ਨਸ਼ਿਆਂ ਦੀ ਰੋਕਥਾਮ ਲਈ ਵੱਖ-ਵੱਖ ਵਿਭਾਗਾਂ ਦੀਆਂ ਗਤੀਵਿਧੀਆਂ ਦੀ ਕੀਤੀ ਸਮੀਖਿਆ
ਸ੍ਰੀ ਮੁਕਤਸਰ ਸਾਹਿਬ, 11 ਨਵੰਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ. ਡੀ.
ਸ੍ਰੀ ਮੁਕਤਸਰ ਸਾਹਿਬ, 11 ਨਵੰਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਡੀ.ਐਮ. ਮਲੋਟ ਪੰਕਜ ਕੁਮਾਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਨਸ਼ਾ ਵਿਰੋਧੀ ਗਤੀਵਿਧੀਆਂ ਸੰਬੰਧੀ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਪਿਛਲੇ ਹਫ਼ਤੇ ਵੱਖ-ਵੱਖ ਵਿਭਾਗਾਂ ਵਲੋਂ ਨਸ਼ਿਆਂ ਦੀ ਰੋਕਥਾਮ ਅਤੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤੇ ਗਏ ਕੰਮਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਮੀਟਿੰਗ ਦੌਰਾਨ ਐਸ.ਡੀ.ਐਮ. ਪੰਕਜ ਕੁਮਾਰ ਨੇ ਕਿਹਾ ਕਿ ਕਈ ਥਾਵਾਂ ’ਤੇ ਖ਼ਾਲੀ ਪਈਆਂ ਸਰਕਾਰੀ ਇਮਾਰਤਾਂ ਨਸ਼ਾ ਕਰਨ ਵਾਲੇ ਵਿਅਕਤੀਆਂ ਦੇ ਅੱਡੇ ਬਣ ਰਹੀਆਂ ਹਨ। ਉਨ੍ਹਾਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਜਿਹੀਆਂ ਥਾਵਾਂ ਦੀ ਸ਼ਨਾਖ਼ਤ ਕਰਕੇ ਨਿਯਮਾਂ ਅਨੁਸਾਰ ਲੋੜੀਂਦੀ ਕਾਰਵਾਈ ਕੀਤੀ ਜਾਵੇ ਅਤੇ ਇਨ੍ਹਾਂ ਥਾਵਾਂ ਦੀ ਸਫ਼ਾਈ ਕਰਵਾਉਣ ਦੇ ਨਾਲ-ਨਾਲ ਇਨ੍ਹਾਂ ਨੂੰ ਨਸ਼ਾ ਕਰਨ ਵਾਲਿਆਂ ਦੇ ਅੱਡਿਆਂ ਵਜੋਂ ਵਰਤੇ ਜਾਣ ਤੋਂ ਰੋਕਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ। ਇਸ ਮੁਹਿੰਮ ਵਿਚ ਪੁਲਿਸ ਵਿਭਾਗ ਦੇ ਨਾਲ-ਨਾਲ ਸਿੱਖਿਆ ਤੇ ਖੇਡ ਵਿਭਾਗ ਦੀ ਵੀ ਅਹਿਮ ਭੂਮਿਕਾ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਜਾਵੇ ਅਤੇ ਸਕੂਲਾਂ ਤੇ ਪਿੰਡ ਪੱਧਰ ’ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫ਼ੈਲਾਈ ਜਾਵੇ। ਇਸ ਮੌਕੇ ਐਸ.ਪੀ. ਮਹੇਸ਼ ਕੁਮਾਰ ਸੈਣੀ, ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ, ਐਸ.ਡੀ.ਐਮ. ਗਿੱਦੜਬਾਹਾ ਅਰਵਿੰਦਰਪਾਲ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।