ਫ਼ਾਜ਼ਿਲਕਾ ’ਚ ਝੋਨੇ ਦੇ ਨੁਕਸਾਨ ਨੂੰ ਲੈ ਕੇ ਆੜ੍ਹਤੀ ਭੜਕੇ, ਨੈਸ਼ਨਲ ਹਾਈਵੇ ਕੀਤਾ ਬੰਦ
ਫ਼ਾਜ਼ਿਲਕਾ, 11 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੀ ਦਾਣਾ ਮੰਡੀ ਵਿਚ ਬੇਮੌਸਮੀ ਬਾਰਸ਼ ਕਾਰਨ ਝੋਨੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋਇਆ ਹੈ। ਮੰਡੀ ਵਿਚ ਪਏ ਝੋਨੇ ਦੇ ਨੁਕਸਾਨ ਨੂੰ ਲੈ ਕੇ ਕਿਸਾਨਾਂ ਦੇ ਨਾਲ-ਨਾਲ ਆੜ੍ਹਤੀਆਂ ਵਿਚ ਵੀ ਰੋਸ ਪਾਇਆ ਜਾ ਰਿਹਾ ਹੈ।
ਫ਼ਾਜ਼ਿਲਕਾ, 11 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੀ ਦਾਣਾ ਮੰਡੀ ਵਿਚ ਬੇਮੌਸਮੀ ਬਾਰਸ਼ ਕਾਰਨ ਝੋਨੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋਇਆ ਹੈ। ਮੰਡੀ ਵਿਚ ਪਏ ਝੋਨੇ ਦੇ ਨੁਕਸਾਨ ਨੂੰ ਲੈ ਕੇ ਕਿਸਾਨਾਂ ਦੇ ਨਾਲ-ਨਾਲ ਆੜ੍ਹਤੀਆਂ ਵਿਚ ਵੀ ਰੋਸ ਪਾਇਆ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਆੜ੍ਹਤੀਆ ਐਸੋਸੀਏਸ਼ਨ ਵਲੋਂ ਫਾਜ਼ਿਲਕਾ-ਫਿਰੋਜ਼ਪੁਰ ਨੈਸ਼ਨਲ ਹਾਈਵੇਅ ਜਾਮ ਕਰਕੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਗੋਲਡੀ ਸਚਦੇਵਾ ਨੇ ਪ੍ਰਸ਼ਾਸਨ ’ਤੇ ਝੋਨੇ ਦੀ ਖ਼ਰੀਦ, ਲਿਫ਼ਟਿੰਗ ਤੇ ਸਟੋਰੇਜ ਦੇ ਪੁਖ਼ਤਾ ਪ੍ਰਬੰਧ ਨਾ ਕਰਨ ਦੇ ਇਲਜ਼ਾਮ ਲਗਾਏ ਹਨ। ਗੋਲਡੀ ਸਚਦੇਵਾ ਨੇ ਕਿਹਾ ਕਿ ਝੋਨੇ ਦੀ ਸਮੇਂ ਸਿਰ ਲਿਫ਼ਟਿੰਗ ਨਾ ਹੋਣ ਅਤੇ ਸਟੋਰੇਜ ਦੇ ਢੁਕਵੇਂ ਪ੍ਰਬੰਧ ਨਾ ਹੋਣ ਕਾਰਨ ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਝੋਨੇ ਦੀ ਲਿਫ਼ਟਿੰਗ ਕਰਵਾਈ ਜਾਂਦੀ ਅਤੇ ਸਟੋਰੇਜ ਲਈ ਢੁਕਵੀਂ ਜਗਾ ਦਾ ਪ੍ਰਬੰਧ ਕੀਤਾ ਜਾਂਦਾ ਤਾਂ ਇਸ ਨੁਕਸਾਨ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਸੀ। ਦੂਜੇ ਪਾਸੇ ਆੜ੍ਹਤੀਆਂ ਲਈ ਵੀ ਮੰਡੀ ਵਿਚ ਪਏ ਝੋਨੇ ਦੀ ਸੰਭਾਲ ਕਰਨਾ ਮੁਸ਼ਕਲ ਹੋ ਰਿਹਾ ਹੈ। ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਨੇ ਮੰਗ ਕੀਤੀ ਕਿ ਝੋਨੇ ਦੀ ਸਟੋਰੇਜ ਲਈ ਨਿੱਜੀ ਫੜ੍ਹਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਜੋ ਮੰਡੀਆਂ ਵਿਚ ਪਏ ਝੋਨੇ ਨੂੰ ਸੁਰੱਖਿਅਤ ਥਾਵਾਂ ’ਤੇ ਰੱਖਿਆ ਜਾ ਸਕੇ ਤੇ ਕਿਸਾਨਾਂ ਨੂੰ ਹੋਰ ਨੁਕਸਾਨ ਤੋਂ ਬਚਾਇਆ ਜਾ ਸਕੇ। ਇਸ ਮੌਕੇ ਧਰਮਪਾਲ ਸਹਾਰਨ, ਸਚਿਨ ਸਚਦੇਵਾ, ਅਬੁ ਕਵਾਤੜਾ, ਖ਼ਰੈਤੀ ਲਾਲ ਆਦਿ ਵੱਡੀ ਗਿਣਤੀ ਵਿਚ ਆੜ੍ਹਤੀ ਹਾਜ਼ਰ ਸਨ।