ਐੱਨ.ਐੱਚ.ਐੱਮ. ਮੁਲਾਜ਼ਮਾਂ ਨੇ 19 ਤੋਂ ਸਿਹਤ ਮੰਤਰੀ ਦੀ ਰਿਹਾਇਸ਼ ਅੱਗੇ ਪੱਕੇ ਮੋਰਚੇ ਦਾ ਕੀਤਾ ਐਲਾਨ, ਮੁਲਾਜ਼ਮਾਂ ਨੇ ਉਲੀਕੀ ਵਿਉਂਤਬੰਦੀ
ਸੰਗਰੂਰ, 17 ਨਵੰਬਰ (ਅਮਨਦੀਪ ਸਿੰਘ ਬਿੱਟਾ, ਧੀਰਜ ਪਸ਼ੌਰੀਆ)-ਨੈਸ਼ਨਲ ਹੈਲਥ ਮਿਸ਼ਨ (ਐਨ. ਐਚ.
ਐ
ਐੱਨ.ਐੱਚ.ਐੱਮ. ਮੁਲਾਜ਼ਮ ਯੂਨੀਅਨ ਦੀ ਇਕੱਤਰਤਾ ਨੂੰ ਸੰਬੋਧਨ ਕਰਦੀ ਇੱਕ ਆਗੂ ਅਤੇ ਹਾਜ਼ਰ ਮੁਲਾਜ਼ਮਾਂ ਦਾ ਦ੍ਰਿਸ਼। ਤਸਵੀਰ-ਮੁਕੇਸ਼ ਕੁਮਾਰ
18-11-2026
ਸੰਗਰੂਰ, 17 ਨਵੰਬਰ (ਅਮਨਦੀਪ ਸਿੰਘ ਬਿੱਟਾ, ਧੀਰਜ ਪਸ਼ੌਰੀਆ)-ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀ ਜਥੇਬੰਦੀ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਸ਼ੁਰੂ ਕੀਤੀ ਗਈ ਅਣਮਿਥੇ ਸਮੇਂ ਦੀ ਹੜਤਾਲ ਲਗਾਤਾਰ ਜਾਰੀ ਹੈ। ਸੂਬੇ ਭਰ ਵਿੱਚ ਹੜਤਾਲ ਕਾਰਨ ਸਿਹਤ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ। ਇਸੇ ਤਹਿਤ ਸੰਗਰੂਰ ਵਿਖੇ ਵੀ ਯੂਨੀਅਨ ਦੇ ਮੁਲਾਜ਼ਮਾਂ ਵੱਲੋਂ ਧਰਨਾ ਦੇ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ ਗਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਐਨ.ਐਚ.ਐਮ. ਮੁਲਾਜ਼ਮ ਪਿਛਲੇ ਕਈ ਸਾਲਾਂ ਤੋਂ ਸਿਹਤ ਵਿਭਾਗ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ ਅਤੇ ਸਿਹਤ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਇਸ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਸੇਵਾ ਸਬੰਧੀ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ। ਯੂਨੀਅਨ ਵੱਲੋਂ ਸਮੇਂ-ਸਮੇਂ ‘ਤੇ ਸਰਕਾਰ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਮੰਗਾਂ ਉਠਾਈਆਂ ਗਈਆਂ, ਪਰ ਹਰ ਵਾਰ ਭਰੋਸੇ ਮਿਲਣ ਦੇ ਬਾਵਜੂਦ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ। ਆਗੂਆਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਸਥਾਈ ਹੱਲ ਲਈ ਸਰਕਾਰ ਵੱਲੋਂ ਮੁਲਾਜ਼ਮ ਭਲਾਈ ਕਮੇਟੀ ਦੇ ਗਠਨ ਅਤੇ ਇਸ ਰਾਹੀਂ ਮੰਗਾਂ ‘ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਪਰ ਲੰਬਾ ਸਮਾਂ ਬੀਤਣ ਦੇ ਬਾਵਜੂਦ ਇਸ ਦਿਸ਼ਾ ਵਿੱਚ ਕੋਈ ਤਸੱਲੀਬਖ਼ਸ਼ ਪ੍ਰਗਤੀ ਨਾ ਹੋਣ ਕਾਰਨ ਮੁਲਾਜ਼ਮਾਂ ਨੂੰ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਪਿਆ। ਯੂਨੀਅਨ ਆਗੂਆਂ ਨੇ ਦੱਸਿਆ ਕਿ ਅੱਜ 17 ਨਵੰਬਰ ਨੂੰ ਸਰਕਾਰ ਨਾਲ ਹੋਣ ਵਾਲੀ ਮੁਲਾਜ਼ਮ ਭਲਾਈ ਕਮੇਟੀ ਦੀ ਅਹਿਮ ਮੀਟਿੰਗ ਤੋਂ ਸਮੂਹ ਐਨ.ਐਚ.ਐਮ. ਮੁਲਾਜ਼ਮਾਂ ਨੂੰ ਵੱਡੀਆਂ ਉਮੀਦਾਂ ਹਨ। ਯੂਨੀਅਨ ਚਾਹੁੰਦੀ ਹੈ ਕਿ ਇਸ ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰਕੇ ਉਨ੍ਹਾਂ ਦੇ ਹੱਲ ਲਈ ਠੋਸ ਅਤੇ ਸਮਾਂਬੱਧ ਫ਼ੈਸਲੇ ਲਏ ਜਾਣ। ਯੂਨੀਅਨ ਨੇ ਪੰਜਾਬ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅੱਜ ਦੀ ਮੀਟਿੰਗ ਵਿੱਚ ਮੰਗਾਂ ਦਾ ਕੋਈ ਸਾਰਥਕ ਹੱਲ ਨਹੀਂ ਨਿਕਲਦਾ ਤਾਂ 19 ਨਵੰਬਰ ਤੋਂ ਸਿਹਤ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਪੱਕਾ ਧਰਨਾ ਲਗਾ ਕੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਨਿਪਟਾਰਾ ਨਹੀਂ ਹੁੰਦਾ, ਸੰਘਰਸ਼ ਜਾਰੀ ਰਹੇਗਾ। ਸਿਹਤ ਸੇਵਾਵਾਂ ਵਿੱਚ ਪੈਦਾ ਹੋਈ ਮੌਜੂਦਾ ਸਥਿਤੀ ਲਈ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ। ਇਸ ਮੌਕੇ ਵੀਰਪਾਲ ਕੌਰ, ਜਗਤਾਰ ਸਿੰਘ, ਹਰਜਿੰਦਰ ਸਿੰਘ, ਰਾਮ ਸਿੰਘ ਭਵਾਨੀਗੜ੍ਹ, ਸੁਖਦੇਵ ਸਿੰਘ ਮੂਨਕ, ਹਰਪ੍ਰੀਤ ਸਿੰਘ ਅਤੇ ਨਰਿੰਦਰ ਸਿੰਘ ਸਮੇਤ ਹੋਰ ਐੱਨ.ਐੱਚ.ਐੱਮ. ਮੁਲਾਜ਼ਮ ਹਾਜ਼ਰ ਸਨ।