ਮਾਨਸਾ, 12 ਨਵੰਬਰ (ਸ.ਰਿ.)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ-2027 ਸਬੰਧੀ ਭਾਰਤ ਇਲੈਕਟਰੋਨਿਕ ਲਿਮਟਿਡ ਕੰਪਨੀ ਦੇ 6 ਇੰਜੀਨੀਅਰਾਂ ਵਲੋਂ ਜ਼ਿਲ੍ਹੇ ’ਚ ਵੋਟਿੰਗ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੋਟਿੰਗ ਮਸ਼ੀਨਾਂ ਦੀ ਚੈਕਿੰਗ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੈਕਿੰਗ ਪ੍ਰਕਿਰਿਆ ਸ਼ੁਰੂ ਹੋਣ ਤੋਂ ਖ਼ਤਮ ਹੋਣ ਤੱਕ ਐੱਫ.ਐੱਲ.ਸੀ. ਹਾਲ ਵਿਖੇ ਨਿੱਜੀ ਤੌਰ ’ਤੇ ਹਾਜ਼ਰ ਰਹਿਣ ਦੀ ਅਪੀਲ ਵੀ ਕੀਤੀ। ਉਨ੍ਹਾਂ ਦੱਸਿਆ ਕਿ ਚੈਕਿੰਗ ਪ੍ਰਕਿਰਿਆ ਦੌਰਾਨ ਕਿਸੇ ਵੀ ਵਿਅਕਤੀ, ਅਧਿਕਾਰੀ/ਕਰਮਚਾਰੀ ਨੂੰ ਹਾਲ ਵਿਖੇ ਬਿਨ੍ਹਾਂ ਅਧਿਕਾਰਤ ਪਹਿਚਾਣ ਪੱਤਰ ਦਾਖਲ ਹੋਣ ਦੀ ਆਗਿਆ ਨਹੀਂ ਹੋਵੇਗੀ।