28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਗੱਠਜੋੜ ਤੋਂ ਬਾਅਦ ਸੁਖਬੀਰ ਦੀ ਰਿਹਾਇਸ਼ ’ਤੇ ਅਕਾਲੀ-ਭਾਜਪਾ ਦੇ ਸੀਨੀਅਰ ਆਗੂਆਂ ਦੀ ਪਹਿਲੀ ਸਾਂਝੀ ਮੀਟਿੰਗ

ਪ੍ਰੋ. ਅਵਤਾਰ ਸਿੰਘ ਚੰਡੀਗੜ੍ਹ, 28 ਨਵੰਬਰ-ਪੰਜਾਬ ਵਿਧਾਨ ਸਭਾ ਦੀਆਂ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਨੇ ਮੁੜ ਇਕੱਠੇ ਹੋਣ ਤੋਂ ਬਾਅਦ ਆਪਸੀ ਤਾਲਮੇਲ ਅਤੇ ਸਾਂਝੀਆਂ ਸਰਗਰਮੀਆਂ ਨੂੰ ਤੇਜ਼ ਕਰਨਾ ਸ਼ੁਰੂ ਕਰ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 29-11-2026

 8 ਦਸੰਬਰ ਨੂੰ ਮੋਦੀ ਦੀ ਰੈਲੀ ਤੋਂ ਸ਼ੁਰੂ ਹੋਵੇਗੀ ਸਰਗਰਮੀ

ਪ੍ਰੋ. ਅਵਤਾਰ ਸਿੰਘ
ਚੰਡੀਗੜ੍ਹ, 28 ਨਵੰਬਰ-ਪੰਜਾਬ ਵਿਧਾਨ ਸਭਾ ਦੀਆਂ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਨੇ ਮੁੜ ਇਕੱਠੇ ਹੋਣ ਤੋਂ ਬਾਅਦ ਆਪਸੀ ਤਾਲਮੇਲ ਅਤੇ ਸਾਂਝੀਆਂ ਸਰਗਰਮੀਆਂ ਨੂੰ ਤੇਜ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਅੱਜ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ’ਤੇ ਦੋਵਾਂ ਪਾਰਟੀਆਂ ਦੇ ਸੀਨੀਅਰ ਆਗੂਆਂ ਦੀ ਪਹਿਲੀ ਸਾਂਝੀ ਮੀਟਿੰਗ ਹੋਈ। ਮੀਟਿੰਗ ਵਿਚ ਭਾਜਪਾ ਵਲੋਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੋਂ ਇਲਾਵਾ ਸੁਨੀਲ ਜਾਖੜ, ਅਸ਼ਵਨੀ ਸ਼ਰਮਾ ਅਤੇ ਅਨਿਲ ਸਰੀਨ ਸ਼ਾਮਿਲ ਹੋਏ, ਜਦਕਿ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ, ਸਿਕੰਦਰ ਸਿੰਘ ਮਲੂਕਾ, ਡਾ. ਦਲਜੀਤ ਸਿੰਘ ਚੀਮਾ ਅਤੇ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਚੋਣ ਮੁਹਿੰਮ ਨੂੰ ਸਾਂਝੇ ਤੌਰ ’ਤੇ ਅੱਗੇ ਵਧਾਉਣ, ਅਗਲੇ ਦੋ ਮਹੀਨਿਆਂ ਦੇ ਪ੍ਰੋਗਰਾਮਾਂ ਅਤੇ 8 ਦਸੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਮੌਕੇ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਕਿਹਾ ਕਿ ਚੋਣਾਂ ਦੀ ਸਾਂਝੀ ਰਣਨੀਤੀ ਤਿਆਰ ਕਰਨ ਲਈ ਅਜਿਹੀਆਂ ਮੀਟਿੰਗਾਂ ਦਾ ਸਿਲਸਿਲਾ ਨਿਯਮਤ ਤੌਰ ’ਤੇ ਜਾਰੀ ਰਹੇਗਾ। ਮੀਟਿੰਗ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਵਲੋਂ ਭਾਜਪਾ ਦੇ ਸੂਬਾ ਪ੍ਰਧਾਨ ਅਤੇ ਸੀਨੀਅਰ ਆਗੂਆਂ ਨੂੰ ਆਪਣੇ ਘਰ ਦੁਪਹਿਰ ਦੇ ਖਾਣੇ ਲਈ ਸੱਦਾ ਦਿੱਤਾ ਗਿਆ ਸੀ। ਇਸ ਮੌਕੇ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਅਗਲੇ ਦੋ ਮਹੀਨਿਆਂ ਦੌਰਾਨ ਸਾਂਝੇ ਤੌਰ ’ਤੇ ਚੋਣ ਮੁਹਿੰਮ ਚਲਾਉਣ, ਭਵਿੱਖ ਦੇ ਪ੍ਰੋਗਰਾਮਾਂ ਅਤੇ ਚੋਣਾਂ ਲੜਨ ਦੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਦਾ ਗੱਠਜੋੜ ਪੰਜਾਬ ਦੇ ਭਲੇ ਅਤੇ ਖ਼ੁਸ਼ਹਾਲੀ ਦੇ ਉਦੇਸ਼ ਨਾਲ ਹੋਇਆ ਹੈ। ਦੋਵੇਂ ਪਾਰਟੀਆਂ ਮਿਲ ਕੇ ਪੰਜਾਬ ਦੇ ਭਵਿੱਖ ਨੂੰ ਬਿਹਤਰ ਬਣਾਉਣ ਅਤੇ ਸੂਬੇ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਲਿਆਉਣ ਲਈ ਕੰਮ ਕਰਨਗੀਆਂ। ਇਸ ਮੌਕੇ ਉਨ੍ਹਾਂ ਮਹਿਲਾ ਰਾਖਵਾਂਕਰਨ ਬਿੱਲ ਅਤੇ ਹੱਦਬੰਦੀ ਦੇ ਮੁੱਦੇ ’ਤੇ ਸ਼੍ਰੋਮਣੀ ਅਕਾਲੀ ਦਲ (ਬ) ਦਾ ਪੱਖ ਸਪੱਸ਼ਟ ਕਰਦਿਆਂ ਕਿਹਾ ਕਿ ਪਾਰਟੀ ਮਹਿਲਾ ਰਾਖਵਾਂਕਰਨ ਬਿੱਲ ਦੀ ਹਮਾਇਤ ਕਰਦੀ ਹੈ ਅਤੇ ਹੱਦਬੰਦੀ ਲਾਗੂ ਕਰਨ ਦੇ ਫ਼ਾਰਮੂਲੇ ਬਾਰੇ ਵੀ ਆਪਣਾ ਸਟੈਂਡ ਸਪੱਸ਼ਟ ਕਰ ਚੁੱਕੀ ਹੈ। ਦੂਜੇ ਪਾਸੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਅਕਾਲੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਦਾ ਇਹ ਗੱਠਜੋੜ ਪੰਜਾਬ ਦੇ ਭਲੇ ਅਤੇ ਖ਼ੁਸ਼ਹਾਲੀ ਲਈ ਹੋਇਆ ਹੈ। ਉਨ੍ਹਾਂ ਦੱਸਿਆ ਕਿ 8 ਦਸੰਬਰ ਨੂੰ ਹੋਣ ਵਾਲੀ ਰੈਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਿਰਕਤ ਕਰਨਗੇ। ਇਹ ਰੈਲੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਕਰਵਾਈ ਜਾ ਰਹੀ ਹੈ। ਮੀਟਿੰਗ ਵਿਚ ਸ਼ਾਮਿਲ ਹੋਣ ਤੋਂ ਪਹਿਲਾਂ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੀਟਾਂ ਦੀ ਵੰਡ ਨੂੰ ਲੈ ਕੇ ਕੋਈ ਅੜਿੱਕਾ ਨਹੀਂ ਹੈ ਅਤੇ ਦੋਵੇਂ ਪਾਰਟੀਆਂ ਮਿਲ ਕੇ ਅੱਗੇ ਵਧ ਰਹੀਆਂ ਹਨ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਜਲਦ ਹੀ ਆਪਣਾ ਚੋਣ ਮਨੋਰਥ ਪੱਤਰ ਪੇਸ਼ ਕਰੇਗੀ-ਡਾ. ਅਮਰ ਸਿੰਘ ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦਾ ਫ਼ਲਸਫ਼ਾ ਸਰਬੱਤ ਦੇ ਭਲੇ ਤੇ ਮਨੁੱਖਤਾ ਦੀ ਸੇਵਾ ਦਾ ਦਿੰਦਾ ਹੈ ਸੰਦੇਸ਼-ਜਥੇਦਾਰ ਗੜਗੱਜ
Ad Position 24