16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਐਨ.ਜੀ.ਟੀ. ਦੀਆਂ ਸਖ਼ਤ ਹਦਾਇਤਾਂ ਦੇ ਬਾਵਜੂਦ ਕਬਾੜ ਨੂੰ ਲਗਾਈ ਜਾ ਰਹੀ ਅੱਗ ਹਨੇਰੇ-ਸਵੇਰੇ ਕਬਾੜੀਆਂ ਵਲੋਂ ਸਾੜੀ ਜਾ ਰਹੀ ਰਹਿੰਦ-ਖੂੰਹਦ, ਇਲਾਕੇ ਵਿਚ ਫੈਲ ਰਿਹਾ ਜ਼ਹਿਰੀਲਾ ਧੂੰਆਂ

ਫ਼ਿਰੋਜ਼ਪੁਰ, 16 ਨਵੰਬਰ (ਗੁਰਿੰਦਰ ਸਿੰਘ)-ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ. ਜੀ.

Ad Position 21
No active advertisement
ਇਲਾਕੇ ਵਿਚ ਕਬਾੜੀਆਂ ਵਲੋਂ ਰਹਿੰਦ ਖੂਹੰਦ ਨੂੰ ਲਗਾਈ ਜਾ ਰਹੀ ਅੱਗ ਦੀਆਂ ਵੱਖ-ਵੱਖ ਤਸਵੀਰਾਂ। ਅਜੀਤ ਤਸਵੀਰ 17-11-2026
ਫ਼ਿਰੋਜ਼ਪੁਰ, 16 ਨਵੰਬਰ (ਗੁਰਿੰਦਰ ਸਿੰਘ)-ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਦੀਆਂ ਸਖ਼ਤ ਹਦਾਇਤਾਂ ਅਤੇ ਵਾਤਾਵਰਨ ਦੀ ਸੁਰੱਖਿਆ ਸਬੰਧੀ ਨਿਯਮਾਂ ਦੇ ਬਾਵਜੂਦ ਫ਼ਿਰੋਜ਼ਪੁਰ ਵਿਚ ਕਬਾੜ ਦੀ ਰਹਿੰਦ-ਖੂੰਹਦ ਨੂੰ ਖੁੱਲ੍ਹੇਆਮ ਅੱਗ ਲਗਾਉਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਕੁਝ ਕਬਾੜੀਆਂ ਵਲੋਂ ਹਨੇਰੇ-ਸਵੇਰੇ ਕਬਾੜ ਵਿਚੋਂ ਬੇਕਾਰ ਅਤੇ ਗ਼ੈਰ-ਜ਼ਰੂਰੀ ਸਮੱਗਰੀ ਨੂੰ ਅੱਗ ਲਗਾ ਕੇ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਇਸ ਕਾਰਨ ਇਲਾਕੇ ਵਿਚ ਫੈਲ ਰਹੇ ਜ਼ਹਿਰੀਲੇ ਧੂੰਏਂ ਨੇ ਵਾਤਾਵਰਨ ਦੇ ਨਾਲ-ਨਾਲ ਆਮ ਲੋਕਾਂ ਦੀ ਸਿਹਤ ਲਈ ਵੀ ਗੰਭੀਰ ਖ਼ਤਰਾ ਪੈਦਾ ਕਰ ਦਿੱਤਾ ਹੈ। ਸਥਾਨਕ ਲੋਕਾਂ ਅਨੁਸਾਰ ਕਬਾੜ ਨੂੰ ਅੱਗ ਲਗਾਉਣ ਦੀਆਂ ਅਜਿਹੀਆਂ ਘਟਨਾਵਾਂ ਅਕਸਰ ਸਵੇਰ ਵੇਲੇ ਜਾਂ ਘੱਟ ਆਵਾਜਾਈ ਵਾਲੇ ਸਮੇਂ ਵਾਪਰਦੀਆਂ ਹਨ, ਜਿਸ ਕਾਰਨ ਇਹ ਗਤੀਵਿਧੀਆਂ ਆਮ ਲੋਕਾਂ ਦੀ ਨਜ਼ਰ ਤੋਂ ਬਚੀਆਂ ਰਹਿੰਦੀਆਂ ਹਨ। ਕਬਾੜ ਵਿਚ ਸ਼ਾਮਲ ਪਲਾਸਟਿਕ, ਰਬੜ, ਤਾਰਾਂ ਦੀਆਂ ਪਰਤਾਂ ਅਤੇ ਹੋਰ ਰਸਾਇਣਕ ਪਦਾਰਥਾਂ ਨੂੰ ਸਾੜਨ ਨਾਲ ਨਿਕਲਣ ਵਾਲਾ ਧੂੰਆਂ ਹਵਾ ਨੂੰ ਬੁਰੀ ਤਰ੍ਹਾਂ ਪ੍ਰਦੂਸ਼ਿਤ ਕਰਦਾ ਹੈ। ਇਸ ਵਿਚ ਮੌਜੂਦ ਹਾਨੀਕਾਰਕ ਗੈਸਾਂ ਅਤੇ ਬਰੀਕ ਕਣ ਸਾਹ ਰਾਹੀਂ ਮਨੁੱਖੀ ਸਰੀਰ ਵਿੱਚ ਦਾਖ਼ਲ ਹੋ ਕੇ ਸਾਹ ਦੀਆਂ ਬਿਮਾਰੀਆਂ, ਅੱਖਾਂ ਵਿਚ ਜਲਣ ਅਤੇ ਹੋਰ ਸਿਹਤ ਸਮੱਸਿਆਵਾਂ ਦਾ ਕਾਰਨ ਬਣ ਸਕਦੇ ਹਨ। ਇਸ ਦਾ ਸਭ ਤੋਂ ਵੱਧ ਪ੍ਰਭਾਵ ਬੱਚਿਆਂ, ਬਜ਼ੁਰਗਾਂ ਅਤੇ ਸਾਹ ਦੀਆਂ ਸਮੱਸਿਆਵਾਂ ਤੋਂ ਪੀੜਤ ਲੋਕਾਂ ਉੱਤੇ ਪੈਣ ਦਾ ਖ਼ਦਸ਼ਾ ਹੈ। ਇਸ ਗੰਭੀਰ ਮਾਮਲੇ ’ਤੇ ਚਿੰਤਾ ਪ੍ਰਗਟ ਕਰਦਿਆਂ ਵਾਤਾਵਰਨ ਪ੍ਰੇਮੀਆਂ ਨੇ ਕਿਹਾ ਕਿ ਇਕ ਪਾਸੇ ਸਰਕਾਰ ਅਤੇ ਵੱਖ ਵੱਖ ਵਿਭਾਗਾਂ ਵਲੋਂ ਵਾਤਾਵਰਨ ਦੀ ਸੰਭਾਲ ਲਈ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਦੂਜੇ ਪਾਸੇ ਕੁਝ ਲੋਕ ਨਿੱਜੀ ਲਾਹੇ ਲਈ ਵਾਤਾਵਰਨ ਅਤੇ ਲੋਕਾਂ ਦੀ ਸਿਹਤ ਨੂੰ ਦਾਅ ’ਤੇ ਲਗਾ ਰਹੇ ਹਨ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਅਜਿਹੀਆਂ ਗਤੀਵਿਧੀਆਂ ਲਗਾਤਾਰ ਹੋ ਰਹੀਆਂ ਹਨ ਤਾਂ ਸਬੰਧਤ ਵਿਭਾਗਾਂ ਦੀ ਨਿਗਰਾਨੀ ਅਤੇ ਕਾਰਵਾਈ ਕਿਥੇ ਹੈ? ਉਨ੍ਹਾਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸਮੇਤ ਸਬੰਧਤ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਮਾਮਲੇ ਦਾ ਤੁਰੰਤ ਨੋਟਿਸ ਲਿਆ ਜਾਵੇ, ਅਜਿਹੀਆਂ ਗਤੀਵਿਧੀਆਂ ਵਿਚ ਸ਼ਾਮਲ ਕਬਾੜੀਆਂ ਦੀ ਪਛਾਣ ਕਰਕੇ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਨਾਲ ਹੀ ਅਜਿਹੇ ਸਥਾਨਾਂ ਦੀ ਨਿਯਮਤ ਜਾਂਚ ਯਕੀਨੀ ਬਣਾਈ ਜਾਵੇ ਤਾਂ ਜੋ ਰਾਤ ਦੇ ਹਨੇਰੇ ਅਤੇ ਸਵੇਰ ਦੀ ਆੜ ਵਿਚ ਵਾਤਾਵਰਨ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਨੱਥ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਸਿਰਫ਼ ਜਾਗਰੂਕਤਾ ਮੁਹਿੰਮਾਂ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਅਤੇ ਦਿਖਾਈ ਦੇਣ ਵਾਲੀ ਕਾਰਵਾਈ ਵੀ ਹੋਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਸੂਬਾ ਮੈਨੀਫੈਸਟੋ ਕਮੇਟੀ... ਅਗਲੀ ਖ਼ਬਰ ਦੁਕਾਨਦਾਰਾਂ ਦੇ ਛਾਣ ਦੇ ਮਾਲ ਦੀ ਭਰਤੀ ਕਰਕੇ ਚੰਦ ਕੁ ਆੜਤੀਏ ਸ਼ੈਲਰ ਮਾਲਕਾਂ ’ਤੇ ਖਰੀਦਣ ਲਈ ਦਬਾਅ ਬਣਾਉਣ ਲੱਗੇ
Ad Position 24