27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਮਰੀਕੀ ਦਬਾਅ ਹੇਠ ਦੇਸ਼ ਵਿਰੋਧੀ ਕਰ-ਮੁਕਤ ਸਮਝੌਤਾ ਕਿਸੇ ਵੀ ਕੀਮਤ ’ਤੇ ਪ੍ਰਵਾਨ ਨਹੀਂ-ਸੰਯੁਕਤ ਕਿਸਾਨ ਮੋਰਚਾ ਕਿਸਾਨ ਜਥੇਬੰਦੀਆਂ ਨੇ ਰੈਲੀ ਦੌਰਾਨ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਤਿੱਖਾ ਰੋਸ ਪ੍ਰਗਟਾਇਆ

ਪਟਿਆਲਾ, 26 ਨਵੰਬਰ (ਗੁਰਵਿੰਦਰ ਸਿੰਘ ਔਲਖ)-ਦਿੱਲੀ ਕਿਸਾਨ ਮੋਰਚੇ ਦੀ ਛੇਵੀਂ ਵਰ੍ਹੇਗੰਢ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਕੌਮੀ ਸੱਦੇ ਤਹਿਤ ਅੱਜ ਪੁੱਡਾ ਗਰਾਊਂਡ ਵਿਖੇ ਵਿਸ਼ਾਲ ਕਿਸਾਨ ਰੈਲੀ ਕੀਤੀ ਗਈ। ਇਸ ਵਿਚ ਮਾਲਵੇ ਦੇ ਸੱਤ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਮੁਹਾਲੀ, ਲੁਧਿਆਣਾ, ਰੋਪੜ, ਫ਼ਤਹਿਗੜ੍ਹ ਸਾਹਿਬ ਅਤੇ ਮਲੇਰਕੋਟਲਾ ਤੋਂ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 27-11-2026
ਪਟਿਆਲਾ, 26 ਨਵੰਬਰ (ਗੁਰਵਿੰਦਰ ਸਿੰਘ ਔਲਖ)-ਦਿੱਲੀ ਕਿਸਾਨ ਮੋਰਚੇ ਦੀ ਛੇਵੀਂ ਵਰ੍ਹੇਗੰਢ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਕੌਮੀ ਸੱਦੇ ਤਹਿਤ ਅੱਜ ਪੁੱਡਾ ਗਰਾਊਂਡ ਵਿਖੇ ਵਿਸ਼ਾਲ ਕਿਸਾਨ ਰੈਲੀ ਕੀਤੀ ਗਈ। ਇਸ ਵਿਚ ਮਾਲਵੇ ਦੇ ਸੱਤ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਮੁਹਾਲੀ, ਲੁਧਿਆਣਾ, ਰੋਪੜ, ਫ਼ਤਹਿਗੜ੍ਹ ਸਾਹਿਬ ਅਤੇ ਮਲੇਰਕੋਟਲਾ ਤੋਂ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਰੈਲੀ ’ਚ ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਿਤ 15 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸ਼ਿਰਕਤ ਕਰਦਿਆਂ ਕਿਸਾਨੀ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਸੰਘਰਸ਼ ਜਾਰੀ ਰੱਖਣ ਦਾ ਅਹਿਦ ਲਿਆ। ਜ਼ਿਕਰਯੋਗ ਹੈ ਕਿ ਇਸੇ ਸੱਦੇ ਤਹਿਤ ਪੰਜਾਬ ’ਚ ਪਟਿਆਲਾ ਤੋਂ ਇਲਾਵਾ ਬਠਿੰਡਾ, ਜਲੰਧਰ ਅਤੇ ਅੰਮ੍ਰਿਤਸਰ ਵਿਖੇ ਵੀ ਰੈਲੀਆਂ ਕੀਤੀਆਂ ਗਈਆਂ। ਰੈਲੀ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਅਤੇ ਖੇਤੀਬਾੜੀ ਨਾਲ ਜੁੜਿਆ ਸੰਕਟ ਦਿਨੋਂ-ਦਿਨ ਗੰਭੀਰ ਹੁੰਦਾ ਜਾ ਰਿਹਾ ਹੈ। ਸਿਆਸੀ ਪਾਰਟੀਆਂ ਨੂੰ ਚੋਣਾਂ ਦੌਰਾਨ ਇਨ੍ਹਾਂ ਅਹਿਮ ਮੁੱਦਿਆਂ ਬਾਰੇ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ। ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਅਤੇ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਦੋਵੇਂ ਸਰਕਾਰਾਂ ਕਿਸਾਨੀ ਮਸਲਿਆਂ ਪ੍ਰਤੀ ਗੰਭੀਰਤਾ ਨਹੀਂ ਦਿਖਾ ਰਹੀਆਂ। ਆਗੂਆਂ ਨੇ ਕਿਹਾ ਕਿ ਭਾਜਪਾ ਸਰਕਾਰ ਫ਼ਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ ’ਤੇ ਖ਼ਰੀਦ ਦੀ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਤੋਂ ਪਿੱਛੇ ਹਟ ਗਈ ਹੈ। ਦੂਜੇ ਪਾਸੇ ਪੰਜਾਬ ਸਰਕਾਰ ਵੀ ਪੰਜਾਬ ਦੇ ਪਾਣੀਆਂ ਨਾਲ ਸਬੰਧਿਤ ਕੇਂਦਰੀ ਧੱਕੇ ਨੂੰ ਦਰਸਾਉਂਦੀਆਂ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ 78, 79 ਅਤੇ 80 ਰੱਦ ਕਰਨ ਸਬੰਧੀ ਮਤਾ ਪਾਸ ਕਰਨ ਤੋਂ ਟਾਲਾ ਵੱਟ ਰਹੀ ਹੈ। ਬੁਲਾਰਿਆਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਅਮਰੀਕੀ ਦਬਾਅ ਹੇਠ ਕੀਤਾ ਜਾਣ ਵਾਲਾ ਕੋਈ ਵੀ ਦੇਸ਼ ਵਿਰੋਧੀ ਕਰ-ਮੁਕਤ ਸਮਝੌਤਾ ਕਿਸਾਨਾਂ ਅਤੇ ਦੇਸ਼ ਵਾਸੀਆਂ ਨੂੰ ਪ੍ਰਵਾਨ ਨਹੀਂ ਹੋਵੇਗਾ। ਗੰਨੇ ਦੇ ਭਾਅ ’ਚ ਪੰਜਾਬ ਸਰਕਾਰ ਵੱਲੋਂ ਕੀਤੇ 15 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ਨਿਗੂਣਾ ਕਰਾਰ ਦਿੰਦਿਆਂ ਆਗੂਆਂ ਨੇ ਕਿਹਾ ਕਿ ਖੇਤੀ ਲਾਗਤਾਂ ਵਿੱਚ ਲਗਾਤਾਰ ਵਾਧੇ ਅਤੇ ਖੰਡ ਦੀਆਂ ਅਸਮਾਨੀਂ ਚੜ੍ਹੀਆਂ ਕੀਮਤਾਂ ਦੇ ਬਾਵਜੂਦ ਗੰਨਾ ਕਾਸ਼ਤਕਾਰਾਂ ਨੂੰ ਬਣਦਾ ਮੁੱਲ ਨਹੀਂ ਦਿੱਤਾ ਜਾ ਰਿਹਾ। ਰੈਲੀ ਦੀ ਪ੍ਰਧਾਨਗੀ ਜਗਮੋਹਨ ਸਿੰਘ, ਜਰਨੈਲ ਸਿੰਘ ਜਹਾਂਗੀਰ, ਮਨਜੀਤ ਸਿੰਘ ਧਨੇਰ, ਪਰਮਿੰਦਰ ਸਿੰਘ ਪਾਲਮਾਜਰਾ, ਕੁਲਵੰਤ ਸਿੰਘ ਮੌਲਵੀਵਾਲਾ ਅਤੇ ਹਰਭਜਨ ਸਿੰਘ ਧੂਹੜ ਆਦਿ ਨੇ ਕੀਤੀ। ਰੈਲੀ ਨੂੰ ਬਲਵੀਰ ਸਿੰਘ ਰਾਜੇਵਾਲ, ਡਾ. ਦਰਸ਼ਨਪਾਲ, ਗੁਰਮੀਤ ਸਿੰਘ ਭੱਟੀਵਾਲ, ਦਲਵੀਰ ਸਿੰਘ ਸਿੱਧੂਪੁਰ, ਰਾਮਿੰਦਰ ਸਿੰਘ ਪਟਿਆਲਾ, ਬੂਟਾ ਸਿੰਘ ਸ਼ਾਦੀਪੁਰ, ਧਰਮਪਾਲ ਸ਼ੀਲ, ਮੋਹਨ ਸਿੰਘ ਧਮਾਣਾ, ਪ੍ਰੇਮ ਸਿੰਘ ਭੰਗੂ, ਅੰਗਰੇਜ਼ ਸਿੰਘ ਭਦੌੜ, ਗੁਰਮੀਤ ਸਿੰਘ ਦਿੱਤੂਪੁਰ, ਜਰਨੈਲ ਸਿੰਘ ਮਕਰੋੜ, ਜਸਵੀਰ ਸਿੰਘ ਝੱਜ, ਜਸਵੀਰ ਸਿੰਘ ਖੇੜੀ ਅਤੇ ਜਗਪਾਲ ਸਿੰਘ ਊਧਾ ਨੇ ਸੰਬੋਧਨ ਕੀਤਾ। ਰੈਲੀ ਦੇ ਸੰਚਾਲਨ ਦੀ ਜ਼ਿੰਮੇਵਾਰੀ ਦਰਸ਼ਨ ਬੇਲੂਮਾਜਰਾ, ਦਵਿੰਦਰ ਸਿੰਘ ਪੂਨੀਆ, ਦਲਜਿੰਦਰ ਸਿੰਘ ਆਲੋਵਾਲ, ਹਜੂਰਾ ਸਿੰਘ ਅਤੇ ਜ਼ੋਰਾਵਰ ਸਿੰਘ ਬਲਬੇੜਾ ਨੇ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਗਹਿਣੇ ਰੱਖੀ ਜ਼ਮੀਨ ’ਤੇ 60 ਸਾਲ ਕਬਜ਼ਾ ਰੱਖਣ ਨਾਲ ਕੋਈ ਮਾਲਕ ਨਹੀਂ ਬਣ ਜਾਂਦਾ-ਹਾਈ ਕੋਰਟ ਅਸਲ ਮਾਲਕ ਦਾ ਜ਼ਮੀਨ ਵਾਪਸ ਲੈਣ... ਅਗਲੀ ਖ਼ਬਰ 50 ਕਰੋੜ ਦੀ ਠੱਗੀ ਦਾ ਮੁਲਜ਼ਮ 9 ਸਾਲ ਬਾਅਦ ਗ੍ਰਿਫ਼ਤਾਰ ਭੇਸ ਬਦਲ ਕੇ ਵਿਆਹ ਸਮਾਗਮ ਦੌਰਾਨ ਕੀਰਤਨ ਕਰਨ ਪੁੱਜਾ
Ad Position 24