ਬੱਸਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ, ਸਵਾਰੀਆਂ ਦੀ ਖੱਜਲ-ਖੁਆਰੀ ਵਧੀ
ਫ਼ਿਰੋਜ਼ਪੁਰ, 22 ਅਕਤੂਬਰ (ਗੁਰਿੰਦਰ ਸਿੰਘ)- ਪੰਜਾਬ ਰੋਡਵੇਜ਼/ ਪਨਬੱਸ ਤੇ ਪੀ. ਆਰ.
ਫ਼ਿਰੋਜ਼ਪੁਰ, 22 ਅਕਤੂਬਰ (ਗੁਰਿੰਦਰ ਸਿੰਘ)- ਪੰਜਾਬ ਰੋਡਵੇਜ਼/ ਪਨਬੱਸ ਤੇ ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ ਰਹਿਣ ਕਾਰਨ ਬੱਸ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ ਜਿਸ ਕਾਰਨ ਸਵਾਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਫ਼ਿਰੋਜ਼ਪੁਰ ਡੀਪੂ ਵਿਖੇ ਵੀ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ ਕਰਕੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਆਵਾਜ਼ ਬੁਲੰਦ ਕੀਤੀ ਗਈ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਡੀਪੂ ਪ੍ਰਧਾਨ ਜਤਿੰਦਰ ਸਿੰਘ ਤੇ ਸਕੱਤਰ ਮੁੱਖਪਾਲ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਵਾਰ-ਵਾਰ ਮੀਟਿੰਗਾਂ ਵਿਚ ਭਰੋਸੇ ਦੇਣ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਹੋ ਰਿਹਾ। ਘੱਟ ਤਨਖ਼ਾਹਾਂ ਤੇ ਸਮੇਂ ਸਿਰ ਤਨਖ਼ਾਹ ਨਾ ਮਿਲਣ ਕਾਰਨ ਮੁਲਾਜ਼ਮਾਂ ਨੂੰ ਪਰਿਵਾਰ ਪਾਲਣ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੋਂ ਟਾਲ਼ਾ ਵੱਟ ਰਹੀ ਹੈ। ਮੀਤ ਪ੍ਰਧਾਨ ਗੌਰਵ ਤੇ ਹਰਜੀਤ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਨਵੀਆਂ ਸਰਕਾਰੀ ਬੱਸਾਂ ਪਾਉਣ ਦੀ ਬਜਾਏ ਕਿਲੋਮੀਟਰ ਸਕੀਮ ਤਹਿਤ ਬੱਸਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਲੋਮੀਟਰ ਸਕੀਮ ਦਾ ਵਿਰੋਧ ਕਰਨ ਵਾਲੇ ਮੁਲਾਜ਼ਮਾਂ ਖ਼ਿਲਾਫ਼ ਦਰਜ ਪਰਚੇ ਰੱਦ ਕਰਨ ਦੀ ਮੰਗ ਵੀ ਕੀਤੀ। ਆਗੂਆਂ ਨੇ ਮੰਗ ਕੀਤੀ ਕਿ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ, ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਤੇ ਬਰਾਬਰ ਕੰਮ ਬਦਲੇ ਬਰਾਬਰ ਤਨਖ਼ਾਹ ਦਿੱਤੀ ਜਾਵੇ। ਬੁੱਧਵਾਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਤੇ ਯੂਨੀਅਨ ਦੇ ਨੁਮਾਇੰਦਿਆਂ ਵਿਚਾਲੇ ਕਰੀਬ ਡੇਢ ਘੰਟਾ ਮੀਟਿੰਗ ਹੋਈ। ਮੁਲਾਜ਼ਮਾਂ ਨੂੰ ਇਸ ਮੀਟਿੰਗ ਤੋਂ ਮੰਗਾਂ ਦੇ ਹੱਲ ਦੀ ਉਮੀਦ ਸੀ ਪਰ ਗੱਲਬਾਤ ਬੇਸਿੱਟਾ ਰਹਿਣ ਕਾਰਨ ਹੜਤਾਲ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ। ਉਧਰ ਹੜਤਾਲ ਕਾਰਨ ਆਮ ਲੋਕਾਂ ਦੀਆਂ ਮੁਸ਼ਕਲਾਂ ਵਧਣ ਦਾ ਖ਼ਦਸ਼ਾ ਹੈ। ਪੰਜਾਬ ਰੋਡਵੇਜ਼/ਪਨਬਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਾਂ ਦੀਆਂ ਹੱਕੀ ਮੰਗਾਂ ਨੂੰ ਸਰਕਾਰ ਵਲੋਂ ਅਣਗੌਲਿਆ ਕਰਨ ’ਤੇ ਰੋਸ ਪ੍ਰਗਟ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਰੋਡਵੇਜ਼ ਦੀਆਂ ਸਮੂਹ ਵਰਕਸ਼ਾਪਾਂ ਦੇ ਗੇਟਾਂ ’ਤੇ ਧਰਨਾ ਜਾਰੀ ਰਹੇਗਾ ਤੇ 23 ਅਕਤੂਬਰ ਨੂੰ ਮੁਲਾਜ਼ਮ ਆਪਣੀਆਂ ਮੰਗਾਂ ਦੇ ਹੱਕ ਵਿਚ ਪੰਜਾਬ ਵਿਧਾਨ ਸਭਾ ਵੱਲ ਕੂਚ ਕਰਨਗੇ। ਯੂਨੀਅਨ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਮੰਗਾਂ ਦਾ ਹੱਲ ਨਹੀਂ ਹੁੰਦਾ, ਸੰਘਰਸ਼ ਜਾਰੀ ਰਹੇਗਾ।