400 ਮੰਡੀਆਂ ’ਚ ਝੋਨੇ ਦੀ ਖ਼ਰੀਦ ਬੰਦ ਕਰਨ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ ਐੱਸ.ਡੀ.ਐੱਮ. ਦਫ਼ਤਰ ਅੱਗੇ ਧਰਨਾ
ਭਵਾਨੀਗੜ੍ਹ, 13 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਪੰਜਾਬ ਦੀਆਂ 400 ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਬੰਦ ਕਰਨ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਐੱਸ. ਡੀ.
ਭਵਾਨੀਗੜ੍ਹ, 13 ਨਵੰਬਰ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)-ਪੰਜਾਬ ਦੀਆਂ 400 ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਬੰਦ ਕਰਨ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਐੱਸ.ਡੀ.ਐੱਮ. ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਬੰਦ ਕੀਤੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਅਤੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਨੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਐੱਸ.ਡੀ.ਐੱਮ. ਡਾ. ਗੁਰਲੀਨ ਨੂੰ ਸੌਂਪਿਆ। ਕਿਸਾਨ ਆਗੂਆਂ ਨੇ ਸੰਯੁਕਤ ਕਿਸਾਨ ਮੋਰਚੇ ਦੀਆਂ ਮੰਗਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਦੀਆਂ 400 ਮੰਡੀਆਂ ਵਿੱਚ ਬੰਦ ਕੀਤੀ ਝੋਨੇ ਦੀ ਖ਼ਰੀਦ ਤੁਰੰਤ ਚਾਲੂ ਕੀਤੀ ਜਾਵੇ ਅਤੇ ਕਿਸਾਨਾਂ ਦਾ ਸਮੁੱਚਾ ਝੋਨਾ ਖਰੀਦਿਆ ਜਾਵੇ। ਉਨ੍ਹਾਂ ਮੰਗ ਕੀਤੀ ਕਿ ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਤੁਰੰਤ ਐਲਾਨਿਆ ਜਾਵੇ, ਗੰਨੇ ਦੀ ਅਦਾਇਗੀ ਇੱਕੋ ਕਾਊਂਟਰ ਰਾਹੀਂ ਕੀਤੀ ਜਾਵੇ ਅਤੇ ਗੰਨੇ ਦੀ ਫ਼ਸਲ ਦਾ ਪਿਛਲਾ ਸਾਰਾ ਬਕਾਇਆ ਕਿਸਾਨਾਂ ਨੂੰ ਤੁਰੰਤ ਦਿੱਤਾ ਜਾਵੇ। ਕਿਸਾਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਸੰਯੁਕਤ ਕਿਸਾਨ ਮੋਰਚੇ ਦੀਆਂ ਮੰਗਾਂ ਨੂੰ ਬਿਨਾਂ ਦੇਰੀ ਲਾਗੂ ਕੀਤਾ ਜਾਵੇ, ਨਹੀਂ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜਸਪਾਲ ਸਿੰਘ ਜ਼ਿਲ੍ਹਾ ਪ੍ਰੈੱਸ ਸਕੱਤਰ ਰਾਜੇਵਾਲ, ਕਸ਼ਮੀਰ ਸਿੰਘ ਘਰਾਚੋਂ, ਚਮਕੌਰ ਸਿੰਘ ਭੱਟੀਵਾਲ ਬੀਕੇਯੂ ਡਕੌਂਦਾ, ਬਲਜਿੰਦਰ ਸਿੰਘ ਸੰਘਰੇੜੀ, ਨਿੱਕਾ ਸਿੰਘ ਨਦਾਮਪੁਰ, ਸੁਖਬੀਰ ਸਿੰਘ, ਧਿਆਨ ਸਿੰਘ, ਸੁਰਜੀਤ ਸਿੰਘ ਅਤੇ ਸਪਿੰਦਰ ਸਿੰਘ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।