ਕਿਸਾਨ ਜਥੇਬੰਦੀਆਂ ਵਲੋਂ ਅਨਾਜ ਮੰਡੀਆਂ ’ਚੋਂ ਝੋਨੇ ਦੀ ਖਰੀਦ ਬੰਦ ਕਰਨ ਦੇ ਰੋਸ ’ਚ ਪ੍ਰਦਰਸ਼ਨ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਭੇਜਿਆ
ਮਾਨਸਾ, 13 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸੰਯੁਕਤ ਕਿਸਾਨ ਮੋਰਚਾ ’ਚ ਸ਼ਾਮਲ ਕਿਸਾਨ ਜਥੇਬੰਦੀਆਂ ਵਲੋਂ ਅਨਾਜ ਮੰਡੀਆਂ ’ਚ ਝੋਨੇ ਦੀ ਖਰੀਦ ਬੰਦ ਕਰਨ ਦੇ ਰੋਸ ’ਚ ਇੱਥੇ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਵੀ ਭੇਜਿਆ।
ਮਾਨਸਾ, 13 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸੰਯੁਕਤ ਕਿਸਾਨ ਮੋਰਚਾ ’ਚ ਸ਼ਾਮਲ ਕਿਸਾਨ ਜਥੇਬੰਦੀਆਂ ਵਲੋਂ ਅਨਾਜ ਮੰਡੀਆਂ ’ਚ ਝੋਨੇ ਦੀ ਖਰੀਦ ਬੰਦ ਕਰਨ ਦੇ ਰੋਸ ’ਚ ਇੱਥੇ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਵੀ ਭੇਜਿਆ। ਬੁਲਾਰਿਆਂ ਨੇ ਕਿਹਾ ਕਿ ਇਕ ਪਾਸੇ ਸਰਕਾਰ ਕਹਿ ਰਹੀ ਹੈ ਕਿ ਝੋਨੇ ਦੀ ਖਰੀਦ ਦਾ ਟੀਚਾ ਪੂਰਾ ਹੋ ਗਿਆ ਹੈ ਪਰ ਦੂਜੇ ਪਾਸੇ ਰਾਜ ਦੀਆਂ ਲਗਭਗ 400 ਮੰਡੀਆਂ ’ਚ ਝੋਨੇ ਦੀ ਸਰਕਾਰੀ ਖਰੀਦ ਬੰਦ ਕਰ ਦਿੱਤੀ ਗਈ ਹੈ ਜਦਕਿ ਫਾਜ਼ਿਲਕਾ, ਮੁਕਤਸਰ, ਮਾਨਸਾ, ਬਠਿੰਡਾ, ਫਰੀਦਕੋਟ, ਮੋਗਾ, ਬਰਨਾਲਾ, ਮਲੇਰਕੋਟਲਾ, ਸੰਗਰੂਰ, ਪਟਿਆਲਾ, ਲੁਧਿਆਣਾ ਆਦਿ ਜਿਲ੍ਹਿਆਂ ਦੀਆਂ ਮੰਡੀਆਂ ’ਚ ਹਾਲੇ ਵੀ 35 ਪ੍ਰਤੀਸ਼ਤ ਤੋਂ ਵੱਧ ਝੋਨਾ ਖਰੀਦ ਕਰਨ ਵਾਲਾ ਪਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਕੁਦਰਤੀ ਆਫਤਾਂ ਕਾਰਨ ਝੋਨੇ ਦਾ ਨੁਕਸਾਨ ਨਹੀਂ ਹੋਇਆ, ਜਿਸ ਲਈ ਝੋਨੇ ਦਾ ਝਾੜ 220 ਲੱਖ ਟਨ ਤੋਂ ਵੱਧ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਲ 2020-21 ’ਚ ਝੋਨੇ ਦੀ ਸਰਕਾਰੀ ਖਰੀਦ 203.10 ਲੱਖ ਟਨ ਕੀਤੀ ਗਈ ਸੀ ਤਾਂ ਫਿਰ 180 ਲੱਖ ਟਨ ਝੋਨੇ ਦੀ ਖਰੀਦ ਦਾ ਟੀਚਾ ਕਿਸ ਤਰ੍ਹਾਂ ਤੈਅ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਨੇ ਚੰਡੀਗੜ੍ਹ ਮੋਰਚੇ ਦੌਰਾਨ ਵਾਅਦਾ ਕੀਤਾ ਸੀ ਕਿ ਗੰਨੇ ਦਾ ਭਾਅ ਬਾਕੀ ਸੂਬਿਆਂ ਨਾਲੋਂ ਵੱਧ ਦਿੱਤਾ ਜਾਵੇਗਾ ਅਤੇ ਇੱਕ ਕਾਊਂਟਰ ’ਤੇ ਇੱਕੋ ਵਾਰੀ ਸਾਰੀ ਰਕਮ ਦਿੱਤੀ ਜਾਵੇਗੀ ਪਰ ਹਾਲੇ ਤੱਕ ਗੰਨੇ ਦੇ ਰੇਟ ਐਲਾਨ ਨਹੀਂ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਮੰਡੀਆਂ ’ਚ ਬੰਦ ਕੀਤੀ ਝੋਨੇ ਦੀ ਖਰੀਦ ਤੁਰੰਤ ਚਾਲੂ ਕੀਤੀ ਜਾਵੇ, ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਤੁਰੰਤ ਐਲਾਨਣ ਦੇ ਨਾਲ ਹੀ ਸਾਰੀ ਰਕਮ ਇੱਕ ਕਾਊਂਟਰ ਰਾਹੀਂ ਦਿੱਤੀ ਜਾਵੇ ਅਤੇ ਗੰਨੇ ਦਾ ਸਾਰਾ ਬਕਾਇਆ ਤੁਰੰਤ ਅਦਾ ਕੀਤਾ ਜਾਵੇ। ਕਿਸਾਨ ਆਗੂ ਬੋਘ ਸਿੰਘ ਮਾਨਸਾ, ਨਿਰਮਲ ਸਿੰਘ ਝੰਡੂਕੇ, ਗੋਰਾ ਸਿੰਘ ਭੈਣੀਬਾਘਾ, ਗੁਰਜੰਟ ਸਿੰਘ ਮਾਨਸਾ, ਰੂਪ ਸਿੰਘ ਭੀਖੀ, ਭਜਨ ਸਿੰਘ ਘੁੰਮਣ, ਮੱਖਣ ਸਿੰਘ ਭੈਣੀਬਾਘਾ, ਸੁਖਚਰਨ ਸਿੰਘ ਸੱਦੇਵਾਲੀਆ, ਹਰਦੇਵ ਸਿੰਘ ਬੁਰਜ ਰਾਠੀ, ਕਾਲਾ ਸਿੰਘ ਅਕਲੀਆ, ਬਲਜੀਤ ਸਿੰਘ ਭੈਣੀਬਾਘਾ ਨੇ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।