ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ-ਡਾ. ਸੰਦੀਪ ਸਿੰਘ
ਮੋਗਾ, 18 ਨਵੰਬਰ (ਗੁਰਤੇਜ ਸਿੰਘ ਬੱਬੀ)-ਕਾਰਜਕਾਰੀ ਸਿਵਲ ਸਰਜਨ ਡਾ. ਉਪਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਡੇਂਗੂ ਦੀ ਰੋਕਥਾਮ ਅਤੇ ਲੋਕਾਂ ਨੂੰ ਇਸ ਤੋਂ ਬਚਾਅ ਸੰਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਿਹਤ ਵਿਭਾਗ ਵਲੋਂ ਡੇਂਗੂ ਜਾਗਰੂਕਤਾ ਰੈਲੀ ਕੱਢੀ ਗਈ।
ਮੋਗਾ, 18 ਨਵੰਬਰ (ਗੁਰਤੇਜ ਸਿੰਘ ਬੱਬੀ)-ਕਾਰਜਕਾਰੀ ਸਿਵਲ ਸਰਜਨ ਡਾ. ਉਪਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਡੇਂਗੂ ਦੀ ਰੋਕਥਾਮ ਅਤੇ ਲੋਕਾਂ ਨੂੰ ਇਸ ਤੋਂ ਬਚਾਅ ਸੰਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਿਹਤ ਵਿਭਾਗ ਵਲੋਂ ਡੇਂਗੂ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਡਾ. ਸੁਮੀ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ । ਰੈਲੀ ’ਚ ਨਰਸਿੰਗ ਵਿਦਿਆਰਥਣਾਂ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭਾਗ ਲਿਆ । ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੰਦੀਪ ਸਿੰਘ ਨੇ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਲੋਕਾਂ ’ਚ ਜਾਗਰੂਕਤਾ ਪੈਦਾ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਫੈਲਾਉਣ ਵਾਲਾ ਮੱਛਰ ਸਾਫ਼ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ, ਇਸ ਲਈ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਕੂਲਰਾਂ, ਗਮਲਿਆਂ, ਪਾਣੀ ਦੀਆਂ ਟੈਂਕੀਆਂ, ਟਾਇਰਾਂ ਅਤੇ ਹੋਰ ਪਾਣੀ ਇਕੱਠਾ ਕਰਨ ਵਾਲੀਆਂ ਥਾਵਾਂ ਦੀ ਨਿਯਮਿਤ ਸਫ਼ਾਈ ਕੀਤੀ ਜਾਵੇ। ਕਾਰਜਕਾਰੀ ਜ਼ਿਲ੍ਹਾ ਮੀਡੀਆ ਅਫ਼ਸਰ ਹਰਜਿੰਦਰ ਕੌਰ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਹਰ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਆਪਣੇ ਘਰ ਅਤੇ ਆਲੇ-ਦੁਆਲੇ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ਡੇਂਗੂ ਦੇ ਫੈਲਾਅ ਨੂੰ ਰੋਕਿਆ ਜਾ ਸਕਦਾ ਹੈ। ਰੈਲੀ ਦੌਰਾਨ ਵਿਦਿਆਰਥਣਾਂ ਵਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਅ, ਮੱਛਰਾਂ ਦੀ ਪੈਦਾਇਸ਼ ਰੋਕਣ ਅਤੇ ਸਾਫ਼-ਸਫ਼ਾਈ ਰੱਖਣ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਗੁਰਮੀਤ ਸਿੰਘ, ਚੀਫ਼ ਫਾਰਮੇਸੀ ਅਫ਼ਸਰ, ਅਮਨਜੋਤ ਕੌਰ, ਪਰਮਜੀਤ ਸਿੰਘ ਮਲੇਰੀਆ ਬਰਾਂਚ, ਸੁਖਬੀਰ ਸਿੰਘ ਅਤੇ ਬਲਜੀਤ ਸਿੰਘ, ਪੀ.ਐਨ.ਡੀ.ਟੀ. ਸ਼ਾਖਾ ਤੋਂ ਇਲਾਵਾ ਨਰਸਿੰਗ ਵਿਦਿਆਰਥਣਾਂ ਹਾਜ਼ਰ ਸਨ।