ਸਿਹਤ ਵਿਭਾਗ ਦੇ ਮਨਿਸਟਰੀਅਲ ਕਾਮਿਆਂ ਵਲੋਂ ਕਲਮ ਛੋੜ ਹੜਤਾਲ ਨਵੇਂ ਭਰਤੀ ਮੁਲਾਜ਼ਮਾਂ ਦੇ ਮੈਡੀਕਲ ਮੁਆਇਨੇ ਬੰਦ , ਵਿਭਾਗੀ ਕੰਮਕਾਜ ਪ੍ਰਭਾਵਿਤ
ਬਠਿੰਡਾ, 20 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਪੰਜਾਬ ਦੇ ਸੱਦੇ ਤਹਿਤ ਸਿਹਤ ਵਿਭਾਗ ਦੇ ਮਨਿਸਟਰੀਅਲ ਕਰਮਚਾਰੀਆਂ ਵਲੋਂ ਸਿਵਲ ਸਰਜਨ ਦਫ਼ਤਰ ਦੇ ਬਾਹਰ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਸ
ਸਿਹਤ ਵਿਭਾਗ ਦੇ ਮਨਿਸਟਰੀਅਲ ਕਾਮੇ ਕਲਮਛੋੜ ਹੜਤਾਲ ਕਰਕੇ ਧਰਨੇ ਦੌਰਾਨ। ਤਸਵੀਰ: ਲਵਲੀ
21-08-2026
ਬਠਿੰਡਾ, 20 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਪੰਜਾਬ ਦੇ ਸੱਦੇ ਤਹਿਤ ਸਿਹਤ ਵਿਭਾਗ ਦੇ ਮਨਿਸਟਰੀਅਲ ਕਰਮਚਾਰੀਆਂ ਵਲੋਂ ਸਿਵਲ ਸਰਜਨ ਦਫ਼ਤਰ ਦੇ ਬਾਹਰ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਹੜਤਾਲ ਕਾਰਨ ਜਿੱਥੇ ਵਿਭਾਗੀ ਕੰਮਕਾਜ ਪ੍ਰਭਾਵਿਤ ਰਿਹਾ ਉੱਥੇ ਹੀ ਨਵੇਂ ਭਰਤੀ ਹੋਣ ਵਾਲੇ ਮੁਲਾਜ਼ਮਾਂ ਦੇ ਮੈਡੀਕਲ ਮੁਆਇਨੇ ਵੀ ਬੰਦ ਹੋ ਗਏ ਹਨ। ਇਸ ਮੌਕੇ ਪੰਜਾਬ ਸਿਹਤ ਵਿਭਾਗ ਸੁਬਾਰਡੀਨੇਟ ਆਫ਼ਿਸਿਜ਼ ਕਲੈਰੀਕਲ ਐਸੋਸੀਏਸ਼ਨ ਬਠਿੰਡਾ ਦੇ ਸੀਨੀਅਰ ਮੀਤ ਪ੍ਰਧਾਨ ਮਹਿੰਦਰ ਸੱਚਦੇਵਾ, ਪ੍ਰਧਾਨ ਅਮਿਤ ਟਾਂਕ, ਵਿੱਤ ਸਕੱਤਰ ਦੀਪਕਾ, ਪ੍ਰੈੱਸ ਸਕੱਤਰ ਸੁਖਵੰਤ ਸਿੰਘ ਨੇ ਕਿਹਾ ਕਿ ਮੋਹਾਲੀ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਗਈ ਰੋਸ ਰੈਲੀ ਦੌਰਾਨ ਸਰਕਾਰ ਵਲੋਂ ਮੁਲਾਜ਼ਮਾਂ ਨੂੰ ‘ਐਂਟੀ-ਸਟੇਟ’ ਕਹਿਣਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਰਵੱਈਏ ਦੇ ਵਿਰੋਧ ਵਿਚ 17 ਤੋਂ 21 ਅਗਸਤ ਤੱਕ ਲਗਾਤਾਰ ਸੰਘਰਸ਼ ਜਾਰੀ ਰੱਖਿਆ ਜਾ ਰਿਹਾ ਹੈ। ਮੁਲਾਜ਼ਮ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਪਿਛਲੇ ਕਈ ਸਾਲਾਂ ਤੋਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਤੋਂ ਇਨਕਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ 3 ਅਗਸਤ 2026 ਨੂੰ ਮੁਲਾਜ਼ਮਾਂ ਨੂੰ 15 ਦਿਨਾਂ ਅੰਦਰ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰਨ ਸਬੰਧੀ ਦਿੱਤੇ ਹੁਕਮਾਂ ਦੀ ਵੀ ਪਾਲਣਾ ਨਹੀਂ ਕੀਤੀ ਗਈ। ਇਸ ਦੇ ਵਿਰੋਧ ਵਿਚ ਯੂਨੀਅਨ ਵੱਲੋਂ ਸਰਕਾਰ ਖ਼ਿਲਾਫ਼ ਕੰਟੈਮਪਟ ਆਫ਼ ਕੋਰਟ ਦਾਇਰ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਨਿਸਟਰੀਅਲ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿਚ 17 ਜੁਲਾਈ 2020 ਅਤੇ 15 ਜਨਵਰੀ 2015 ਦੇ ਪੱਤਰ ਰੱਦ ਕਰਨਾ, ਏ.ਸੀ.ਪੀ. ਸਕੀਮ ਲਾਗੂ ਕਰਨਾ, ਡਿਵੈਲਪਮੈਂਟ ਟੈਕਸ ਵਾਪਸ ਲੈਣਾ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ ਸ਼ਾਮਿਲ ਹਨ। ਮੁਲਾਜ਼ਮ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਤਾਂ ਮਨਿਸਟਰੀਅਲ ਯੂਨੀਅਨ ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਮੁੱਖ ਸਲਾਹਕਾਰ ਮਨਪ੍ਰੀਤ ਸਿੰਘ, ਸੁਖਮੰਦਰ ਸਿੰਘ, ਕੁਲਦੀਪ ਕੌਰ, ਗੁਰਮੀਤ ਕੌਰ, ਸਵਾਤੀ ਬਾਂਸਲ, ਅਮਨਦੀਪ ਕੌਰ, ਸੰਦੀਪ ਕੌਰ, ਹਰਪਾਲ ਰਾਏ, ਸੁਰਜੀਤ ਸਿੰਘ, ਬਲਤੇਜ ਸਿੰਘ, ਸੁਮਿਤ, ਮੋਹਨ ਲਾਲ, ਜਗਦੇਵ ਸਿੰਘ, ਕੁਲਵੀਰ ਸਿੰਘ ਅਤੇ ਲੁਕੇਸ ਕੁਮਾਰ ਸਮੇਤ ਹੋਰ ਮੁਲਾਜ਼ਮ ਮੌਜੂਦ ਸਨ।