ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਦਾ ਡੀ.ਸੀ. ਦਫ਼ਤਰ ਅੱਗੇ ਪੱਕਾ ਮੋਰਚਾ ਦੂਜੇ ਦਿਨ ਵੀ ਜਾਰੀ
ਸੰਗਰੂਰ, 6 ਅਗਸਤ (ਦਮਨਜੀਤ ਸਿੰਘ) - ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਐਸੋਸੀਏਸ਼ਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਡੀ. ਸੀ.
ਸੰਗਰੂਰ, 6 ਅਗਸਤ (ਦਮਨਜੀਤ ਸਿੰਘ) - ਆਦਰਸ਼ ਸਕੂਲ ਟੀਚਿੰਗ ਐਂਡ ਨਾਨ-ਟੀਚਿੰਗ ਐਸੋਸੀਏਸ਼ਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਡੀ.ਸੀ. ਦਫ਼ਤਰ ਸੰਗਰੂਰ ਅੱਗੇ ਸ਼ੁਰੂ ਕੀਤਾ ਗਿਆ ਪੱਕਾ ਮੋਰਚਾ ਅੱਜ ਦੂਜੇ ਦਿਨ ਵੀ ਪੂਰੇ ਜੋਸ਼ ਨਾਲ ਜਾਰੀ ਰਿਹਾ। ਇਸ ਦੇ ਨਾਲ ਹੀ ਪੰਜਾਬ ਭਰ ਦੇ ਆਦਰਸ਼ ਸਕੂਲਾਂ ਵਿੱਚ ਕਰਮਚਾਰੀਆਂ ਦੀ ਅਣਮਿੱਥੇ ਸਮੇਂ ਦੀ ਕਲਮ ਛੋੜ ਹੜਤਾਲ ਵੀ ਲਗਾਤਾਰ ਜਾਰੀ ਹੈ। ਅੱਜ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਯੂਨੀਅਨ ਦੇ ਆਗੂਆਂ ਅਤੇ ਕਰਮਚਾਰੀਆਂ ਨੇ ਸੰਗਰੂਰ ਸ਼ਹਿਰ ਵਿੱਚ ਪੈਦਲ ਰੋਸ ਮਾਰਚ ਕੱਢਿਆ। ਰੋਸ ਮਾਰਚ ਦੌਰਾਨ ਕਰਮਚਾਰੀਆਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਦੋਸ਼ ਲਾਇਆ ਕਿ ਸਰਕਾਰ ਲੰਮੇ ਸਮੇਂ ਤੋਂ ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਨਾਲ ਝੂਠੇ ਵਾਅਦੇ ਅਤੇ ਲਾਰੇ ਲਗਾਉਂਦੀ ਆ ਰਹੀ ਹੈ, ਜਦਕਿ ਅਸਲ ਸਮੱਸਿਆਵਾਂ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਜਾ ਰਹੇ। ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਅਤੇ ਕਰਮਚਾਰੀ ਭਲਾਈ ਦੇ ਪ੍ਰਚਾਰ ਦੀ ਹਕੀਕਤ ਜ਼ਮੀਨੀ ਪੱਧਰ ’ਤੇ ਬਿਲਕੁਲ ਵੱਖਰੀ ਹੈ, ਜਿਸ ਕਾਰਨ ਕਰਮਚਾਰੀਆਂ ਵਿੱਚ ਭਾਰੀ ਰੋਸ ਹੈ। ਇਸ ਮੌਕੇ ਆਦਰਸ਼ ਸਕੂਲ ਬਾਲਦ ਖ਼ੁਰਦ ਦੇ ਕਨਵੀਨਰ ਸਲੀਮ ਮੁਹੰਮਦ, ਕੋ-ਕਨਵੀਨਰ ਅਮਰਜੋਤ ਜੋਸ਼ੀ ਅਤੇ ਆਦਰਸ਼ ਸਕੂਲ ਗੰਢੂਆਂ ਦੇ ਕਨਵੀਨਰ ਅਮਨਦੀਪ ਸ਼ਾਸਤਰੀ ਤੇ ਕੋ-ਕਨਵੀਨਰ ਗੁਰਜਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਦਰਸ਼ ਸਕੂਲਾਂ ਦੇ ਅਧਿਆਪਕ, ਨਾਨ-ਟੀਚਿੰਗ ਅਤੇ ਸਫ਼ਾਈ ਸੇਵਕ ਸਮੇਤ ਕਰਮਚਾਰੀ ਪਿਛਲੇ ਕਈ ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਜੇ ਤੱਕ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਤਨਖ਼ਾਹਾਂ ਵਿੱਚ ਵਾਜਬ ਵਾਧਾ, ਸੇਵਾ ਸੁਰੱਖਿਆ ਅਤੇ ਹੋਰ ਲੰਬਿਤ ਮੰਗਾਂ ਦਾ ਠੋਸ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ ਅਤੇ ਹੋਰ ਤੇਜ਼ ਕੀਤਾ ਜਾਵੇਗਾ। ਯੂਨੀਅਨ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਰਮਚਾਰੀਆਂ ਦੀਆਂ ਮੰਗਾਂ ਨੂੰ ਜਲਦ ਪ੍ਰਵਾਨ ਨਹੀਂ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸਾਰੇ ਮੰਤਰੀਆਂ ਦੇ ਪੁਤਲੇ ਫੂਕ ਕੇ ਸੰਘਰਸ਼ ਨੂੰ ਹੋਰ ਵਿਆਪਕ ਬਣਾਇਆ ਜਾਵੇਗਾ ,ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।