ਅਭਿਨਵ ਖੋਸਲਾ ਦੀ ਬਹਾਲੀ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਵਿਸ਼ਾਲ ਰੋਸ ਪ੍ਰਦਰਸ਼ਨ
ਫ਼ਿਰੋਜ਼ਪੁਰ, 8 ਅਕਤੂਬਰ (ਰਾਕੇਸ਼ ਚਾਵਲਾ, ਕੁਲਬੀਰ ਸਿੰਘ ਸੋਢੀ)-ਫੂਡ ਸੇਫ਼ਟੀ ਇੰਸਪੈਕਟਰ ਅਭਿਨਵ ਖੋਸਲਾ ਦੀ ਮੁਅੱਤਲੀ ਨੂੰ ਲੈ ਕੇ ਫ਼ਿਰੋਜ਼ਪੁਰ ਵਿਚ ਚੱਲ ਰਿਹਾ ਵਿਵਾਦ ਹੁਣ ਵੱਡੇ ਜਨਤਕ ਰੋਸ ਦਾ ਰੂਪ ਧਾਰਦਾ ਜਾ ਰਿਹਾ ਹੈ। ਅਭਿਨਵ ਖੋਸਲਾ ਦੀ ਬਹਾਲੀ, ਮਿਲਾਵਟਖੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਤੇ ਮਾਮਲੇ ਸਬੰਧੀ ਸਰਕਾਰ ਵਲੋਂ ਸਪਸ਼ਟ ਰੁਖ ਅਪਣਾਉਣ ਦੀ ਮੰਗ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਫ਼ਿਰੋਜ਼ਪੁਰ ਛਾਉਣੀ ਦੀ ਚੁੰਗੀ ਨੰਬਰ 8 ’ਤੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ।
ਫ
ਫੂਡ ਇੰਸਪੈਕਟਰ ਅਭਿਨਵ ਖੋਸਲਾ ਦੀ ਬਹਾਲੀ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਲਗਾਏ ਰੋਸ ਧਰਨੇ ਦੀ ਤਸਵੀਰ। ਤਸਵੀਰ : ਕੁਲਬੀਰ ਸਿੰਘ ਸੋਢੀ
09-10-2026
ਫ਼ਿਰੋਜ਼ਪੁਰ, 8 ਅਕਤੂਬਰ (ਰਾਕੇਸ਼ ਚਾਵਲਾ, ਕੁਲਬੀਰ ਸਿੰਘ ਸੋਢੀ)-ਫੂਡ ਸੇਫ਼ਟੀ ਇੰਸਪੈਕਟਰ ਅਭਿਨਵ ਖੋਸਲਾ ਦੀ ਮੁਅੱਤਲੀ ਨੂੰ ਲੈ ਕੇ ਫ਼ਿਰੋਜ਼ਪੁਰ ਵਿਚ ਚੱਲ ਰਿਹਾ ਵਿਵਾਦ ਹੁਣ ਵੱਡੇ ਜਨਤਕ ਰੋਸ ਦਾ ਰੂਪ ਧਾਰਦਾ ਜਾ ਰਿਹਾ ਹੈ। ਅਭਿਨਵ ਖੋਸਲਾ ਦੀ ਬਹਾਲੀ, ਮਿਲਾਵਟਖੋਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਤੇ ਮਾਮਲੇ ਸਬੰਧੀ ਸਰਕਾਰ ਵਲੋਂ ਸਪਸ਼ਟ ਰੁਖ ਅਪਣਾਉਣ ਦੀ ਮੰਗ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਵਲੋਂ ਫ਼ਿਰੋਜ਼ਪੁਰ ਛਾਉਣੀ ਦੀ ਚੁੰਗੀ ਨੰਬਰ 8 ’ਤੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵਲੋਂ ਸੜਕ ਜਾਮ ਕਰਕੇ ਆਪਣਾ ਰੋਸ ਜ਼ਾਹਿਰ ਕੀਤਾ ਗਿਆ, ਸਰਕਾਰ ਤੇ ਸਬੰਧਿਤ ਵਿਭਾਗ ਤੋਂ ਮਾਮਲੇ ਦਾ ਜਲਦ ਹੱਲ ਕਰਨ ਦੀ ਮੰਗ ਕੀਤੀ ਗਈ। ਪ੍ਰਦਰਸ਼ਨ ਦੌਰਾਨ ਇਕੱਠੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਮੈਂਬਰਾਂ ਨੇ ਕਿਹਾ ਕਿ ਫੂਡ ਸੇਫ਼ਟੀ ਨਾਲ ਜੁੜਿਆ ਮਾਮਲਾ ਕਿਸੇ ਇਕ ਵਿਅਕਤੀ ਜਾਂ ਇਕ ਵਿਭਾਗ ਤੱਕ ਸੀਮਤ ਨਹੀਂ ਹੈ, ਸਗੋਂ ਇਸ ਦਾ ਸਿੱਧਾ ਸਬੰਧ ਆਮ ਲੋਕਾਂ ਦੀ ਸਿਹਤ ਨਾਲ ਹੈ। ਉਨ੍ਹਾਂ ਕਿਹਾ ਕਿ ਖਾਣ-ਪੀਣ ਦੀਆਂ ਵਸਤਾਂ ਵਿਚ ਮਿਲਾਵਟਖੋਰੀ ਲੋਕਾਂ ਲਈ ਗੰਭੀਰ ਖ਼ਤਰਾ ਬਣ ਸਕਦੀ ਹੈ, ਇਸ ਲਈ ਮਿਲਾਵਟਖੋਰਾਂ ਵਿਰੁੱਧ ਨਿਰਪੱਖ ਅਤੇ ਪ੍ਰਭਾਵਸ਼ਾਲੀ ਕਾਰਵਾਈ ਹੋਣੀ ਚਾਹੀਦੀ ਹੈ। ਰੋਸ ਪ੍ਰਦਰਸ਼ਨ ਨੂੰ ਸਫਲ ਬਣਾਉਣ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ, ਅਧਿਆਪਕ ਜਥੇਬੰਦੀਆਂ, ਵਿਭਾਗੀ ਯੂਨੀਅਨਾਂ, ਵਪਾਰਕ ਵਰਗ ਨਾਲ ਸਬੰਧਿਤ ਨੁਮਾਇੰਦਿਆਂ, ਆਟੋ ਯੂਨੀਅਨ, ਪ੍ਰੈੱਸ ਨਾਲ ਜੁੜੇ ਵਿਅਕਤੀਆਂ ਤੇ ਹੋਰ ਸਮਾਜਿਕ ਜਥੇਬੰਦੀਆਂ ਦੇ ਆਗੂ ਅਤੇ ਮੈਂਬਰ ਮੌਜੂਦ ਰਹੇ। ਪ੍ਰਦਰਸ਼ਨਕਾਰੀਆਂ ਵਲੋਂ ਅਭਿਨਵ ਖੋਸਲਾ ਦੀ ਬਹਾਲੀ ਨੂੰ ਲੈ ਕੇ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਾ ਲਿਆ ਅਤੇ ਜਥੇਬੰਦੀਆਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਵੱਡੇ ਪੱਧਰ ’ਤੇ ਲਿਜਾਇਆ ਜਾਵੇਗਾ। ਲੋਕ ਲਹਿਰ ਦੀ ਅਗਵਾਈ ਕਰ ਰਹੇ ਗੁਰਨਾਮ ਸਿੰਘ, ਰੋਹਿਤ ਕੁਮਾਰ, ਨਰਿੰਦਰ ਸ਼ਰਮਾ, ਰਾਮ ਪ੍ਰਸ਼ਾਦ, ਕਿਸਾਨ ਆਗੂ ਅਵਤਾਰ ਮਹਿਮਾ, ਸਰਬਜੀਤ ਸਿੰਘ ਭਾਵੜਾ ਨੇ ਕਿਹਾ ਕਿ ਅਭਿਨਵ ਖੋਸਲਾ ਦੀ ਮੁਅੱਤਲੀ ਦੇ ਮਾਮਲੇ ਨੂੰ ਲੈ ਕੇ ਜਥੇਬੰਦੀਆਂ ਵਲੋਂ ਆਪਣੀ ਆਵਾਜ਼ ਹੋਰ ਬੁਲੰਦ ਕੀਤੀ ਜਾਵੇਗੀ। ਇਸ ਮੌਕੇ ਸਮਾਜਸੇਵੀ ਚੰਦਨ ਉਰਫ਼ ਚੰਦੁ, ਕਿਸਾਨ ਆਗੂ ਜੋਗਾ ਸਿੰਘ, ਗੁਰਮੀਤ ਸਿੰਘ ਪੋਜੋ ਕੇ, ਪੱਤਰਕਾਰ ਭਾਈਚਾਰਾ, ਸਿਹਤ ਵਿਭਾਗ ਦੇ ਕਰਮਚਾਰੀ, ਵਪਾਰੀ ਵਰਗ ਤੇ ਸਮਾਜਸੇਵੀ ਸੰਸਥਾਵਾਂ ਦੇ ਆਗੂ ਹਾਜ਼ਰ ਸਨ। ਸੜਕ ਜਾਮ ਹੋਣ ਕਾਰਨ ਆਵਾਜਾਈ ਵੀ ਪ੍ਰਭਾਵਿਤ ਚੁੰਗੀ ਨੰਬਰ 8 ’ਤੇ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਸੜਕ ਜਾਮ ਕੀਤੇ ਜਾਣ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ। ਇਸ ਦੌਰਾਨ ਲੋਕਾਂ ਨੂੰ ਵੱਡੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਕਿਸੇ ਆਮ ਵਿਅਕਤੀ ਨੂੰ ਪਰੇਸ਼ਾਨ ਕਰਨਾ ਨਹੀਂ, ਸਗੋਂ ਆਪਣੀਆਂ ਮੰਗਾਂ ਸਰਕਾਰ ਅਤੇ ਸਬੰਧਿਤ ਵਿਭਾਗ ਤੱਕ ਪਹੁੰਚਾਉਣਾ ਹੈ। ਅਭਿਨਵ ਖੋਸਲਾ ਵਲੋਂ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਉਧਰ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਫੂਡ ਸੇਫ਼ਟੀ ਇੰਸਪੈਕਟਰ ਅਭਿਨਵ ਖੋਸਲਾ ਵਲੋਂ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਜਾਰੀ ਕਰਕੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ। ਵੀਡੀਓ ਵਿਚ ਉਨ੍ਹਾਂ ਵਲੋਂ ਲੋਕਾਂ ਨੂੰ ਮਾਮਲੇ ਨੂੰ ਲੈ ਕੇ ਸ਼ਾਂਤੀ ਬਣਾਈ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਜਾਂ ਤਣਾਅ ਵਾਲੀ ਸਥਿਤੀ ਪੈਦਾ ਨਾ ਕਰਨ ਦੀ ਅਪੀਲ ਕੀਤੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਅਭਿਨਵ ਖੋਸਲਾ ਵਲੋਂ ਤਰਨਤਾਰਨ ਵਿਖੇ ਲਗਾਈ ਗਈ ਡਿਊਟੀ ਵੀ ਜੁਆਇਨ ਕਰ ਲਈ ਗਈ ਹੈ। ਇਸ ਦੇ ਬਾਵਜੂਦ ਫ਼ਿਰੋਜ਼ਪੁਰ ਵਿਚ ਉਨ੍ਹਾਂ ਦੀ ਮੁਅੱਤਲੀ ਤੇ ਬਹਾਲੀ ਨੂੰ ਲੈ ਕੇ ਚੱਲ ਰਿਹਾ ਵਿਵਾਦ ਸ਼ਾਂਤ ਹੋਣ ਦੀ ਬਜਾਏ ਲਗਾਤਾਰ ਵਧਦਾ ਨਜ਼ਰ ਆ ਰਿਹਾ ਹੈ।