮ ਚੁੱਕਿਆ ਹੈ।
ਚੰਡੀਗੜ੍ਹ, 12 ਨਵੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਵਿਚ ਸਾਲ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤਹਿਤ ਚੋਣ ਕਮਿਸ਼ਨ ਨੇ ਇੱਕ ਅਹਿਮ ਕਦਮ ਚੁੱਕਿਆ ਹੈ। ਕਮਿਸ਼ਨ ਵਲੋਂ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ ਕਰ ਦਿੱਤੀ ਗਈ ਹੈ । ਇਸ ਵਿਸ਼ੇਸ਼ ਗਹਿਰੀ ਸੁਧਾਈ ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਸਹੀ ਅਤੇ ਅਪਡੇਟ ਕਰਨਾ ਹੈ ਤਾਂ ਜੋ ਕੋਈ ਵੀ ਯੋਗ ਨਾਗਰਿਕ ਆਪਣੀ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ । ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨੰਦਿਤਾ ਮਿੱਤਰਾ ਨੇ ਵੱਖ-ਵੱਖ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਡਰਾਫਟ ਵੋਟਰ ਸੂਚੀ ਦੀਆਂ ਕਾਪੀਆਂ ਸੌਂਪੀਆਂ ਤੇ ਪੂਰੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ । ਚੋਣ ਕਮਿਸ਼ਨ ਅਨੁਸਾਰ ਵੋਟਰ ਸੂਚੀ ਵਿਚ ਨਵਾਂ ਨਾਂਅ ਸ਼ਾਮਿਲ ਕਰਵਾਉਣ, ਪਹਿਲਾਂ ਤੋਂ ਦਰਜ ਜਾਣਕਾਰੀ ਵਿਚ ਸੋਧ ਕਰਵਾਉਣ ਜਾਂ ਕਿਸੇ ਨਾਂਅ ਸੰਬੰਧੀ ਇਤਰਾਜ਼ ਪੇਸ਼ ਕਰਨ ਲਈ 12 ਨਵੰਬਰ ਤੋਂ 11 ਦਸੰਬਰ 2026 ਤੱਕ ਦਾ ਸਮਾਂ ਦਿੱਤਾ ਗਿਆ ਹੈ । ਪ੍ਰਾਪਤ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 28 ਦਸੰਬਰ ਤੱਕ ਕੀਤਾ ਜਾਵੇਗਾ । ਇਸ ਤੋਂ ਬਾਅਦ ਅੰਤਿਮ ਵੋਟਰ ਸੂਚੀ 4 ਜਨਵਰੀ 2027 ਨੂੰ ਜਾਰੀ ਕੀਤੀ ਜਾਵੇਗੀ । ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਫਾਰਮ ਨਿਰਧਾਰਤ ਕੀਤੇ ਗਏ ਹਨ । ਨਵਾਂ ਨਾਮ ਦਰਜ ਕਰਵਾਉਣ ਲਈ ਫਾਰਮ ਨੰਬਰ-6, ਪ੍ਰਵਾਸੀ ਭਾਰਤੀ ਵੋਟਰਾਂ ਲਈ ਫਾਰਮ ਨੰਬਰ-6ਏ, ਵੋਟਰ ਸੂਚੀ ਵਿਚੋਂ ਨਾਮ ਕਟਵਾਉਣ ਲਈ ਫਾਰਮ ਨੰਬਰ-7 ਤੇ ਵੇਰਵਿਆਂ ਵਿਚ ਸੋਧ ਜਾਂ ਰਿਹਾਇਸ਼ ਬਦਲਣ ਲਈ ਫਾਰਮ ਨੰਬਰ-8 ਭਰਿਆ ਜਾ ਸਕਦਾ ਹੈ । ਇਸ ਤੋਂ ਇਲਾਵਾ ਜਿਹੜੇ ਨੌਜਵਾਨ 1 ਜਨਵਰੀ 2027 ਨੂੰ ਜਾਂ ਇਸ ਤੋਂ ਪਹਿਲਾਂ 18 ਸਾਲ ਦੀ ਉਮਰ ਪੂਰੀ ਕਰ ਰਹੇ ਹਨ, ਉਹ ਵੀ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਦੇ ਯੋਗ ਹੋਣਗੇ । ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਵੋਟਰ ਆਪਣਾ ਨਾਂਅ ਤੇ ਹੋਰ ਵੇਰਵੇ ਮੁੱਖ ਚੋਣ ਅਧਿਕਾਰੀ ਪੰਜਾਬ ਦੀ ਵੈੱਬਸਾਈਟ ਤੇ ਭਾਰਤ ਚੋਣ ਕਮਿਸ਼ਨ ਦੇ ਵੋਟਰ ਸਰਵਿਸ ਪੋਰਟਲ ਰਾਹੀਂ ਚੈੱਕ ਕਰ ਸਕਦੇ ਹਨ । ਇਸ ਤੋਂ ਇਲਾਵਾ ਈ.ਸੀ.ਆਈ.ਐਨ.ਈ.ਟੀ. ਮੋਬਾਈਲ ਐਪ ਰਾਹੀਂ ਬੀ.ਐੱਲ.ਓ. ਨਾਲ ਸੰਪਰਕ ਕਰਨ ਲਈ ਕਾਲ ਦੀ ਬੇਨਤੀ ਵੀ ਕੀਤੀ ਜਾ ਸਕਦੀ ਹੈ । ਨਾਗਰਿਕਾਂ ਦੀ ਸਹਾਇਤਾ ਲਈ ਜ਼ਿਲ੍ਹਾ ਚੋਣ ਅਧਿਕਾਰੀਆਂ ਤੇ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ ਦੇ ਦਫ਼ਤਰਾਂ ਵਿਚ ਹੈਲਪ ਡੈਸਕ ਸਥਾਪਤ ਕੀਤੇ ਗਏ ਹਨ । ਸੂਬੇ ਭਰ ਵਿਚ ਵਿਸ਼ੇਸ਼ ਕੈਂਪ ਵੀ ਲਗਾਏ ਜਾਣਗੇ । ਕਿਸੇ ਵੀ ਜਾਣਕਾਰੀ ਲਈ ਵੋਟਰ ਹੈਲਪਲਾਈਨ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ । ਅੰਤ ਵਿਚ ਅਨੰਦਿਤਾ ਮਿੱਤਰਾ ਨੇ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਂ ਰਹਿੰਦਿਆਂ ਆਪਣਾ ਨਾਮ ਵੋਟਰ ਸੂਚੀ ਵਿਚ ਜ਼ਰੂਰ ਚੈੱਕ ਕਰਨ ਤੇ ਲੋੜ ਅਨੁਸਾਰ ਸੋਧ ਕਰਵਾਉਣ, ਤਾਂ ਜੋ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਰ ਯੋਗ ਨਾਗਰਿਕ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕੇ। ਮੁੱਖ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਵਿਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ ਵੀ.ਵੀ.ਪੈਟ ਮਸ਼ੀਨਾਂ ਦੀ ਅੱਜ ਤੋਂ ਸ਼ੁਰੂ ਹੋਈ ਫਸਟ ਲੈਵਲ ਚੈਕਿੰਗ ਦੀ ਲਗਾਤਾਰ ਨਿਗਰਾਨੀ ਲਈ ਮੁੱਖ ਚੋਣ ਅਫ਼ਸਰ ਅਨੰਦਿਤਾ ਮਿਤਰਾ ਵਲੋਂ ਸੂਬੇ ਦੀਆਂ ਮਾਨਤਾ ਪ੍ਰਾਪਤ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵਿਖੇ ਸਥਾਪਤ ਰਾਜ ਪੱਧਰੀ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ ਗਿਆ। ਇਸ ਮੌਕੇ ਮਿਤਰਾ ਵਲੋਂ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦੀ ਕਾਰਜ ਪ੍ਰਣਾਲੀ ਅਤੇ ਭਾਰਤ ਇਲੈਕਟਰਾਨਿਕ ਲਿਮਟਿਡ ਦੇ ਅਧਿਕਾਰੀਆਂ ਦੀ ਇਸ ਪ੍ਰਕਿਰਿਆ ਵਿਚ ਭੂਮਿਕਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਧੀਕ ਮੁੱਖ ਚੋਣ ਅਫ਼ਸਰ ਅਮਨਦੀਪ ਬਾਂਸਲ, ਜੁਆਇੰਟ ਮੁੱਖ ਚੋਣ ਅਫ਼ਸਰ ਨਵਨੀਤ ਕੌਰ ਬੱਲ, ਜੁਆਇੰਟ ਮੁੱਖ ਚੋਣ ਅਫ਼ਸਰ ਸੰਜੀਵ ਸ਼ਰਮਾ, ਆਮ ਆਦਮੀ ਪਾਰਟੀ ਤੋਂ ਫੈਰੀ ਸੋਫ਼ਤ, ਭਾਰਤੀ ਜਨਤਾ ਪਾਰਟੀ ਤੋਂ ਐਨ.ਕੇ. ਵਰਮਾ, ਸ਼੍ਰੋਮਣੀ ਅਕਾਲੀ ਦਲ (ਬ) ਤੋਂ ਅਰਸ਼ਦੀਪ ਸਿੰਘ ਕਲੇਰ, ਕਾਂਗਰਸ ਪਾਰਟੀ ਤੋਂ ਹਰਦੀਪ ਸਿੰਘ ਕਿੰਗਰਾ ਅਤੇ ਸੀ.ਪੀ.ਆਈ.(ਐਮ) ਤੋਂ ਸੁਨੀਲ ਕੁਮਾਰ ਹਾਜ਼ਰ ਸਨ।