ਡੀ.ਏ. ਅਤੇ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਪੈਨਸ਼ਨਰਾਂ ਤੇ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ
ਬਠਿੰਡਾ, 18 ਅਗਸਤ (ਸੱਤਪਾਲ ਸਿੰਘ ਸਿਵੀਆਂ)-ਡੀ. ਏ.
ਬਠਿੰਡਾ, 18 ਅਗਸਤ (ਸੱਤਪਾਲ ਸਿੰਘ ਸਿਵੀਆਂ)-ਡੀ.ਏ. ਅਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਸਥਾਨਕ ਮਿੰਨੀ ਸਕੱਤਰੇਤ ਨਜ਼ਦੀਕ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਸਾੜ ਕੇ ਸੂਬਾ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਮਨਿਸਟਰੀਅਲ ਪੈਨਸ਼ਨਰਜ਼ ਐਸੋਸੀਏਸ਼ਨ ਦੇ ਚੇਅਰਮੈਨ ਬਲਦੇਵ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਾਲਾਂ ਤੋਂ ਮੁਲਾਜ਼ਮਾਂ ਦਾ ਡੀ.ਏ. ਜਾਰੀ ਨਹੀਂ ਕਰ ਰਹੀ ਹੈ, ਜਿਸ ਦੇ ਖ਼ਿਲਾਫ਼ ਮੁਲਾਜ਼ਮਾਂ ਨੇ ਅਦਾਲਤਾਂ ਤੱਕ ਵੀ ਪਹੁੰਚ ਕੀਤੀ ਹੈ ਪਰ ਸੂਬਾ ਸਰਕਾਰ ਅਦਾਲਤੀ ਹੁਕਮਾਂ ਨੂੰ ਵੀ ਟਿੱਚ ਜਾਣਦੀ ਹੋਈ ਡੀ.ਏ. ਜਾਰੀ ਕਰਨ ਤੋਂ ਮੁਨਕਰ ਹੈ। ਸਰਕਾਰ ਦੀ ਇਸੇ ਧੱਕੇਸ਼ਾਹੀ ਦੇ ਖ਼ਿਲਾਫ਼ ਉਹ ਸੜਕਾਂ ’ਤੇ ਉੱਤਰਨ ਲਈ ਮਜਬੂਰ ਹੋਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਤਰਕ ਬਹੁਤ ਮੰਦਭਾਗਾ ਹੈ ਕਿ ਮੁਲਾਜ਼ਮ ਵੱਧ ਤਨਖ਼ਾਹਾਂ ਲੈ ਰਹੇ ਹਨ ਜਦਕਿ ਸੱਚ ਤਾਂ ਇਹ ਹੈ ਕਿ ਦੂਜੇ ਸੂਬਿਆਂ ਦੇ ਮੁਕਾਬਲੇ ਪੰਜਾਬ ਦੇ ਮੁਲਾਜ਼ਮਾਂ ਨੂੰ 20 ਤੋਂ 22 ਹਜ਼ਾਰ ਪ੍ਰਤੀ ਮਹੀਨਾ ਘੱਟ ਤਨਖ਼ਾਹ ਦਿੱਤੀ ਜਾ ਰਹੀ ਹੈ। ਚੇਅਰਮੈਨ ਨੇ ਕਿਹਾ ਕਿ ਇਸੇ ਤਰ੍ਹਾਂ ਚੋਣਾਂ ਮੌਕੇ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ’ਤੇ ਸਭ ਤੋਂ ਪਹਿਲਾਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਭਰੋਸਾ ਦਿੱਤਾ ਸੀ, ਜਿਸ ਤਹਿਤ ਪੰਜਾਬ ਭਰ ਦੇ ਮੁਲਾਜ਼ਮਾਂ ਨੇ ਆਪ ਨੂੰ ਸੱਤਾ ਵਿਚ ਲਿਆਉਣ ਲਈ ਅੱਡੀ-ਚੋਟੀ ਦਾ ਜੋਰ ਲਗਾਇਆ ਸੀ ਪਰ ਆਪ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਪੁਰਾਣੀ ਪੈਨਸ਼ਨ ਬਹਾਲ ਨਹੀਂ ਕੀਤੀ ਗਈ ਹੈ, ਸਗੋਂ ਇਸ ਸੰਬੰਧੀ ਲੰਗੜਾ ਨੋਟੀਫ਼ਿਕੇਸ਼ਨ ਜਾਰੀ ਕਰਕੇ ਬਾਹਰੀ ਸੂਬਿਆਂ ਦੀਆਂ ਚੋਣਾਂ ਵਿਚ ਆਪ ਵਲੋਂ ਮੁਲਾਜ਼ਮਾਂ ਦੀਆਂ ਵੋਟਾਂ ਦਾ ਲਾਹਾ ਲਿਆ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਦੀ ਵਾਅਦਾ ਖ਼ਿਲਾਫ਼ ਤੋਂ ਅੱਕੇ ਮੁਲਾਜ਼ਮਾਂ ਨੇ ਹੁਣ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਆਪ ਨੂੰ ਸੱਤਾ ‘ਚੋਂ ਬਾਹਰ ਕਰਨ ਦਾ ਅਹਿਦ ਲੈ ਲਿਆ ਹੈ ਤੇ ਡੀ.ਏ. ਅਤੇ ਪੁਰਾਣੀ ਪੈਨਸ਼ਨ ਦੀ ਬਹਾਲੀ ਤੱਕ ਇਹ ਸੰਘਰਸ਼ ਜਾਰੀ ਰਹੇਗਾ, ਜਿਸ ਨੂੰ ਆਉਣ ਵਾਲੇ ਦਿਨਾਂ ਵਿਚ ਹੋਰ ਤੇਜ ਕੀਤਾ ਜਾਵੇਗਾ।