ਅੰਮ੍ਰਿਤਸਰ ਤੋਂ ਪਟਨਾ ਸਾਹਿਬ ਲਈ ਡੁਪਲੀਕੇਟ ਹਾਵੜਾ ਮੇਲ ਮੁੜ ਚਲਾਉਣ ਅਤੇ ਅਕਾਲ ਤਖ਼ਤ ਤੇ ਗੁਰਮੁਖੀ ਐਕਸਪ੍ਰੈੱਸ ਨੂੰ ਰੈਗੂਲਰ ਕਰਨ ਦੀ ਮੰਗ
ਸੀਨੀਅਰ ਸਿਟੀਜ਼ਨਾਂ ਦਾ ਕਿਰਾਇਆ ਛੋਟ ਅਤੇ ਕੋਟਾ ਸਹੂਲਤ ਵੀ ਬਹਾਲ ਕੀਤੀ ਜਾਵੇ: ਜਥੇਦਾਰ ਬਘੌਰਾ
ਫ਼ਿਰੋਜ਼ਪੁਰ, 27 ਨਵੰਬਰ (ਕੁਲਬੀਰ ਸਿੰਘ ਸੋਢੀ)-ਕਿਸਾਨ ਉਥਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਚਾਰ ਸਕੱਤਰ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕੇਂਦਰ ਸਰਕਾਰ ਅਤੇ ਰੇਲਵੇ ਮੰਤਰਾਲੇ ਤੋਂ ਮੰਗ ਕੀਤੀ ਹੈ ਕਿ ਅੰਮ੍ਰਿਤਸਰ ਤੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਲਈ ਚੱਲਣ ਵਾਲੀ ਡੁਪਲੀਕੇਟ ਹਾਵੜਾ ਮੇਲ ਰੇਲ ਗੱਡੀ, ਜੋ ਕੋਰੋਨਾ ਕਾਲ ਦੌਰਾਨ ਬੰਦ ਕਰ ਦਿੱਤੀ ਗਈ ਸੀ, ਨੂੰ ਮੁੜ ਚਾਲੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਰੇਲਗੱਡੀ ਦੇ ਬੰਦ ਹੋਣ ਕਾਰਨ ਪਟਨਾ ਸਾਹਿਬ ਜਾਣ ਵਾਲੀਆਂ ਸੰਗਤਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਫ਼ਿਰੋਜ਼ਪੁਰ, 27 ਨਵੰਬਰ (ਕੁਲਬੀਰ ਸਿੰਘ ਸੋਢੀ)-ਕਿਸਾਨ ਉਥਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਚਾਰ ਸਕੱਤਰ ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕੇਂਦਰ ਸਰਕਾਰ ਅਤੇ ਰੇਲਵੇ ਮੰਤਰਾਲੇ ਤੋਂ ਮੰਗ ਕੀਤੀ ਹੈ ਕਿ ਅੰਮ੍ਰਿਤਸਰ ਤੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਲਈ ਚੱਲਣ ਵਾਲੀ ਡੁਪਲੀਕੇਟ ਹਾਵੜਾ ਮੇਲ ਰੇਲ ਗੱਡੀ, ਜੋ ਕੋਰੋਨਾ ਕਾਲ ਦੌਰਾਨ ਬੰਦ ਕਰ ਦਿੱਤੀ ਗਈ ਸੀ, ਨੂੰ ਮੁੜ ਚਾਲੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਰੇਲਗੱਡੀ ਦੇ ਬੰਦ ਹੋਣ ਕਾਰਨ ਪਟਨਾ ਸਾਹਿਬ ਜਾਣ ਵਾਲੀਆਂ ਸੰਗਤਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਥੇਦਾਰ ਸੁਖਜੀਤ ਸਿੰਘ ਬਘੌਰਾ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਜਨਮ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਸ਼ਰਧਾ ਨਾਲ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ । ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਤੋਂ ਪਟਨਾ ਸਾਹਿਬ ਲਈ ਸਿੱਧੀ ਰੇਲ ਸੇਵਾ ਸੰਗਤਾਂ ਲਈ ਬੇਹੱਦ ਮਹੱਤਵਪੂਰਨ ਹੈ,ਇਸ ਲਈ ਰੇਲਵੇ ਵਿਭਾਗ ਨੂੰ ਲੋਕਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਡੁਪਲੀਕੇਟ ਹਾਵੜਾ ਮੇਲ ਮੁੜ ਚਲਾਉਣੀ ਚਾਹੀਦੀ ਹੈ । ਉਨ੍ਹਾਂ ਮੰਗ ਕੀਤੀ ਕਿ ਅਕਾਲ ਤਖ਼ਤ ਐਕਸਪ੍ਰੈੱਸ ਅਤੇ ਗੁਰਮੁਖੀ ਐਕਸਪ੍ਰੈੱਸ ਨੂੰ ਵੀ ਰੈਗੂਲਰ ਕੀਤਾ ਜਾਵੇ, ਤਾਂ ਜੋ ਯਾਤਰੀਆਂ ਨੂੰ ਰੇਲਗੱਡੀਆਂ ਦੀ ਅਨਿਯਮਿਤਤਾ ਕਾਰਨ ਪਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਰੇਲ ਸੇਵਾਵਾਂ ਦੇ ਸਮੇਂ ਸਿਰ ਅਤੇ ਨਿਰੰਤਰ ਸੰਚਾਲਨ ਨਾਲ ਯਾਤਰੀਆਂ ਨੂੰ ਵੱਡੀ ਸਹੂਲਤ ਮਿਲੇਗੀ । ਜਥੇਦਾਰ ਬਘੌਰਾ ਨੇ ਰੇਲਵੇ ਵਿਭਾਗ ਵਲੋਂ ਸੀਨੀਅਰ ਸਿਟੀਜ਼ਨਾਂ ਨੂੰ ਪਹਿਲਾਂ ਦਿੱਤੀ ਜਾਂਦੀ ਕਿਰਾਏ ਦੀ ਛੋਟ ਅਤੇ ਕੋਟਾ ਸਹੂਲਤ ਮੁੜ ਬਹਾਲ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਬਜ਼ੁਰਗ ਯਾਤਰੀਆਂ ਨੂੰ ਰੇਲ ਸਫ਼ਰ ਦੌਰਾਨ ਆਰਥਿਕ ਰਾਹਤ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਇਸ ਸਹੂਲਤ ਦੀ ਬਹਾਲੀ ਨਾਲ ਲੱਖਾਂ ਬਜ਼ੁਰਗਾਂ ਨੂੰ ਲਾਭ ਮਿਲ ਸਕਦਾ ਹੈ। ਉਨ੍ਹਾਂ ਕੇਂਦਰ ਸਰਕਾਰ ਅਤੇ ਰੇਲਵੇ ਮੰਤਰਾਲੇ ਨੂੰ ਅਪੀਲ ਕੀਤੀ ਕਿ ਇਨ੍ਹਾਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦ ਲੋੜੀਂਦੇ ਕਦਮ ਚੁੱਕੇ ਜਾਣ, ਤਾਂ ਜੋ ਸੰਗਤਾਂ, ਆਮ ਯਾਤਰੀਆਂ ਅਤੇ ਸੀਨੀਅਰ ਸਿਟੀਜ਼ਨਾਂ ਨੂੰ ਰੇਲਵੇ ਦੀਆਂ ਸਹੂਲਤਾਂ ਦਾ ਸੁਚੱਜਾ ਲਾਭ ਮਿਲ ਸਕੇ ।