2017 ਦੀਆਂ ਵਿਧਾਨ ਸਭਾ ਚੋਣਾਂ ’ਚ ‘ਆਪ’ ਵਲੋਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਚੋਣ ਲੜਨ ਵਾਲੇ ਨਰਿੰਦਰ ਸਿੰਘ ਸੰਧਾ ਮੁੜ ਚੋਣ ਮੈਦਾਨ ’ਚ ਸਰਗਰਮ
ਫ਼ਿਰੋਜ਼ਪੁਰ,18 ਨਵੰਬਰ (ਕੁਲਬੀਰ ਸਿੰਘ ਸੋਢੀ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਵਿਚ ਆਮ ਆਦਮੀ ਪਾਰਟੀ ਦੇ ਸੰਭਾਵੀ ਉਮੀਦਵਾਰਾਂ ਵਲੋਂ ਆਪਣੀ ਦਾਅਵੇਦਾਰੀ ਮਜ਼ਬੂਤ ਕਰਨ ਲਈ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਵਲੋਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਚੋਣ ਲੜ ਚੁੱਕੇ ਨਰਿੰਦਰ ਸਿੰਘ ਸੰਧਾ ਵੀ ਮੁੜ ਸਿਆਸੀ ਮੈਦਾਨ ਵਿਚ ਸਰਗਰਮ ਨਜ਼ਰ ਆ ਰਹੇ ਹਨ।
ਫ਼ਿਰੋਜ਼ਪੁਰ,18 ਨਵੰਬਰ (ਕੁਲਬੀਰ ਸਿੰਘ ਸੋਢੀ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਵਿਚ ਆਮ ਆਦਮੀ ਪਾਰਟੀ ਦੇ ਸੰਭਾਵੀ ਉਮੀਦਵਾਰਾਂ ਵਲੋਂ ਆਪਣੀ ਦਾਅਵੇਦਾਰੀ ਮਜ਼ਬੂਤ ਕਰਨ ਲਈ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਵਲੋਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਚੋਣ ਲੜ ਚੁੱਕੇ ਨਰਿੰਦਰ ਸਿੰਘ ਸੰਧਾ ਵੀ ਮੁੜ ਸਿਆਸੀ ਮੈਦਾਨ ਵਿਚ ਸਰਗਰਮ ਨਜ਼ਰ ਆ ਰਹੇ ਹਨ। ਪਾਰਟੀ ਵਲੋਂ ਉਨ੍ਹਾਂ ਨੂੰ ਸਟੇਟ ਜੁਆਇੰਟ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜਿਸ ਨੂੰ ਉਹ ਹਲਕੇ ਦੀ ਸੇਵਾ ਅਤੇ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਦੇ ਮੌਕੇ ਵਜੋਂ ਦੇਖ ਰਹੇ ਹਨ। ਉਨ੍ਹਾਂ ਦੀ ਮੁੜ ਸਰਗਰਮੀ ਨਾਲ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਵਿਚ ਆਮ ਆਦਮੀ ਪਾਰਟੀ ਦੇ ਸੰਭਾਵੀ ਦਾਅਵੇਦਾਰਾਂ ਦੀ ਚਰਚਾ ਵਿਚ ਇਕ ਹੋਰ ਨਾਮ ਸ਼ਾਮਲ ਹੋ ਗਿਆ ਹੈ। ਨਰਿੰਦਰ ਸਿੰਘ ਸੰਧਾ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਨਾਲ ਸ਼ੁਰੂ ਤੋਂ ਜੁੜੇ ਹੋਏ ਹਨ ਅਤੇ ਪਾਰਟੀ ਵਲੋਂ ਉਨ੍ਹਾਂ ਨੂੰ ਜਿਹੜੀ ਵੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ ਦਾ ਯਤਨ ਕੀਤਾ ਹੈ। ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਨੇ ਉਨ੍ਹਾਂ ਉੱਪਰ ਭਰੋਸਾ ਪ੍ਰਗਟਾਉਂਦਿਆਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਚੋਣ ਮੈਦਾਨ ਵਿਚ ਉਤਾਰਿਆ ਸੀ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਬਾਅਦ ਵੀ ਉਨ੍ਹਾਂ ਦਾ ਪਾਰਟੀ ਅਤੇ ਹਲਕੇ ਦੇ ਲੋਕਾਂ ਨਾਲ ਜੁੜਾਅ ਬਣਿਆ ਰਿਹਾ ਹੈ। ਨਰਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਵਲੋਂ ਹੁਣ ਸਟੇਟ ਜੁਆਇੰਟ ਸਕੱਤਰ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ, ਜਿਸ ਨੂੰ ਉਹ ਇਕ ਵੱਡੀ ਜ਼ਿੰਮੇਵਾਰੀ ਸਮਝਦੇ ਹਨ। ਉਨ੍ਹਾਂ ਦਾ ਯਤਨ ਰਹੇਗਾ ਕਿ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਅਤੇ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਉਹ ਸਿਰਫ਼ ਸਿਆਸੀ ਸਰਗਰਮੀਆਂ ਤੱਕ ਸੀਮਤ ਨਹੀਂ ਰਹਿਣਾ ਚਾਹੁੰਦੇ, ਸਗੋਂ ਲੋਕਾਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦੇ ਹੱਲ ਲਈ ਸਬੰਧਿਤ ਅਧਿਕਾਰੀਆਂ ਅਤੇ ਪ੍ਰਸ਼ਾਸਨ ਤੱਕ ਆਵਾਜ਼ ਪਹੁੰਚਾਉਣਾ ਵੀ ਆਪਣੀ ਜ਼ਿੰਮੇਵਾਰੀ ਸਮਝਦੇ ਹਨ। ਉਨ੍ਹਾਂ ਅਨੁਸਾਰ ਫ਼ਿਰੋਜ਼ਪੁਰ ਇਕ ਇਤਿਹਾਸਕ ਅਤੇ ਸਰਹੱਦੀ ਸ਼ਹਿਰ ਹੋਣ ਦੇ ਨਾਲ-ਨਾਲ ਵਪਾਰਕ ਅਤੇ ਸਮਾਜਿਕ ਪੱਖੋਂ ਵੀ ਆਪਣੀ ਵਿਸ਼ੇਸ਼ ਮਹੱਤਤਾ ਰੱਖਦਾ ਹੈ। ਇਸ ਸ਼ਹਿਰ ਦੇ ਵਿਕਾਸ ਲਈ ਅਜਿਹੀ ਯੋਜਨਾਬੰਦੀ ਦੀ ਲੋੜ ਹੈ, ਜਿਸ ਨਾਲ ਆਮ ਲੋਕਾਂ, ਵਪਾਰੀਆਂ, ਦੁਕਾਨਦਾਰਾਂ, ਨੌਜਵਾਨਾਂ ਅਤੇ ਸ਼ਹਿਰ ਦੇ ਹਰ ਵਰਗ ਨੂੰ ਲਾਭ ਮਿਲ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਰਾਜਨੀਤੀ ਦਾ ਅਸਲ ਮਕਸਦ ਲੋਕਾਂ ਦੀ ਸੇਵਾ ਹੋਣਾ ਚਾਹੀਦਾ ਹੈ ਅਤੇ ਜਨਤਕ ਜੀਵਨ ਵਿਚ ਲੋਕਾਂ ਦਾ ਵਿਸ਼ਵਾਸ ਬਣਾਈ ਰੱਖਣਾ ਸਭ ਤੋਂ ਮਹੱਤਵਪੂਰਨ ਹੈ। ਵਿਧਾਨ ਸਭਾ ਚੋਣਾਂ ਵਿਚ ਉਮੀਦਵਾਰੀ ਸਬੰਧੀ ਪੁੱਛੇ ਜਾਣ ’ਤੇ ਨਰਿੰਦਰ ਸਿੰਘ ਸੰਧਾ ਨੇ ਕਿਹਾ ਕਿ ਟਿਕਟ ਦਾ ਫ਼ੈਸਲਾ ਪਾਰਟੀ ਨੇ ਕਰਨਾ ਹੈ, ਪਰ ਲੋਕਾਂ ਵਿਚ ਰਹਿ ਕੇ ਉਨ੍ਹਾਂ ਦੀ ਸੇਵਾ ਕਰਨਾ ਉਨ੍ਹਾਂ ਦੀ ਲਗਾਤਾਰ ਕੋਸ਼ਿਸ਼ ਰਹੇਗੀ।