ਧਾਰਮਿਕ ਸੰਸਥਾਵਾਂ ਦੀਆਂ ਜਾਇਦਾਦਾਂ ਦੀ ਰਾਖੀ ਕਰਨਾ ਸਰਕਾਰ ਦੀ ਜ਼ਿੰਮੇਵਾਰੀ-ਹਾਈ ਕੋਰਟ
ਚੰਡੀਗੜ੍ਹ, 25 ਨਵੰਬਰ (ਪ੍ਰੋ: ਅਵਤਾਰ ਸਿੰਘ) - ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਅਹਿਮ ਫ਼ੈਸਲੇ ਵਿਚ ਸਪੱਸ਼ਟ ਕੀਤਾ ਹੈ ਕਿ ਧਾਰਮਿਕ ਸੰਸਥਾਵਾਂ ਦੀਆਂ ਜਾਇਦਾਦਾਂ ਦੀ ਰਾਖੀ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਬਿਹਤਰ ਵਰਤੋਂ ਜਾਂ ਜਨਤਕ ਹਿੱਤ ਦਾ ਹਵਾਲਾ ਦੇ ਕੇ ਸਰਕਾਰ ਇਨ੍ਹਾਂ ਜਾਇਦਾਦਾਂ ’ਤੇ ਕਬਜ਼ਾ ਨਹੀਂ ਕਰ ਸਕਦੀ। ਅਦਾਲਤ ਨੇ ਕਿਹਾ ਕਿ ਜੇਕਰ ਸਰਕਾਰ ਨੂੰ ਕਿਸੇ ਧਾਰਮਿਕ ਸੰਸਥਾ ਦੀ ਜ਼ਮੀਨ ਦੀ ਲੋੜ ਹੈ ਤਾਂ ਇਸ ਲਈ ਕਾਨੂੰਨੀ ਪ੍ਰਕਿਰਿਆ ਅਨੁਸਾਰ ਜ਼ਮੀਨ ਐਕਵਾਇਰ ਕਰਨੀ ਹੋਵੇਗੀ ਅਤੇ ਇਸ ਦਾ ਬਣਦਾ ਮੁਆਵਜ਼ਾ ਦੇਣਾ ਪਵੇਗਾ।
ਚੰਡੀਗੜ੍ਹ, 25 ਨਵੰਬਰ (ਪ੍ਰੋ: ਅਵਤਾਰ ਸਿੰਘ) - ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਅਹਿਮ ਫ਼ੈਸਲੇ ਵਿਚ ਸਪੱਸ਼ਟ ਕੀਤਾ ਹੈ ਕਿ ਧਾਰਮਿਕ ਸੰਸਥਾਵਾਂ ਦੀਆਂ ਜਾਇਦਾਦਾਂ ਦੀ ਰਾਖੀ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਬਿਹਤਰ ਵਰਤੋਂ ਜਾਂ ਜਨਤਕ ਹਿੱਤ ਦਾ ਹਵਾਲਾ ਦੇ ਕੇ ਸਰਕਾਰ ਇਨ੍ਹਾਂ ਜਾਇਦਾਦਾਂ ’ਤੇ ਕਬਜ਼ਾ ਨਹੀਂ ਕਰ ਸਕਦੀ। ਅਦਾਲਤ ਨੇ ਕਿਹਾ ਕਿ ਜੇਕਰ ਸਰਕਾਰ ਨੂੰ ਕਿਸੇ ਧਾਰਮਿਕ ਸੰਸਥਾ ਦੀ ਜ਼ਮੀਨ ਦੀ ਲੋੜ ਹੈ ਤਾਂ ਇਸ ਲਈ ਕਾਨੂੰਨੀ ਪ੍ਰਕਿਰਿਆ ਅਨੁਸਾਰ ਜ਼ਮੀਨ ਐਕਵਾਇਰ ਕਰਨੀ ਹੋਵੇਗੀ ਅਤੇ ਇਸ ਦਾ ਬਣਦਾ ਮੁਆਵਜ਼ਾ ਦੇਣਾ ਪਵੇਗਾ। ਮਾਮਲਾ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੀ ਸੁਨਾਮ ਤਹਿਸੀਲ ਵਿਚ ਸਥਿਤ ਡੇਰਾ ਸਾਧਨ ਬਾਬਾ ਬਿਹਾਰੀ ਗਿਰ ਦੀ ਲਗਭਗ 414 ਕਨਾਲ 7 ਮਰਲੇ ਖੇਤੀਬਾੜੀ ਜ਼ਮੀਨ ਨਾਲ ਸੰਬੰਧਿਤ ਹੈ। ਇਸ ਜ਼ਮੀਨ ਤੋਂ ਹੋਣ ਵਾਲੀ ਆਮਦਨ ਦੀ ਵਰਤੋਂ ਗ਼ਰੀਬਾਂ ਨੂੰ ਭੋਜਨ ਕਰਵਾਉਣ ਅਤੇ ਡੇਰੇ ਦੇ ਰੱਖ-ਰਖਾਅ ਲਈ ਕੀਤੀ ਜਾਂਦੀ ਸੀ। ਮਹੰਤ ਜਗਦੀਸ਼ ਗਿਰ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਚੇਲੇ ਭਰਪੂਰ ਗਿਰ ਨੇ ਡੇਰੇ ਦੀ ਜ਼ਿੰਮੇਵਾਰੀ ਸੰਭਾਲੀ ਸੀ। ਬਾਅਦ ਵਿਚ ਡੇਰੇ ਦੇ ਪ੍ਰਬੰਧ ਨੂੰ ਲੈ ਕੇ ਵਿਵਾਦ ਪੈਦਾ ਹੋ ਗਿਆ। ਸਾਲ 1975 ਵਿਚ ਪਿੰਡ ਦੇ ਨੰਬਰਦਾਰਾਂ ਅਤੇ ਸਰਪੰਚ ਦੀ ਇਕ ਕਮੇਟੀ ਬਣਾਈ ਗਈ ਸੀ, ਜਿਸ ਨੂੰ ਡੇਰੇ ਦਾ ਪ੍ਰਬੰਧ ਸੌਂਪਿਆ ਗਿਆ ਸੀ। ਇਸ ਤੋਂ ਬਾਅਦ ਸਾਲ 1994 ਵਿਚ ਗ੍ਰਾਮ ਸਭਾ ਨੇ ਸਰਪੰਚ ਦੀ ਪ੍ਰਧਾਨਗੀ ਹੇਠ ਮਤਾ ਪਾਸ ਕਰਕੇ ਡੇਰੇ ਦੀ ਜ਼ਮੀਨ ਪੰਜਾਬ ਸਰਕਾਰ ਦੇ ਨਾਂਅ ਕਰਨ ਦਾ ਫ਼ੈਸਲਾ ਕੀਤਾ। ਇਸ ਮਤੇ ਦੇ ਆਧਾਰ ‘ਤੇ ਮਾਲ ਅਧਿਕਾਰੀਆਂ ਨੇ ਜ਼ਮੀਨ ਦਾ ਇੰਤਕਾਲ ਵੀ ਸਰਕਾਰ ਦੇ ਨਾਂਅ ਦਰਜ ਕਰ ਦਿੱਤਾ। ਜਸਟਿਸ ਪੰਕਜ ਜੈਨ ਨੇ ਸੁਣਵਾਈ ਦੌਰਾਨ ਕਿਹਾ ਕਿ ਮਹੰਤ ਦੀ ਗ਼ੈਰ-ਮੌਜੂਦਗੀ ਵਿਚ ਬਣਾਈ ਗਈ ਪ੍ਰਬੰਧਕ ਕਮੇਟੀ ਨੂੰ ਸਿਰਫ਼ ਡੇਰੇ ਦੀ ਦੇਖਭਾਲ ਅਤੇ ਪ੍ਰਬੰਧ ਕਰਨ ਦਾ ਅਧਿਕਾਰ ਸੀ। ਕਮੇਟੀ ਕੋਲ ਡੇਰੇ ਦੀ ਜਾਇਦਾਦ ਦਾ ਮਾਲਕੀ ਹੱਕ ਸਰਕਾਰ ਨੂੰ ਤਬਦੀਲ ਕਰਨ ਦਾ ਕੋਈ ਅਧਿਕਾਰ ਨਹੀਂ ਸੀ। ਇਨ੍ਹਾਂ ਤੱਥਾਂ ਦੇ ਆਧਾਰ ’ਤੇ ਹਾਈਕੋਰਟ ਨੇ ਗ੍ਰਾਮ ਸਭਾ ਵਲੋਂ ਪਾਸ ਕੀਤੇ ਮਤੇ ਅਤੇ ਇਸ ਦੇ ਆਧਾਰ ‘ਤੇ ਸਰਕਾਰ ਦੇ ਨਾਂਅ ਦਰਜ ਕੀਤੇ ਗਏ ਇੰਤਕਾਲ ਨੂੰ ਰੱਦ ਕਰ ਦਿੱਤਾ। ਇਸ ਦੇ ਨਾਲ ਹੀ ਅਦਾਲਤ ਨੇ ਸ਼ਰਧਾਲੂਆਂ ਵਲੋਂ ਦਾਇਰ ਪਟੀਸ਼ਨ ਮਨਜ਼ੂਰ ਕਰ ਲਈ।