ਰੱਦ ਹੋ ਸਕਦੀ ਹੈ ਫਾਰਮਾਸਿਸਟ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ
ਚੰਡੀਗੜ੍ਹ, 25 ਨਵੰਬਰ (ਪ੍ਰੋ. ਅਵਤਾਰ ਸਿੰਘ) -ਪੰਜਾਬ ਵਿਚ ਫਾਰਮੈਸੀ ਇੰਸਪੈਕਟਰਾਂ ਦੀ ਭਰਤੀ ਪ੍ਰੀਖਿਆ ਵਿਚ ਪੇਪਰ ਲੀਕ ਅਤੇ ਨਕਲ ਦੇ ਗੰਭੀਰ ਦੋਸ਼ਾਂ ਨੇ ਪੂਰੀ ਚੋਣ ਪ੍ਰਕਿਰਿਆ ਨੂੰ ਹੀ ਸਵਾਲਾਂ ਦੇ ਘੇਰੇ ਵਿਚ ਖੜ੍ਹਾ ਕਰ ਦਿੱਤਾ ਹੈ।
ਚੰਡੀਗੜ੍ਹ, 25 ਨਵੰਬਰ (ਪ੍ਰੋ. ਅਵਤਾਰ ਸਿੰਘ) -ਪੰਜਾਬ ਵਿਚ ਫਾਰਮੈਸੀ ਇੰਸਪੈਕਟਰਾਂ ਦੀ ਭਰਤੀ ਪ੍ਰੀਖਿਆ ਵਿਚ ਪੇਪਰ ਲੀਕ ਅਤੇ ਨਕਲ ਦੇ ਗੰਭੀਰ ਦੋਸ਼ਾਂ ਨੇ ਪੂਰੀ ਚੋਣ ਪ੍ਰਕਿਰਿਆ ਨੂੰ ਹੀ ਸਵਾਲਾਂ ਦੇ ਘੇਰੇ ਵਿਚ ਖੜ੍ਹਾ ਕਰ ਦਿੱਤਾ ਹੈ। ਇਸ ਮਾਮਲੇ ਦੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਸਵਾਲ ਕੀਤਾ ਕਿ ਜਦੋਂ ਨਕਲ ਦੇ ਮਾਮਲੇ ਵਿਚ 34 ਮੁਲਜ਼ਮਾਂ ’ਚੋਂ 21 ਵਿਦਿਆਰਥੀ ਸ਼ਾਮਿਲ ਪਾਏ ਗਏ ਹਨ ਤਾਂ ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਹੋਰਨਾਂ ਉਮੀਦਵਾਰਾਂ ਨੇ ਵੀ ਗ਼ਲਤ ਤਰੀਕੇ ਨਾਲ ਪ੍ਰੀਖਿਆ ਦਾ ਲਾਭ ਉਠਾਇਆ ਹੋਵੇ। ਅਦਾਲਤ ਨੇ ਸਵਾਲ ਉਠਾਇਆ ਕਿ ਅਜਿਹੇ ਹਾਲਾਤ ਵਿਚ ਕਿਉਂ ਨਾ ਪੂਰੀ ਚੋਣ ਪ੍ਰਕਿਰਿਆ ਰੱਦ ਕਰਕੇ ਨਵੇਂ ਸਿਰੇ ਤੋਂ ਭਰਤੀ ਕਰਵਾਈ ਜਾਵੇ। ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਕਿ ਪੇਪਰ ਲੀਕ ਅਤੇ ਨਕਲ ਦੇ ਮਾਮਲੇ ਵਿਚ ਕੁੱਲ ਕਿੰਨੇ ਵਿਦਿਆਰਥੀ ਸ਼ਾਮਿਲ ਪਾਏ ਗਏ ਹਨ। ਸਰਕਾਰ ਵਲੋਂ ਦੱਸਿਆ ਗਿਆ ਕਿ ਇਸ ਮਾਮਲੇ ਵਿਚ ਕੁੱਲ 34 ਮੁਲਜ਼ਮ ਹਨ, ਜਿਨ੍ਹਾਂ ਵਿਚ 21 ਵਿਦਿਆਰਥੀ ਸ਼ਾਮਿਲ ਹਨ। ਸਰਕਾਰ ਨੇ ਪੱਖ ਰੱਖਣ ਲਈ ਮੰਗਿਆ ਤਿੰਨ ਦਿਨ ਦਾ ਸਮਾਂ ਅਦਾਲਤ ਨੇ ਕਿਹਾ ਕਿ ਮੌਜੂਦਾ ਹਾਲਾਤ ਨੂੰ ਦੇਖਦਿਆਂ ਪੰਜਾਬ ਸਰਕਾਰ ਨੂੰ ਖ਼ੁਦ ਹੀ ਚੋਣ ਪ੍ਰਕਿਰਿਆ ਰੱਦ ਕਰਕੇ ਨਵੇਂ ਸਿਰੇ ਤੋਂ ਭਰਤੀ ਕਰਵਾਉਣ ਬਾਰੇ ਵਿਚਾਰ ਕਰਨਾ ਚਾਹੀਦਾ ਹੈ। ਹਾਈਕੋਰਟ ਦੀਆਂ ਸਖ਼ਤ ਟਿੱਪਣੀਆਂ ਤੋਂ ਬਾਅਦ ਸਰਕਾਰ ਨੇ ਆਪਣਾ ਪੱਖ ਰੱਖਣ ਲਈ ਤਿੰਨ ਦਿਨ ਦਾ ਸਮਾਂ ਮੰਗਿਆ, ਜਿਸ ’ਤੇ ਅਦਾਲਤ ਨੇ ਸੁਣਵਾਈ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ। ਸੁਣਵਾਈ ਦੌਰਾਨ ਹਾਈਕੋਰਟ ਨੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਵੀ ਪੁੱਛਿਆ ਕਿ ਕੀ ਉਹ ਇਸ ਮਾਮਲੇ ਦੀ ਜਾਂਚ ਆਪਣੇ ਹੱਥਾਂ ਵਿਚ ਲੈਣ ਲਈ ਤਿਆਰ ਹੈ। ਇਸ ’ਤੇ ਸੀ.ਬੀ.ਆਈ. ਨੇ ਕਿਹਾ ਕਿ ਜੇਕਰ ਅਦਾਲਤ ਵਲੋਂ ਹੁਕਮ ਦਿੱਤੇ ਜਾਂਦੇ ਹਨ ਤਾਂ ਏਜੰਸੀ ਜਾਂਚ ਕਰਨ ਲਈ ਤਿਆਰ ਹੈ।