1 ਜਨਵਰੀ 2027 ਦੀ ਯੋਗਤਾ ਮਿਤੀ ਦੇ ਆਧਾਰ ’ਤੇ ਵੋਟਰ ਸੂਚੀ ਦੀ ਸਰਸਰੀ ਸੁਧਾਈ ਸ਼ੁਰੂ
ਬਠਿੰਡਾ, 12 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01 ਜਨਵਰੀ 2027 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਅੱਜ 12 ਨਵੰਬਰ 2026 ਨੂੰ ਕੀਤੀ ਗਈ ਹੈ।
ਬਠਿੰਡਾ, 12 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01 ਜਨਵਰੀ 2027 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਅੱਜ 12 ਨਵੰਬਰ 2026 ਨੂੰ ਕੀਤੀ ਗਈ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਮੈਡਮ ਪੂਨਮ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮੁੱਢਲੀਆਂ ਪ੍ਰਕਾਸ਼ਿਤ ਵੋਟਰ ਸੂਚੀਆਂ ਜ਼ਿਲ੍ਹਾ ਚੋਣ ਦਫ਼ਤਰ, ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਅਤੇ ਬੂਥ ਲੈਵਲ ਅਫ਼ਸਰਾਂ ਦੇ ਦਫ਼ਤਰਾਂ ਵਿਖੇ ਆਮ ਜਨਤਾ ਦੇ ਵੇਖਣ ਲਈ ਉਪਲੱਬਧ ਹੋਣਗੀਆਂ। ਇਨ੍ਹਾਂ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦਾ ਸਮਾਂ 12 ਨਵੰਬਰ ਤੋਂ 11 ਦਸੰਬਰ ਤੱਕ ਨਿਰਧਾਰਿਤ ਕੀਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਵਿਚ ਆਪਣਾ ਨਾਮ ਅਤੇ ਵੇਰਵੇ ਜ਼ਰੂਰ ਚੈਕ ਕਰਨ ਅਤੇ ਲੋੜ ਅਨੁਸਾਰ ਨਿਰਧਾਰਿਤ ਸਮੇਂ ਅੰਦਰ ਦਾਅਵੇ ਜਾਂ ਇਤਰਾਜ਼ ਦਾਇਰ ਕਰਨ। ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਚੋਣ ਦਫ਼ਤਰ ਬਠਿੰਡਾ ਵਿਖੇ ਸਥਾਪਿਤ ਵੋਟਰ ਹੈਲਪਲਾਈਨ ਨੰਬਰ 1950 ’ਤੇ ਫੋਨ ਕਰਕੇ ਵੀ ਚੋਣਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਦੌਰਾਨ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।