ਭਰਤੀ ਪ੍ਰਕਿਰਿਆ ਵਿਚ ਹੋ ਰਹੀ ਦੇਰੀ ਕਾਰਨ ਉਮੀਦਵਾਰਾਂ ਵਿਚ ਨਿਰਾਸ਼ਾ ਅਤੇ ਚਿੰਤਾ; ਜਲਦ ਨਿਯੁਕਤੀ ਪੱਤਰ ਜਾਰੀ ਕਰਨ ਦੀ ਕੀਤੀ ਮੰਗ
ਗੁਰੂਹਰਸਹਾਏ, 7 ਨਵੰਬਰ (ਕਪਿਲ ਕੰਧਾਰੀ)-ਪੰਜਾਬ ਸਰਕਾਰ ਵਲੋਂ ਵੈਟਰਨਰੀ ਇੰਸਪੈਕਟਰਾਂ ਦੀਆਂ ਅਸਾਮੀਆਂ ਭਰਨ ਲਈ ਸ਼ੁਰੂ ਕੀਤੀ ਗਈ ਭਰਤੀ ਪ੍ਰਕਿਰਿਆ ਦੇ ਸਾਰੇ ਅਹਿਮ ਪੜਾਅ ਮੁਕੰਮਲ ਹੋਣ ਦੇ ਬਾਵਜੂਦ ਉਮੀਦਵਾਰਾਂ ਨੂੰ ਅਜੇ ਤੱਕ ਫਾਈਨਲ ਮੈਰਿਟ ਲਿਸਟ ਅਤੇ ਨਿਯੁਕਤੀ ਪੱਤਰਾਂ ਦੀ ਉਡੀਕ ਕਰਨੀ ਪੈ ਰਹੀ ਹੈ। ਇਸ ਕਾਰਨ ਭਰਤੀ ਪ੍ਰਕਿਰਿਆ ਵਿਚ ਹੋ ਰਹੀ ਦੇਰੀ ਨੂੰ ਲੈ ਕੇ ਉਮੀਦਵਾਰਾਂ ਵਿਚ ਭਾਰੀ ਨਿਰਾਸ਼ਾ ਅਤੇ ਚਿੰਤਾ ਪਾਈ ਜਾ ਰਹੀ ਹੈ।
ਮ
ਮੰਤਰੀ ਖੁੱਡੀਆਂ ਨੂੰ ਮੰਗ ਪੱਤਰ ਦਿੰਦੇ ਹੋਏ ਯੂਨੀਅਨ ਦੇ ਆਗੂ। ਅਜੀਤ ਤਸਵੀਰ
08-11-2026
ਗੁਰੂਹਰਸਹਾਏ, 7 ਨਵੰਬਰ (ਕਪਿਲ ਕੰਧਾਰੀ)-ਪੰਜਾਬ ਸਰਕਾਰ ਵਲੋਂ ਵੈਟਰਨਰੀ ਇੰਸਪੈਕਟਰਾਂ ਦੀਆਂ ਅਸਾਮੀਆਂ ਭਰਨ ਲਈ ਸ਼ੁਰੂ ਕੀਤੀ ਗਈ ਭਰਤੀ ਪ੍ਰਕਿਰਿਆ ਦੇ ਸਾਰੇ ਅਹਿਮ ਪੜਾਅ ਮੁਕੰਮਲ ਹੋਣ ਦੇ ਬਾਵਜੂਦ ਉਮੀਦਵਾਰਾਂ ਨੂੰ ਅਜੇ ਤੱਕ ਫਾਈਨਲ ਮੈਰਿਟ ਲਿਸਟ ਅਤੇ ਨਿਯੁਕਤੀ ਪੱਤਰਾਂ ਦੀ ਉਡੀਕ ਕਰਨੀ ਪੈ ਰਹੀ ਹੈ। ਇਸ ਕਾਰਨ ਭਰਤੀ ਪ੍ਰਕਿਰਿਆ ਵਿਚ ਹੋ ਰਹੀ ਦੇਰੀ ਨੂੰ ਲੈ ਕੇ ਉਮੀਦਵਾਰਾਂ ਵਿਚ ਭਾਰੀ ਨਿਰਾਸ਼ਾ ਅਤੇ ਚਿੰਤਾ ਪਾਈ ਜਾ ਰਹੀ ਹੈ। ਜਾਣਕਾਰੀ ਅਨੁਸਾਰ ਇਸ ਭਰਤੀ ਤਹਿਤ ਉਮੀਦਵਾਰਾਂ ਵਲੋਂ 19 ਜੁਲਾਈ 2026 ਨੂੰ ਲਿਖਤੀ ਪ੍ਰੀਖਿਆ ਦਿੱਤੀ ਗਈ ਸੀ। ਇਸ ਉਪਰੰਤ ਵਿਭਾਗ ਵਲੋਂ ਪ੍ਰੀਖਿਆ ਦਾ ਨਤੀਜਾ ਵੀ ਐਲਾਨ ਦਿੱਤਾ ਗਿਆ ਅਤੇ ਉਮੀਦਵਾਰਾਂ ਦੀ ਕਾਊਂਸਲਿੰਗ ਦੇ ਨਾਲ-ਨਾਲ 26 ਅਗਸਤ 2026 ਨੂੰ ਦਸਤਾਵੇਜ਼ਾਂ ਦੀ ਪੜਤਾਲ ਦੀ ਪ੍ਰਕਿਰਿਆ ਵੀ ਮੁਕੰਮਲ ਕਰ ਲਈ ਗਈ ਸੀ। ਪਰ ਇੰਨੇ ਸਮੇਂ ਬਾਅਦ ਵੀ ਵਿਭਾਗ ਵਲੋਂ ਫਾਈਨਲ ਮੈਰਿਟ ਲਿਸਟ ਜਾਰੀ ਨਾ ਕੀਤੇ ਜਾਣ ਅਤੇ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਨਾ ਦਿੱਤੇ ਜਾਣ ਕਾਰਨ ਉਨ੍ਹਾਂ ਨੂੰ ਅਨਿਸ਼ਚਿਤਤਾ ਦੇ ਦੌਰ ਵਿਚੋਂ ਗੁਜ਼ਰਨਾ ਪੈ ਰਿਹਾ ਹੈ। ਇਸ ਸਬੰਧੀ ਗੁਰੂਹਰਸਹਾਏ ਨਾਲ ਸਬੰਧਿਤ ਬੇਰੁਜ਼ਗਾਰ ਵੈਟਰਨਰੀ ਇੰਸਪੈਕਟਰ ਯੂਨੀਅਨ ਦੇ ਆਗੂ ਮਿਲਨਦੀਪ ਸਿੰਘ, ਅਨਮੋਲ, ਸੁੱਖਵਿੰਦਰ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਇਸ ਮਸਲੇ ਨੂੰ ਲੈ ਕੇ ਕਈ ਵਾਰ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ.ਗੁਰਮੀਤ ਸਿੰਘ ਖੁੱਡੀਆਂ ਨਾਲ ਮੁਲਾਕਾਤ ਕਰ ਚੁੱਕੇ ਹਨ। ਇਸ ਤੋਂ ਇਲਾਵਾ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਪੰਜਾਬ ਦੇ ਧਿਆਨ ਵਿਚ ਵੀ ਇਹ ਮਾਮਲਾ ਲਿਆਂਦਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਪੱਧਰਾਂ ’ਤੇ ਆਪਣੀ ਮੰਗ ਰੱਖਣ ਦੇ ਨਾਲ-ਨਾਲ ਮੰਗ ਪੱਤਰ ਵੀ ਸੌਂਪੇ ਗਏ ਹਨ, ਪਰ ਅਜੇ ਤੱਕ ਇਸ ਮਾਮਲੇ ਦਾ ਕੋਈ ਠੋਸ ਹੱਲ ਸਾਹਮਣੇ ਨਹੀਂ ਆਇਆ। ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਅਤੇ ਸਬੰਧਿਤ ਵਿਭਾਗ ਤੋਂ ਮੰਗ ਕੀਤੀ ਕਿ ਇਸ਼ਤਿਹਾਰ ਨੰਬਰ 10/2026 ਤਹਿਤ ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਨੂੰ ਬਿਨਾਂ ਹੋਰ ਦੇਰੀ ਦੇ ਮੁਕੰਮਲ ਕੀਤਾ ਜਾਵੇ, ਫਾਈਨਲ ਮੈਰਿਟ ਲਿਸਟ ਤੁਰੰਤ ਜਾਰੀ ਕੀਤੀ ਜਾਵੇ ਅਤੇ ਸਾਰੇ ਯੋਗ ਉਮੀਦਵਾਰਾਂ ਨੂੰ ਜਲਦ ਤੋਂ ਜਲਦ ਨਿਯੁਕਤੀ ਪੱਤਰ ਸੌਂਪੇ ਜਾਣ, ਤਾਂ ਜੋ ਉਹ ਸਰਕਾਰੀ ਸੇਵਾ ਵਿਚ ਸ਼ਾਮਲ ਹੋ ਕੇ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਸਕਣ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਵਿਚ ਵੀ ਸਰਕਾਰ ਵਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਉਮੀਦਵਾਰਾਂ ਵਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਦੇ ਸਾਰੇ ਮੰਤਰੀਆਂ ਦਾ ਘਿਰਾਓ ਕਰਨ ਲਈ ਮਜਬੂਰ ਹੋਣਾ ਪਵੇਗਾ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਨੌਜਵਾਨਾਂ ਦੇ ਭਵਿੱਖ ਨੂੰ ਧਿਆਨ ਵਿਚ ਰੱਖਦਿਆਂ ਇਸ ਭਰਤੀ ਨੂੰ ਜਲਦ ਨੇਪਰੇ ਚਾੜਿਆ ਜਾਵੇ।