ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਕਾਂਗਰਸ ਨੇ ਕੀਤਾ ਰੋਸ ਪ੍ਰਦਰਸ਼ਨ
ਬਠਿੰਡਾ, 11 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਗੁਲਜ਼ਾਰ ਸਿੰਘ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਅੱਜ ਕਾਂਗਰਸ ਵਲੋਂ ਬਠਿੰਡਾ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਕਾਂਗਰਸ ਸ਼ਹਿਰੀ ਪ੍ਰਧਾਨ ਰਾਜਨ ਗਰਗ ਅਤੇ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ ਹੇਠ ਐਸ.
ਬਠਿੰਡਾ, 11 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਗੁਲਜ਼ਾਰ ਸਿੰਘ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਅੱਜ ਕਾਂਗਰਸ ਵਲੋਂ ਬਠਿੰਡਾ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਕਾਂਗਰਸ ਸ਼ਹਿਰੀ ਪ੍ਰਧਾਨ ਰਾਜਨ ਗਰਗ ਅਤੇ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ ਹੇਠ ਐਸ.ਐਸ.ਪੀ. ਦਫ਼ਤਰ ਕੋਲ ਇਕੱਠੇ ਹੋਏ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਅਤੇ ਡੀਜੀਪੀ ਦੇ ਨਾਂ ਐੱਸਐੱਸਪੀ ਨੂੰ ਮੰਗ ਪੱਤਰ ਸੌਂਪਦਿਆਂ ਮਾਮਲੇ ਵਿਚ ਖ਼ਜ਼ਾਨਾ ਮੰਤਰੀ ਨੂੰ ਵੀ ਨਾਮਜ਼ਦ ਕਰਨ ਦੀ ਮੰਗ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਰਾਜਨ ਗਰਗ, ਪ੍ਰੀਤਮ ਸਿੰਘ ਕੋਟਭਾਈ, ਅਸ਼ੋਕ ਕੁਮਾਰ, ਪੀਪੀਸੀਸੀ ਦੇ ਡੈਲੀਗੇਟ ਟਹਿਲ ਸਿੰਘ ਸੰਧੂ ਅਤੇ ਮੀਤ ਪ੍ਰਧਾਨ ਰੁਪਿੰਦਰ ਬਿੰਦਰਾ ਨੇ ਕਿਹਾ ਕਿ ਨਸ਼ਿਆਂ ਦੇ ਮੁੱਦੇ ’ਤੇ ਸਵਾਲ ਕਰਨ ਵਾਲੇ ਮਜ਼ਦੂਰ ਗੁਲਜ਼ਾਰ ਸਿੰਘ ਨਾਲ ਕਥਿਤ ਤੌਰ ’ਤੇ ਤਸ਼ੱਦਦ ਕੀਤਾ ਗਿਆ, ਜਿਸ ਤੋਂ ਬਾਅਦ ਉਸ ਨੇ ਖ਼ੁਦਕੁਸ਼ੀ ਕੀਤੀ। ਪਰ ਹੈਰਾਨੀ ਦੀ ਗੱਲ ਹੈ ਕਿ ਹਰਪਾਲ ਸਿੰਘ ਚੀਮਾ ਨੂੰ ਇਸ ਮਾਮਲੇ ਵਿਚ ਸ਼ਾਮਲ ਨਹੀਂ ਕੀਤਾ ਗਿਆ। ਕਾਂਗਰਸੀ ਆਗੂਆਂ ਨੇ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਂਦਿਆਂ ਹਰਪਾਲ ਸਿੰਘ ਚੀਮਾ ਨੂੰ ਵੀ ਕੇਸ ਵਿਚ ਨਾਮਜ਼ਦ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਤੁਰੰਤ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ। ਰਾਜਨ ਗਰਗ ਨੇ ਕਿਹਾ ਕਿ ਲੋਕਾਂ ਵਲੋਂ ਮੰਤਰੀਆਂ ਨੂੰ ਸਵਾਲ ਕੀਤੇ ਜਾ ਰਹੇ ਹਨ, ਪਰ ਸਰਕਾਰ ਨੂੰ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ, ਨਾ ਕਿ ਸਵਾਲ ਕਰਨ ਵਾਲਿਆਂ ’ਤੇ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੇ ਡੀਜੀਪੀ ਨੂੰ ਇਕੋ ਸਲਾਹ ਹੈ ਕਿ ਖ਼ਜ਼ਾਨਾ ਮੰਤਰੀ ’ਤੇ ਤੁਰੰਤ ਪਰਚਾ ਦਰਜ ਕਰੋ। ਇਸ ਮੌਕੇ ਦਰਸ਼ਨ ਜੀਦਾ, ਸੁਰਜੀਤ ਸਿੰਘ ਮੋਖਾ, ਅੰਮ੍ਰਿਤਾ ਗਿੱਲ, ਸੁਰਿੰਦਰਜੀਤ ਸਿੰਘ ਸਾਹਨੀ, ਬਲਾਕ ਪ੍ਰਧਾਨ ਮਾਧਵ ਸ਼ਰਮਾ, ਹਰਪਾਲ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਇਸ ਮਾਮਲੇ ਨੂੰ ਲੈ ਕੇ ਸੰਘਰਸ਼ ਜਾਰੀ ਰੱਖੇਗੀ। ਇਸ ਮੌਕੇ ਕਰਤਾਰ ਸਿੰਘ ਬਰਾੜ, ਐਮ.ਸੀ. ਵਿੱਕੀ ਨੰਬਰਦਾਰ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ।