ਐੱਸ.ਆਈ.ਆਰ.-2026 ਤਹਿਤ ਵੋਟਰ ਸੂਚੀਆਂ ਵਿਚ ਨਾਂਅ ਦਰਜ ਕਰਵਾਉਣ ਲਈ 25 ਨੂੰ ਸਾਰੇ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ - ਵਧੀਕ ਡਿਪਟੀ ਕਮਿਸ਼ਨਰ
ਫ਼ਿਰੋਜ਼ਪੁਰ, 20 ਅਕਤੂਬਰ (ਸੁਖਵਿੰਦਰ ਸਿੰਘ)-ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵਲੋਂ ਜਾਰੀ ਹਦਾਇਤਾਂ ਅਨੁਸਾਰ ਐੱਸ. ਆਈ.
ਵ
ਵਧੀਕ ਡਿਪਟੀ ਕਮਿਸ਼ਨਰ ਡਾ. ਅਮਨਦੀਪ ਕੌਰ
21-10-2026
ਫ਼ਿਰੋਜ਼ਪੁਰ, 20 ਅਕਤੂਬਰ (ਸੁਖਵਿੰਦਰ ਸਿੰਘ)-ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵਲੋਂ ਜਾਰੀ ਹਦਾਇਤਾਂ ਅਨੁਸਾਰ ਐੱਸ.ਆਈ.ਆਰ.-2026 ਤਹਿਤ ਯੋਗ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਫਿਰੋਜ਼ਪੁਰ ਵਿਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ, ਕਿ ਕੋਈ ਵੀ ਯੋਗ ਵਿਅਕਤੀ ਵੋਟਰ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਉਣ ਤੋਂ ਵਾਂਝਾ ਨਾ ਰਹੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ ਅਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰਾਂ ਵਿਚ ਹੈਲਪ ਡੈਸਕ ਸਥਾਪਿਤ ਕੀਤੇ ਜਾ ਰਹੇ ਹਨ। ਜਿੱਥੇ ਵੋਟਰ ਅੰਤਿਮ ਵੋਟਰ ਸੂਚੀ ਵਿੱਚ ਆਪਣੇ ਨਾਂਅ ਦੀ ਜਾਂਚ ਅਤੇ ਪੁਸ਼ਟੀ ਕਰ ਸਕਣਗੇ। ਇਸ ਤੋਂ ਇਲਾਵਾ, 25 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰ ਅੰਤਿਮ ਵੋਟਰ ਸੂਚੀ ਸਮੇਤ ਹਾਜ਼ਰ ਰਹਿਣਗੇ ਅਤੇ ਲੋਕਾਂ ਨੂੰ ਆਪਣੇ ਨਾਂਅ ਦੀ ਜਾਂਚ ਕਰਨ ਵਿਚ ਸਹਾਇਤਾ ਕਰਨਗੇ, ਨਾਲ ਹੀ ਵੋਟਰ ਸੂਚੀ ਵਿਚ ਨਾਂਅ ਦਰਜ ਕਰਵਾਉਣ ਤੋਂ ਰਹਿ ਗਏ ਯੋਗ ਵਿਅਕਤੀਆਂ ਅਤੇ ਪਹਿਲੀ ਵਾਰ ਵੋਟਰ ਬਣਨ ਵਾਲੇ ਨੌਜਵਾਨਾਂ ਨੂੰ ਨਾਂਅ ਦਰਜ ਕਰਵਾਉਣ ਲਈ ਲੋੜੀਂਦੀ ਸਹਾਇਤਾ ਦਿੱਤੀ ਜਾਵੇਗੀ। ਯੋਗਤਾ 1 ਜਨਵਰੀ 2027 ਦੇ ਆਧਾਰ ’ਤੇ , ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋੜੀਂਦੇ ਦਸਤਾਵੇਜ਼ਾਂ ਸਮੇਤ ਫਾਰਮ ਨੰਬਰ 6, 6ਏ ਅਤੇ 8 ਭਰਨ ਅਤੇ ਜਮ੍ਹਾਂ ਕਰਵਾਉਣ ਵਿਚ ਵੀ ਸਹਿਯੋਗ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਹਿੰਮ ਤਹਿਤ 31 ਅਕਤੂਬਰ ਤੱਕ ਰੋਜ਼ਾਨਾ ਰੈਣ ਬਸੇਰਿਆਂ, ਬਿਰਧ ਆਸ਼ਰਮਾਂ ਅਤੇ ਕੁਸ਼ਟ ਆਸ਼ਰਮਾਂ ਵਿਚ ਰਹਿ ਰਹੇ ਯੋਗ ਵਿਅਕਤੀਆਂ, ਬੇਘਰ ਅਤੇ ਹਾਸ਼ੀਏ ’ਤੇ ਰਹਿ ਰਹੇ ਲੋਕਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਦੇ ਨਾਲ ਹੀ ਸਕੂਲਾਂ ਅਤੇ ਕਾਲਜਾਂ ਵਿਚ ਨੌਜਵਾਨ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਨਾਂਅ ਅੰਤਿਮ ਵੋਟਰ ਸੂਚੀ ਵਿਚ ਜ਼ਰੂਰ ਚੈੱਕ ਕਰਨ ਅਤੇ ਜੇਕਰ ਨਾਂਅ ਦਰਜ ਨਹੀਂ ਹੈ ਤਾਂ ਨਿਰਧਾਰਤ ਪ੍ਰਕਿਰਿਆ ਅਨੁਸਾਰ ਰਜਿਸਟ੍ਰੇਸ਼ਨ ਕਰਵਾਉਣ ਲਈ ਵਿਸ਼ੇਸ਼ ਕੈਂਪਾਂ ਦਾ ਲਾਭ ਉਠਾਉਣ।