ਸੱਤਾਧਾਰੀ ‘ਆਪ’, ਕਾਂਗਰਸ ਤੇ ਬਸਪਾ ਸੰਵਿਧਾਨ ਦਿਵਸ ਮੌਕੇ ਕਰਨਗੀਆਂ ਸ਼ਕਤੀ ਪ੍ਰਦਰਸ਼ਨ ਤਿੰਨੇ ਵੱਡੀਆਂ ਸਿਆਸੀ ਪਾਰਟੀਆਂ ਵਲੋਂ ਮੋਗਾ, ਅੰਮ੍ਰਿਤਸਰ ਤੇ ਫਿਲੌਰ ਵਿਖੇ ਰੈਲੀਆਂ ਕੱਲ੍ਹ
ਜਸਪਾਲ ਸਿੰਘ
ਜਲੰਧਰ, 24 ਨਵੰਬਰ-ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੁੰਦੀਆਂ ਜਾ ਰਹੀਆਂ ਹਨ । ਇਸੇ ਦੌਰਾਨ 26 ਨਵੰਬਰ ਦਾ ਦਿਨ ਪੰਜਾਬ ਦੀ ਸਿਆਸਤ ਲਈ ਕਾਫ਼ੀ ਅਹਿਮ ਰਹਿਣ ਵਾਲਾ ਹੈ, ਕਿਉਂਕਿ ਇਸ ਦਿਨ ਸੂਬੇ ਦੀਆਂ ਤਿੰਨ ਪ੍ਰਮੁੱਖ ਸਿਆਸੀ ਪਾਰਟੀਆਂ ਆਮ ਆਦਮੀ ਪਾਰਟੀ, ਕਾਂਗਰਸ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਵੱਖ-ਵੱਖ ਥਾਵਾਂ ’ਤੇ ਵੱਡੇ ਇਕੱਠ ਕੀਤੇ ਜਾ ਰਹੇ ਹਨ।
ਜਲੰਧਰ, 24 ਨਵੰਬਰ-ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੁੰਦੀਆਂ ਜਾ ਰਹੀਆਂ ਹਨ । ਇਸੇ ਦੌਰਾਨ 26 ਨਵੰਬਰ ਦਾ ਦਿਨ ਪੰਜਾਬ ਦੀ ਸਿਆਸਤ ਲਈ ਕਾਫ਼ੀ ਅਹਿਮ ਰਹਿਣ ਵਾਲਾ ਹੈ, ਕਿਉਂਕਿ ਇਸ ਦਿਨ ਸੂਬੇ ਦੀਆਂ ਤਿੰਨ ਪ੍ਰਮੁੱਖ ਸਿਆਸੀ ਪਾਰਟੀਆਂ ਆਮ ਆਦਮੀ ਪਾਰਟੀ, ਕਾਂਗਰਸ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਵੱਖ-ਵੱਖ ਥਾਵਾਂ ’ਤੇ ਵੱਡੇ ਇਕੱਠ ਕੀਤੇ ਜਾ ਰਹੇ ਹਨ। ਇਨ੍ਹਾਂ ਰੈਲੀਆਂ ਨੂੰ ਜਿੱਥੇ ਪਾਰਟੀਆਂ ਵਲੋਂ ਆਪਣੀ ਤਾਕਤ ਦੇ ਪ੍ਰਦਰਸ਼ਨ ਵਜੋਂ ਦੇਖਿਆ ਜਾ ਰਿਹਾ ਹੈ, ਉੱਥੇ ਹੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਮਾਹੌਲ ਗਰਮਾਉਣ ਦੀ ਕਵਾਇਦ ਵੀ ਸਮਝਿਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਵਲੋਂ 26 ਨਵੰਬਰ ਨੂੰ ਮੋਗਾ ਜ਼ਿਲ੍ਹੇ ਦੇ ਪਿੰਡ ਮਟਵਾਣੀ ਵਿਖੇ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’ ਕੀਤੀ ਜਾ ਰਹੀ ਹੈ। ਪਾਰਟੀ ਦੇ 14ਵੇਂ ਸਥਾਪਨਾ ਦਿਵਸ ਮੌਕੇ ਹੋਣ ਵਾਲੀ ਇਸ ਰੈਲੀ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਮੁਹਿੰਮ ਦੀ ਸ਼ੁਰੂਆਤ ਵਜੋਂ ਪੇਸ਼ ਕੀਤਾ ਜਾ ਰਿਹਾ ਹੈ ਤੇ ਇਸ ਰੈਲੀ ਨੂੰ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਸੰਬੋਧਨ ਕਰਨਗੇ । ਇਸ ਮੌਕੇ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਕੰਮਾਂ ਦਾ ਰਿਪੋਰਟ ਕਾਰਡ ਲੋਕਾਂ ਸਾਹਮਣੇ ਰੱਖਣ ਦੇ ਨਾਲ-ਨਾਲ ਨਵੇਂ ਐਲਾਨ ਕੀਤੇ ਜਾਣ ਦੀ ਵੀ ਸੰਭਾਵਨਾ ਹੈ। ਓਧਰ ਦੂਸਰੇ ਪਾਸੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਸੰਵਿਧਾਨ ਦਿਵਸ ਮੌਕੇ 26 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਇਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਹ ਰੈਲੀ ਛੇਹਰਟਾ ਵਿਖੇ ਇੰਡੀਆ ਗੇਟ ਨੇੜੇ ਰਾਜ ਰਿਜ਼ੋਰਟ ਵਿਖੇ ਦੁਪਹਿਰ 12 ਵਜੇ ਹੋਵੇਗੀ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਵਲੋਂ ਇਸ ਸੰਬੰਧੀ ਪਾਰਟੀ ਦੇ ਸੰਸਦ ਮੈਂਬਰਾਂ, ਵਿਧਾਇਕਾਂ, ਸਾਬਕਾ ਮੰਤਰੀਆਂ ਅਤੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ ਹੈ। ਕਾਂਗਰਸ ਵਲੋਂ ਇਸ ਰੈਲੀ ਰਾਹੀਂ ਸੰਵਿਧਾਨ ਦੀ ਰਾਖੀ, ਪੰਜਾਬ ਵਿਚ ਨਸ਼ਿਆਂ ਤੇ ਗੈਂਗਸਟਰਾਂ ਦੇ ਮੁੱਦੇ ਅਤੇ ਕਥਿਤ ਵੋਟ ਚੋਰੀ ਦੇ ਮਾਮਲੇ ਨੂੰ ਪ੍ਰਮੁੱਖਤਾ ਨਾਲ ਉਠਾਏ ਜਾਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਬਹੁਜਨ ਸਮਾਜ ਪਾਰਟੀ ਵਲੋਂ ਵੀ 26 ਨਵੰਬਰ ਨੂੰ ਸੰਵਿਧਾਨ ਦਿਵਸ ਨੂੰ ਸਮਰਪਿਤ ਫਿਲੌਰ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਪਾਰਟੀ ਵਲੋਂ ਇਸ ਨੂੰ ‘ਪੰਜਾਬ ਸੰਭਾਲੋ’ ਮੁਹਿੰਮ ਨਾਲ ਜੋੜਿਆ ਗਿਆ ਹੈ । ਰੈਲੀ ਨੂੰ ਬਸਪਾ ਦੇ ਕੌਮੀ ਕੋਆਰਡੀਨੇਟਰ ਆਕਾਸ਼ ਆਨੰਦ ਵਿਸ਼ੇਸ਼ ਤੌਰ ‘ਤੇ ਸੰਬੋਧਨ ਕਰਨਗੇ, ਜਦਕਿ ਪਾਰਟੀ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਸਮੇਤ ਹੋਰ ਸੀਨੀਅਰ ਆਗੂ ਵੀ ਸ਼ਾਮਲ ਹੋਣਗੇ । ਸਿਆਸੀ ਮਾਹਿਰਾਂ ਅਨੁਸਾਰ ਇੱਕੋ ਦਿਨ ਤਿੰਨ ਵੱਖ-ਵੱਖ ਥਾਵਾਂ ’ਤੇ ਹੋਣ ਵਾਲੇ ਇਨ੍ਹਾਂ ਇਕੱਠਾਂ ਦਾ ਆਪਣਾ-ਆਪਣਾ ਸਿਆਸੀ ਮਹੱਤਵ ਹੈ । ਆਮ ਆਦਮੀ ਪਾਰਟੀ ਜਿੱਥੇ ਆਪਣੀ ਸਰਕਾਰ ਦੇ ਕੰਮਾਂ ਅਤੇ ਅਗਲੇ ਕਾਰਜਕਾਲ ਦੇ ਏਜੰਡੇ ਨੂੰ ਲੋਕਾਂ ਸਾਹਮਣੇ ਰੱਖਣ ਦੀ ਤਿਆਰੀ ਵਿੱਚ ਹੈ, ਉੱਥੇ ਕਾਂਗਰਸ ਸਰਕਾਰ ਨੂੰ ਨਸ਼ਿਆਂ, ਸੰਵਿਧਾਨਕ ਮੁੱਦਿਆਂ ਅਤੇ ਚੋਣ ਪ੍ਰਕਿਰਿਆ ਨੂੰ ਲੈ ਕੇ ਘੇਰਨ ਦੀ ਕੋਸ਼ਿਸ਼ ਕਰੇਗੀ। ਦੂਜੇ ਪਾਸੇ ਬਸਪਾ ਸੰਵਿਧਾਨ ਦਿਵਸ ਦੇ ਮੌਕੇ ਬਹੁਜਨ ਸਮਾਜ ਦੀਆਂ ਮੰਗਾਂ ਅਤੇ ਪੰਜਾਬ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਆਪਣਾ ਸਿਆਸੀ ਆਧਾਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ। ਇਨ੍ਹਾਂ ਰੈਲੀਆਂ ਵਿੱਚ ਹੋਣ ਵਾਲੇ ਇਕੱਠਾਂ, ਪਾਰਟੀ ਆਗੂਆਂ ਦੇ ਭਾਸ਼ਣਾਂ ਅਤੇ ਉਨ੍ਹਾਂ ਵੱਲੋਂ ਉਠਾਏ ਜਾਣ ਵਾਲੇ ਮੁੱਦਿਆਂ ‘ਤੇ ਸਿਆਸੀ ਹਲਕਿਆਂ ਦੀਆਂ ਨਜ਼ਰਾਂ ਰਹਿਣਗੀਆਂ।