ਖੇਡਾਂ ਵਤਨ ਪੰਜਾਬ ਦੀਆਂ ਤਹਿਤ ਹੀਰਾ ਸਿੰਘ ਸੰਧੂ ਨੇ ਪਾਵਰਲਿਫਟਿੰਗ ’ਚ ਜਿੱਤਿਆ ਸਿਲਵਰ ਮੈਡਲ
ਜ਼ੀਰਾ, 30 ਨਵੰਬਰ (ਪ੍ਰਤਾਪ ਸਿੰਘ ਹੀਰਾ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਪਿਛਲੇ ਦਿਨੀਂ ਲੁਧਿਆਣਾ ਦੇ ਖੇਡ ਸਟੇਡੀਅਮ ਵਿਖੇ ਸੂਬਾ ਪੱਧਰੀ ਪੈਰਾ-ਖੇਡਾਂ ਕਰਵਾਈਆਂ ਗਈਆਂ। ਇਨ੍ਹਾਂ ਮੁਕਾਬਲਿਆਂ ਵਿਚ ਪੈਰਾ-ਬੈਡਮਿੰਟਨ, ਪੈਰਾ-ਪਾਵਰਲਿਫਟਿੰਗ ਅਤੇ ਵ੍ਹੀਲਚੇਅਰ ਬਾਸਕਟਬਾਲ ਦੇ ਦਿਲਚਸਪ ਮੁਕਾਬਲੇ ਦੇਖਣ ਨੂੰ ਮਿਲੇ।
ਜ਼ੀਰਾ, 30 ਨਵੰਬਰ (ਪ੍ਰਤਾਪ ਸਿੰਘ ਹੀਰਾ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਪਿਛਲੇ ਦਿਨੀਂ ਲੁਧਿਆਣਾ ਦੇ ਖੇਡ ਸਟੇਡੀਅਮ ਵਿਖੇ ਸੂਬਾ ਪੱਧਰੀ ਪੈਰਾ-ਖੇਡਾਂ ਕਰਵਾਈਆਂ ਗਈਆਂ। ਇਨ੍ਹਾਂ ਮੁਕਾਬਲਿਆਂ ਵਿਚ ਪੈਰਾ-ਬੈਡਮਿੰਟਨ, ਪੈਰਾ-ਪਾਵਰਲਿਫਟਿੰਗ ਅਤੇ ਵ੍ਹੀਲਚੇਅਰ ਬਾਸਕਟਬਾਲ ਦੇ ਦਿਲਚਸਪ ਮੁਕਾਬਲੇ ਦੇਖਣ ਨੂੰ ਮਿਲੇ। ਇਸ ਖੇਡ ਮਹਾਂਕੁੰਭ ਵਿਚ ਭਾਗ ਲੈਂਦਿਆਂ ਜ਼ੀਰਾ ਤਹਿਸੀਲ ਦੇ ਪਿੰਡ ਸ਼ਾਹ ਵਾਲਾ ਦੇ ਵਸਨੀਕ ਹੀਰਾ ਸਿੰਘ ਸੰਧੂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ । ਹੀਰਾ ਸਿੰਘ ਸੰਧੂ ਨੇ ਪੈਰਾ-ਪਾਵਰਲਿਫਟਿੰਗ ਦੇ 65 ਕਿਲੋਗ੍ਰਾਮ ਭਾਰ ਵਰਗ ਵਿਚ ਹਿੱਸਾ ਲੈਂਦਿਆਂ 105 ਕਿਲੋਗ੍ਰਾਮ ਬੈਂਚ ਪ੍ਰੈੱਸ ਭਾਰ ਸਫ਼ਲਤਾਪੂਰਵਕ ਚੁੱਕ ਕੇ ਸੂਬੇ ਭਰ ਵਿਚੋਂ ਦੂਸਰਾ ਸਥਾਨ ਹਾਸਲ ਕਰਦਿਆਂ ਚਾਂਦੀ ਦਾ ਤਗ਼ਮਾ ਆਪਣੇ ਨਾਮ ਕੀਤਾ। ਜੇਤੂ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨ ਲਈ ਕਰਵਾਏ ਗਏ ਇਨਾਮ ਵੰਡ ਸਮਾਰੋਹ ਦੌਰਾਨ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਵਲੋਂ ਹੀਰਾ ਸਿੰਘ ਸੰਧੂ ਸਮੇਤ ਹੋਰ ਜੇਤੂ ਖਿਡਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਹੀਰਾ ਸਿੰਘ ਸੰਧੂ ਇਲਾਕੇ ਦੇ ਇਕ ਨਾਮਵਰ ਪੈਰਾ-ਖਿਡਾਰੀ ਹਨ, ਜੋ ਆਪਣੀ ਸਖ਼ਤ ਮਿਹਨਤ ਅਤੇ ਜਜ਼ਬੇ ਸਦਕਾ ਪਹਿਲਾਂ ਵੀ ਕਈ ਖੇਡ ਮੁਕਾਬਲਿਆਂ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਚੁੱਕੇ ਹਨ। ਹੀਰਾ ਸਿੰਘ ਸੰਧੂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਪਿੰਡ ਸ਼ਾਹ ਵਾਲਾ ਅਤੇ ਸਮੁੱਚੇ ਜ਼ੀਰਾ ਇਲਾਕੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਪਿੰਡ ਦੇ ਪਤਵੰਤਿਆਂ ਜਿਨ੍ਹਾਂ ਵਿਚ ਲਖਬੀਰ ਸਿੰਘ ਨੰਬਰਦਾਰ, ਗੁਰਮੇਲ ਸਿੰਘ ਸੰਧੂ, ਮੰਗਲ ਸਿੰਘ ਸੰਧੂ, ਰਾਜਵਿੰਦਰ ਸਿੰਘ ਸੰਧੂ, ਬਾਬਾ ਗੁਰਸੇਵਕ ਸਿੰਘ ਪ੍ਰਧਾਨ ਬਾਬਾ ਕਾਲਾ ਮਹਿਰ ਕਮੇਟੀ, ਗੁਰਦਾਸ ਸਿੰਘ ਸੰਧੂ ਸਾਬਕਾ ਸਰਪੰਚ ਅਤੇ ਮੱਸਾ ਸਿੰਘ ਨੰਬਰਦਾਰ ਨੇ ਹੀਰਾ ਸਿੰਘ ਸੰਧੂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਸ ਮਾਣਮੱਤੀ ਪ੍ਰਾਪਤੀ ’ਤੇ ਨਿੱਘੀ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿੱਚ ਹੋਰ ਵੱਡੀਆਂ ਮੱਲਾਂ ਮਾਰਨ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ।