ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਮਨਵਾਉਣ ਲਈ ਸੰਘਰਸ਼ ਜਾਰੀ ਰੱਖਣ ਦਾ ਐਲਾਨ
ਮੱਖੂ, 9 ਅਕਤੂਬਰ (ਵਰਿੰਦਰ ਮਨਚੰਦਾ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ. ਸ.
ਮੱਖੂ, 9 ਅਕਤੂਬਰ (ਵਰਿੰਦਰ ਮਨਚੰਦਾ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) 1406-22-ਬੀ ਚੰਡੀਗੜ੍ਹ, ਜ਼ਿਲ੍ਹਾ ਫ਼ਿਰੋਜ਼ਪੁਰ ਦੀ ਅਹਿਮ ਮੀਟਿੰਗ ਬਲਾਕ ਪ੍ਰਧਾਨ ਰਾਜ ਕੁਮਾਰ ਦੀ ਪ੍ਰਧਾਨਗੀ ਹੇਠ ਨਹਿਰ ਕਾਲੋਨੀ ਮੱਖੂ ਵਿਖੇ ਹੋਈ। ਮੀਟਿੰਗ ਦੌਰਾਨ 10 ਅਕਤੂਬਰ ਨੂੰ ਸਾਂਝੀ ਤਾਲਮੇਲ ਕਮੇਟੀ ਪੰਜਾਬ ਦੀ ਅਗਵਾਈ ਹੇਠ ਸੰਗਰੂਰ ਵਿਖੇ ਹੋਣ ਵਾਲੀ ਸੂਬਾਈ ਰੈਲੀ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੀ ਪ੍ਰਾਪਤੀ ਲਈ ਚੱਲ ਰਹੇ ਸੰਘਰਸ਼ ਦੀ ਸਮੀਖਿਆ ਵੀ ਕੀਤੀ ਗਈ। ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਪ.ਸ.ਸ.ਫ . ਦੇ ਸੂਬਾ ਜ਼ੋਨਲ ਪ੍ਰੈੱਸ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ ਫ਼ਿਰੋਜ਼ਪੁਰ ਨੇ ਮੁਲਾਜ਼ਮਾਂ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਵਿਚ ਵੱਧ ਤੋਂ ਵੱਧ ਗਿਣਤੀ ’ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਮੀਟਿੰਗ ਵਿਚ ਸ਼ਾਮਲ ਆਗੂਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਬੈਨਰਾਂ ਤੇ ਝੰਡਿਆਂ ਸਮੇਤ ਵੱਡੀ ਗਿਣਤੀ ਵਿਚ ਰੈਲੀ ’ਚ ਸ਼ਮੂਲੀਅਤ ਕਰਨਗੇ। ਇਸ ਮੌਕੇ ਪੀ.ਡਬਲਯੂ.ਡੀ. ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਅਤੇ ਜਨਰਲ ਸਕੱਤਰ ਸੁਰਿੰਦਰਪਾਲ ਹੈਪੀ ਨੇ ਕਿਹਾ ਕਿ ਪੰਜਾਬ ਸਰਕਾਰ ਵਲ਼ੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 18 ਸਤੰਬਰ ਨੂੰ 8 ਫ਼ੀਸਦੀ ਮਹਿੰਗਾਈ ਭੱਤੇ ਦਾ ਐਲਾਨ ਕਰਕੇ ਸਰਕਾਰ ਨੇ ਮੁਲਾਜ਼ਮ ਜਥੇਬੰਦੀਆਂ ਦੇ ਸੰਘਰਸ਼ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ ਜਦਕਿ ਮੁਲਾਜ਼ਮ ਤੇ ਪੈਨਸ਼ਨਰ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਸੰਘਰਸ਼ ਦੇ ਰਾਹ ’ਤੇ ਡਟੇ ਹੋਏ ਹਨ। ਵਿੱਤ ਸਕੱਤਰ ਸੁਲੱਖਣ ਸਿੰਘ ਖ਼ਾਲਸਾ ਨੇ ਕਿਹਾ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਮਨਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਬਲਾਕ ਸਕੱਤਰ ਰਮੇਸ਼ ਕੰਬੋਜ, ਵਿੱਤ ਸਕੱਤਰ ਸੁਲੱਖਣ ਸਿੰਘ, ਪੀ.ਡਬਲਯੂ.ਡੀ. ਦੇ ਬਲਾਕ ਪ੍ਰਧਾਨ ਜੋਗਿੰਦਰ ਸਿੰਘ ਕੜਾਹੇ ਵਾਲਾ, ਬਲਾਕ ਸਕੱਤਰ ਮੱਖਣ ਸਿੰਘ, ਪ੍ਰੈੱਸ ਸਕੱਤਰ ਪਿੱਪਲ ਸਿੰਘ, ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਦੀ ਸੂਬਾ ਸਕੱਤਰ ਮੈਡਮ ਸਵਿਤਾ, ਪ੍ਰਵੀਨ ਰਾਣੀ ਤੇ ਪਰਮਜੀਤ ਕੌਰ ਸਮੇਤ ਹੋਰ ਆਗੂ ਹਾਜ਼ਰ ਸਨ।