ਝੋਨੇ ਦੀ ਖ਼ਰੀਦ ਬੰਦ ਹੋਣ ਦੇ ਰੋਸ ’ਚ ਕਿਸਾਨਾਂ ਵਲੋਂ ਐੱਸ.ਡੀ.ਐੱਮ. ਦਫ਼ਤਰ ਅੱਗੇ ਧਰਨਾ
ਬੁਢਲਾਡਾ, 13 ਨਵੰਬਰ (ਸੁਨੀਲ ਮਨਚੰਦਾ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਅੱਜ ਕਿਸਾਨ ਜਥੇਬੰਦੀਆਂ ਵਲੋਂ ਝੋਨੇ ਦੀ ਖ਼ਰੀਦ ਸਬੰਧੀ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਐੱਸ. ਡੀ.
ਬ
ਬੁਢਲਾਡਾ ਵਿਖੇ ਮੁੱਖ ਮੰਤਰੀ ਦੇ ਨਾਂਅ ਮੰਗ-ਪੱਤਰ ਦਿੰਦੇ ਹੋਏ ਸੰਯੁਕਤ ਕਿਸਾਨ ਮੋਰਚਾ ਦੇ ਆਗੂ। ਤਸਵੀਰ : ਟੋਨੀ ਬੁਢਲਾਡਾ
14-11-2026
ਬੁਢਲਾਡਾ, 13 ਨਵੰਬਰ (ਸੁਨੀਲ ਮਨਚੰਦਾ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਅੱਜ ਕਿਸਾਨ ਜਥੇਬੰਦੀਆਂ ਵਲੋਂ ਝੋਨੇ ਦੀ ਖ਼ਰੀਦ ਸਬੰਧੀ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਐੱਸ.ਡੀ.ਐੱਮ. ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਕਿਸਾਨ ਆਗੂਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਰਾਜ਼ਗੀ ਜ਼ਾਹਿਰ ਕਰਦਿਆਂ ਮੰਡੀਆਂ ’ ਚ ਪਿਆ ਝੋਨਾ ਤੁਰੰਤ ਖ਼ਰੀਦਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਸੂਬੇ ਦੀਆਂ ਕਰੀਬ 400 ਮੰਡੀਆਂ ’ਚ ਝੋਨੇ ਦੀ ਖ਼ਰੀਦ ਬੰਦ ਕਰ ਦਿੱਤੀ ਗਈ ਸੀ। ਇਸ ਸਬੰਧੀ 11 ਨਵੰਬਰ ਨੂੰ ਮਾਲਵੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਜ਼ਿਲ੍ਹਾ ਪੱਧਰੀ ਵਫ਼ਦਾਂ ਵਲੋਂ ਮਿਲਣ ਤੋਂ ਬਾਅਦ ਖ਼ਰੀਦ ਮੁੜ ਸ਼ੁਰੂ ਹੋਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਾਰਾ ਝੋਨਾ ਨਹੀਂ ਖ਼ਰੀਦਿਆ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕਿਸਾਨਾਂ ਨੂੰ ਝੋਨੇ ਦੀਆਂ ਨਵੀਆਂ ਕਿਸਮਾਂ ਬੀਜਣ ਲਈ ਉਤਸ਼ਾਹਿਤ ਕੀਤਾ ਗਿਆ ਹੈ ਪਰ ਇਹ ਕਿਸਮਾਂ ਦੇਰ ਨਾਲ ਪੱਕਦੀਆਂ ਹਨ, ਜਿਸ ਕਾਰਨ ਇਨ੍ਹਾਂ ਦੀ ਕਟਾਈ ਵੀ ਦੇਰੀ ਨਾਲ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਕਈ ਮੰਡੀਆਂ ਅਜੇ ਵੀ ਝੋਨੇ ਨਾਲ ਭਰੀਆਂ ਪਈਆਂ ਹਨ ਅਤੇ ਕਿਸਾਨ ਆਪਣੀ ਫ਼ਸਲ ਵੇਚਣ ਲਈ ਖੱਜਲ-ਖੁਆਰ ਹੋ ਰਹੇ ਹਨ। ਆਗੂਆਂ ਨੇ ਦੋਸ਼ ਲਗਾਇਆ ਕਿ ਕਈ ਮੰਡੀਆਂ ’ਚ ਕਿਸਾਨਾਂ ਦੀ ਫ਼ਸਲ ’ਚੋਂ 5 ਤੋਂ 12 ਕਿੱਲੋ ਤੱਕ ਕਾਟ ਕੱਟੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀਆਂ, ਖ਼ਰੀਦ ਏਜੰਸੀਆਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਦੀ ਕਾਰਗੁਜ਼ਾਰੀ ਦੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਕਿਸਾਨਾਂ ਨਾਲ ਹੋ ਰਹੀ ਕਥਿਤ ਲੁੱਟ ਨੂੰ ਰੋਕਿਆ ਜਾ ਸਕੇ। ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਵੀ ਭੇਜਿਆ ਗਿਆ। ਕਿਸਾਨਾਂ ਨੇ ਮੰਗ ਕੀਤੀ ਕਿ ਬੰਦ ਕੀਤੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਤੁਰੰਤ ਸ਼ੁਰੂ ਕੀਤੀ ਜਾਵੇ, ਕਿਸਾਨਾਂ ਦੀ ਫ਼ਸਲ ਦੀ ਅਦਾਇਗੀ ਸਮੇਂ ਸਿਰ ਉਨ੍ਹਾਂ ਦੇ ਖਾਤਿਆਂ ’ਚ ਪਾਈ ਜਾਵੇ ਅਤੇ ਮੰਡੀਆਂ ’ਚ ਹੋ ਰਹੀ ਕਥਿਤ ਲੁੱਟ ਤੇ ਖੱਜਲ-ਖੁਆਰੀ ਦੀ ਜਾਂਚ ਕਰਵਾਈ ਜਾਵੇ। ਧਰਨੇ ਨੂੰ ਕੁਲਵੰਤ ਸਿੰਘ ਕਿਸ਼ਨਗੜ੍ਹ, ਅਮਰੀਕ ਸਿੰਘ ਫਫੜੇ ਭਾਈਕੇ, ਦਿਲਬਾਗ ਸਿੰਘ ਕਲੀਪੁਰ, ਪ੍ਰਸ਼ੋਤਮ ਸਿੰਘ ਗਿੱਲ, ਰਾਮਫਲ ਸਿੰਘ ਚੱਕ ਅਲੀਸ਼ੇਰ, ਕੁਲਦੀਪ ਸਿੰਘ ਚੱਕ ਭਾਈਕੇ, ਦਸੌਂਧਾ ਸਿੰਘ ਬਹਾਦਰਪੁਰ, ਜਰਨੈਲ ਸਿੰਘ ਕਿਸ਼ਨਗੜ੍ਹ, ਮੇਲਾ ਸਿੰਘ ਆਦਿ ਨੇ ਸੰਬੋਧਨ ਕੀਤਾ।