ਕਿਸਾਨੀ ਸਮੱਸਿਆਵਾਂ ਲੈ ਕੇ ਮੁੱਖ ਮੰਤਰੀ ਨੂੰ ਮਿਲਣ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਅਬੋਹਰ, 1 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅੱਜ ਅਬੋਹਰ ਆਮਦ ਮੌਕੇ ਅਨਾਜ ਮੰਡੀ ਵਿਚ ਝੋਨੇ ਦੀ ਖ਼ਰੀਦ, ਲਿਫ਼ਟਿੰਗ ਅਤੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਹੋਰ ਸਮੱਸਿਆਵਾਂ ਤੋਂ ਜਾਣੂ ਕਰਵਾਉਣ ਲਈ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਰਸਤੇ ਵਿਚ ਹੀ ਰੋਕ ਕੇ ਗ੍ਰਿਫ਼ਤਾਰ ਕਰ ਲਿਆ ਗਿਆ। ਕਿਸਾਨਾਂ ਨੇ ਆਲਮਗੜ੍ਹ ਪਿੰਡ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਸੀ, ਪਰ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਅਤੇ ਬੱਸ ਰਾਹੀਂ ਥਾਣਾ ਸਿਟੀ 1 ਵਿਖੇ ਲਿਜਾਇਆ ਗਿਆ।
ਮ
ਮੁੱਖ ਮੰਤਰੀ ਦੀ ਆਮਦ ਮੌਕੇ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਬੱਸ ਰਾਹੀਂ ਗ੍ਰਿਫ਼ਤਾਰ ਕਰਕੇ ਲਿਜਾਂਦੀ ਪੁਲਿਸ ਪਾਰਟੀ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ
02-11-2026
ਅਬੋਹਰ, 1 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅੱਜ ਅਬੋਹਰ ਆਮਦ ਮੌਕੇ ਅਨਾਜ ਮੰਡੀ ਵਿਚ ਝੋਨੇ ਦੀ ਖ਼ਰੀਦ, ਲਿਫ਼ਟਿੰਗ ਅਤੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਹੋਰ ਸਮੱਸਿਆਵਾਂ ਤੋਂ ਜਾਣੂ ਕਰਵਾਉਣ ਲਈ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵਲੋਂ ਰਸਤੇ ਵਿਚ ਹੀ ਰੋਕ ਕੇ ਗ੍ਰਿਫ਼ਤਾਰ ਕਰ ਲਿਆ ਗਿਆ। ਕਿਸਾਨਾਂ ਨੇ ਆਲਮਗੜ੍ਹ ਪਿੰਡ ਤੋਂ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਸੀ, ਪਰ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਅਤੇ ਬੱਸ ਰਾਹੀਂ ਥਾਣਾ ਸਿਟੀ 1 ਵਿਖੇ ਲਿਜਾਇਆ ਗਿਆ। ਮੁੱਖ ਮੰਤਰੀ ਦੇ ਸਮਾਗਮ ਦੀ ਸਮਾਪਤੀ ਤੋਂ ਬਾਅਦ ਕਿਸਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਬਖ਼ਸ਼ੀਸ਼ ਸਿੰਘ ਸੋਨਾ ਸੰਧੂ ਨੇ ਦੱਸਿਆ ਕਿ ਅਬੋਹਰ ਦੀ ਅਨਾਜ ਮੰਡੀ ਵਿਚ ਕਿਸਾਨ ਪਿਛਲੇ ਕਈ ਦਿਨਾਂ ਤੋਂ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਦੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ। ਇਸ ਤੋਂ ਇਲਾਵਾ ਸਰਕਾਰੀ ਏਜੰਸੀਆਂ ਵਲੋਂ ਬਾਰਦਾਨਾ ਵੀ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਕਈ ਕਿਸਾਨ 10 ਤੋਂ 15 ਦਿਨਾਂ ਤੋਂ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿਚ ਬੈਠੇ ਹਨ, ਪਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋ ਰਿਹਾ। ਮੰਡੀਆਂ ਵਿਚ ਫ਼ਸਲ ਦੀ ਖ਼ਰੀਦ ਅਤੇ ਚੁਕਾਈ ਵਿਚ ਹੋ ਰਹੀ ਦੇਰੀ ਕਾਰਨ ਕਿਸਾਨਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਬੋਹਰ ਆਮਦ ਨੂੰ ਦੇਖਦਿਆਂ ਕਿਸਾਨਾਂ ਨੇ ਫ਼ੈਸਲਾ ਕੀਤਾ ਸੀ ਕਿ ਉਹ ਉਨ੍ਹਾਂ ਨਾਲ ਮੁਲਾਕਾਤ ਕਰਕੇ ਮੰਡੀਆਂ ਵਿਚ ਪੇਸ਼ ਆ ਰਹੀਆਂ ਸਮੱਸਿਆਵਾਂ ਸਮੇਤ ਹੋਰ ਕਿਸਾਨੀ ਮਸਲਿਆਂ ਬਾਰੇ ਜਾਣੂ ਕਰਵਾਉਣਗੇ ਅਤੇ ਇਨ੍ਹਾਂ ਦੇ ਜਲਦ ਹੱਲ ਦੀ ਮੰਗ ਕਰਨਗੇ। ਪਰ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਮੁੱਖ ਮੰਤਰੀ ਨਾਲ ਮੁਲਾਕਾਤ ਦਾ ਸਮਾਂ ਨਹੀਂ ਦਿੱਤਾ ਗਿਆ, ਜਿਸ ਕਾਰਨ ਉਨ੍ਹਾਂ ਨੂੰ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪਿਆ। ਕਿਸਾਨ ਆਗੂ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਮੁੱਖ ਮੰਤਰੀ ਹੁਣ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਗਏ ਹਨ ਅਤੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣਨ ਲਈ ਵੀ ਸਮਾਂ ਨਹੀਂ ਕੱਢਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣੇ ਅਤੇ ਉਨ੍ਹਾਂ ਦਾ ਹੱਲ ਕਰੇ ਤਾਂ ਕਿਸਾਨਾਂ ਨੂੰ ਸੜਕਾਂ ’ਤੇ ਉਤਰ ਕੇ ਰੋਸ ਪ੍ਰਦਰਸ਼ਨ ਕਰਨ ਦੀ ਲੋੜ ਹੀ ਨਾ ਪਵੇ। ਇਸ ਮੌਕੇ ਕਿਸਾਨ ਆਗੂ ਗੁਣਵੰਤ ਸਿੰਘ ਪੰਜਾਵਾ, ਨਿਰਮਲ ਸਿੰਘ ਬਹਾਵਵਾਲਾ, ਸੁਖਰਾਜ ਸਿੰਘ, ਮਨਜੀਤ ਸਿੰਘ ਆਦਿ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਮੈਂਬਰ ਹਾਜ਼ਰ ਸਨ।