ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਦੀ ਸਿਆਸਤ ਨੂੰ ਮਿਲੇਗੀ ਨਵੀਂ ਦਿਸ਼ਾ, ਵਰਕਰਾਂ ’ਚ ਉਤਸ਼ਾਹ ਦੀ ਲਹਿਰ-ਬਲਕਾਰ ਸਿੰਘ ਢਿੱਲੋਂ
ਫ਼ਿਰੋਜ਼ਪੁਰ, 26 ਨਵੰਬਰ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਹੋਏ ਸਿਆਸੀ ਗੱਠਜੋੜ ਨੂੰ ਲੈ ਕੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਅਕਾਲੀ ਵਰਕਰਾਂ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਇਸ ਫ਼ੈਸਲੇ ਨੂੰ ਪੰਜਾਬ ਦੀ ਸਿਆਸਤ ਵਿਚ ਨਵੇਂ ਅਧਿਆਏ ਦੀ ਸ਼ੁਰੂਆਤ ਕਰਾਰ ਦਿੱਤਾ ਜਾ ਰਿਹਾ ਹੈ।
ਫ਼ਿਰੋਜ਼ਪੁਰ, 26 ਨਵੰਬਰ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਹੋਏ ਸਿਆਸੀ ਗੱਠਜੋੜ ਨੂੰ ਲੈ ਕੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਅਕਾਲੀ ਵਰਕਰਾਂ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਇਸ ਫ਼ੈਸਲੇ ਨੂੰ ਪੰਜਾਬ ਦੀ ਸਿਆਸਤ ਵਿਚ ਨਵੇਂ ਅਧਿਆਏ ਦੀ ਸ਼ੁਰੂਆਤ ਕਰਾਰ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ਹਿਰੀ ਯੂਥ ਵਿੰਗ ਦੇ ਪ੍ਰਧਾਨ ਬਲਕਾਰ ਸਿੰਘ ਢਿੱਲੋਂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਦੇ ਹਿੱਤਾਂ, ਸੂਬੇ ਦੀ ਤਰੱਕੀ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਲਿਆ ਗਿਆ ਇਹ ਫ਼ੈਸਲਾ ਦੂਰਅੰਦੇਸ਼ੀ ਵਾਲਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਪੰਜਾਬ ਦੀ ਰਾਜਨੀਤੀ ਵਿਚ ਅਹਿਮ ਭੂਮਿਕਾ ਨਿਭਾਏਗਾ ਅਤੇ ਇਸ ਨਾਲ ਸੂਬੇ ਦੇ ਵਿਕਾਸ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਸੂਬੇ ਦੇ ਲੋਕਾਂ ਦੇ ਹੱਕਾਂ ਦੀ ਆਵਾਜ਼ ਬਣ ਕੇ ਖੜ੍ਹਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਵਰਕਰ ਪੂਰੀ ਤਨਦੇਹੀ ਨਾਲ ਲੋਕਾਂ ਵਿਚ ਜਾ ਕੇ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੇ ਹਿੱਤਾਂ ਲਈ ਕੀਤੇ ਜਾ ਰਹੇ ਯਤਨਾਂ ਦਾ ਪ੍ਰਚਾਰ ਕਰਨਗੇ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਲੋਕਾਂ ਦੇ ਸਹਿਯੋਗ ਨਾਲ ਆਉਣ ਵਾਲੇ ਸਮੇਂ ਵਿਚ ਪੰਜਾਬ ਦੀ ਸਿਆਸਤ ਵਿਚ ਹਾਂ-ਪੱਖੀ ਤਬਦੀਲੀ ਦੇਖਣ ਨੂੰ ਮਿਲੇਗੀ। ਉਨ੍ਹਾਂ ਕਿਹਾ ਕਿ ਸਮੂਹ ਵਰਕਰਾਂ ਦੇ ਸਹਿਯੋਗ ਨਾਲ ਫ਼ਿਰੋਜ਼ਪੁਰ ਦੀਆਂ ਚਾਰੇ ਸੀਟਾਂ ਜਿੱਤ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਝੋਲੀ ਪਾਵਾਂਗੇ ਅਤੇ ਪੰਜਾਬ ਵਿਚ ਅਕਾਲੀ ਭਾਜਪਾ ਸਰਕਾਰ ਬਣਾਉਣ ਵਿਚ ਅਹਿਮ ਯੋਗਦਾਨ ਪਾਉਣਗੇ।