ਜੈ ਸਿੰਘ ਵਾਲਾ ਦੇ ਖ਼ਰੀਦ ਕੇਂਦਰ ’ਚ ਝੋਨੇ ਦੀ ਬੋਲੀ ਨਾ ਲੱਗਣ ਕਾਰਨ ਕਿਸਾਨਾਂ ਵਲੋਂ ਧਰਨਾ, ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
ਸੰਗਤ ਮੰਡੀ, 19 ਨਵੰਬਰ (ਸੁਖਤੇਜ ਧਾਲੀਵਾਲ)- ਸੂਬਾ ਸਰਕਾਰ ਵਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਮੁਸ਼ਕਲ ਨਾ ਆਉਣ ਦੇ ਕੀਤੇ ਜਾ ਰਹੇ ਦਾਅਵਿਆਂ ਦੀ ਜੈ ਸਿੰਘ ਵਾਲਾ ਦੇ ਖ਼ਰੀਦ ਕੇਂਦਰ ਵਿਚ ਫੂਕ ਨਿਕਲਦੀ ਦਿਖਾਈ ਦੇ ਰਹੀ ਹੈ। ਮਾਰਕੀਟ ਕਮੇਟੀ ਸੰਗਤ ਅਧੀਨ ਪੈਂਦੇ ਇਸ ਖ਼ਰੀਦ ਕੇਂਦਰ ਵਿਚ ਝੋਨੇ ਦੀ ਬੋਲੀ ਨਾ ਲੱਗਣ ਕਾਰਨ ਕਿਸਾਨ ਪਿਛਲੇ 20-20 ਦਿਨਾਂ ਤੋਂ ਆਪਣੀ ਫ਼ਸਲ ਵਿਕਣ ਦੀ ਉਡੀਕ ਕਰ ਰਹੇ ਹਨ।
ਸੰਗਤ ਮੰਡੀ, 19 ਨਵੰਬਰ (ਸੁਖਤੇਜ ਧਾਲੀਵਾਲ)- ਸੂਬਾ ਸਰਕਾਰ ਵਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਮੁਸ਼ਕਲ ਨਾ ਆਉਣ ਦੇ ਕੀਤੇ ਜਾ ਰਹੇ ਦਾਅਵਿਆਂ ਦੀ ਜੈ ਸਿੰਘ ਵਾਲਾ ਦੇ ਖ਼ਰੀਦ ਕੇਂਦਰ ਵਿਚ ਫੂਕ ਨਿਕਲਦੀ ਦਿਖਾਈ ਦੇ ਰਹੀ ਹੈ। ਮਾਰਕੀਟ ਕਮੇਟੀ ਸੰਗਤ ਅਧੀਨ ਪੈਂਦੇ ਇਸ ਖ਼ਰੀਦ ਕੇਂਦਰ ਵਿਚ ਝੋਨੇ ਦੀ ਬੋਲੀ ਨਾ ਲੱਗਣ ਕਾਰਨ ਕਿਸਾਨ ਪਿਛਲੇ 20-20 ਦਿਨਾਂ ਤੋਂ ਆਪਣੀ ਫ਼ਸਲ ਵਿਕਣ ਦੀ ਉਡੀਕ ਕਰ ਰਹੇ ਹਨ। ਖ਼ਰੀਦ ਕੇਂਦਰ ਵਿਚ ਝੋਨੇ ਦੇ ਅੰਬਾਰ ਲੱਗੇ ਹੋਣ ਦੇ ਬਾਵਜੂਦ ਖ਼ਰੀਦ ਸ਼ੁਰੂ ਨਾ ਹੋਣ ਤੋਂ ਖ਼ਫ਼ਾ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਦੀ ਅਗਵਾਈ ਹੇਠ ਧਰਨਾ ਲਗਾ ਕੇ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨੇ ਦੌਰਾਨ ਕਿਸਾਨਾਂ ਨੇ ਕਿਹਾ ਕਿ ਸਰਕਾਰ ਵਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਦੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ, ਪਰ ਜ਼ਮੀਨੀ ਹਕੀਕਤ ਇਨ੍ਹਾਂ ਦਾਅਵਿਆਂ ਦੇ ਬਿਲਕੁਲ ਉਲਟ ਹੈ। ਕਿਸਾਨਾਂ ਦੀ ਫ਼ਸਲ ਖ਼ਰੀਦ ਕੇਂਦਰ ਵਿਚ ਪਈ ਹੈ ਅਤੇ ਝੋਨਾ ਸੁੱਕਾ ਹੋਣ ਦੇ ਬਾਵਜੂਦ ਵੀ ਉਸ ਦੀ ਬੋਲੀ ਲਗਾਉਣ ਲਈ ਕੋਈ ਪ੍ਰਬੰਧ ਨਹੀਂ ਕੀਤਾ ਜਾ ਰਿਹਾ। ਇਸ ਕਾਰਨ ਕਿਸਾਨਾਂ ਨੂੰ ਆਰਥਿਕ ਅਤੇ ਮਾਨਸਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਕਿਸਾਨਾਂ ਨੇ ਆਪਣੀ ਹੱਡਬੀਤੀ ਸੁਣਾਉਂਦਿਆਂ ਕਿਹਾ ਕਿ ਉਹ ਪਿਛਲੇ 20 ਦਿਨਾਂ ਤੋਂ ਆਪਣੀ ਫ਼ਸਲ ਦੀ ਰਾਖੀ ਲਈ ਖ਼ਰੀਦ ਕੇਂਦਰ ਵਿਚ ਰਾਤਾਂ ਕੱਟਣ ਲਈ ਮਜਬੂਰ ਹਨ। ਦਿਨ ਸਮੇਂ ਤਾਂ ਕਿਸੇ ਤਰ੍ਹਾਂ ਸਮਾਂ ਲੰਘ ਜਾਂਦਾ ਹੈ, ਪਰ ਰਾਤ ਸਮੇਂ ਠੰਢ ਅਤੇ ਮੱਛਰਾਂ ਦੀ ਭਰਮਾਰ ਕਾਰਨ ਉਨ੍ਹਾਂ ਨੂੰ ਭਾਰੀ ਮੁਸ਼ਕਲਾਂ ਝੱਲਣੀਆਂ ਪੈਂਦੀਆਂ ਹਨ। ਖ਼ਾਸ ਕਰਕੇ ਬਜ਼ੁਰ ਗ ਕਿਸਾਨਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਮੁਸ਼ਕਿਲਾਂ ਸਿਰਫ਼ ਝੋਨੇ ਦੀ ਖ਼ਰੀਦ ਤੱਕ ਹੀ ਸੀਮਤ ਨਹੀਂ ਹਨ, ਸਗੋਂ ਅਗਲੀ ਫ਼ਸਲ ਕਣਕ ਦੀ ਬਿਜਾਈ ਲਈ ਵੀ ਉਨ੍ਹਾਂ ਨੂੰ ਡੀਏਪੀ ਖਾਦ ਦੀ ਘਾਟ ਨਾਲ ਜੂਝਣਾ ਪੈ ਰਿਹਾ ਹੈ। ਇੱਕ ਪਾਸੇ ਝੋਨੇ ਦੀ ਫ਼ਸਲ ਮੰਡੀਆਂ ਵਿਚ ਵਿਕਣ ਤੋਂ ਬਿਨਾਂ ਰੁਲ ਰਹੀ ਹੈ ਅਤੇ ਦੂਜੇ ਪਾਸੇ ਲੋੜੀਂਦੀ ਡੀਏਪੀ ਖਾਦ ਨਾ ਮਿਲਣ ਕਾਰਨ ਕਣਕ ਦੀ ਬਿਜਾਈ ਪਛੜਨ ਦੇ ਆਸਾਰ ਬਣ ਗਏ ਹਨ। ਇਸ ਤਰ੍ਹਾਂ ਕਿਸਾਨਾਂ ਨੂੰ ਇੱਕੋ ਸਮੇਂ ਦੋਹਰੀ ਮਾਰ ਝੱਲਣੀ ਪੈ ਰਹੀ ਹੈ। ਕਿਸਾਨ ਆਗੂਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜੈ ਸਿੰਘ ਵਾਲਾ ਦੇ ਖ਼ਰੀਦ ਕੇਂਦਰ ਵਿਚ ਪਏ ਸਮੁੱਚੇ ਝੋਨੇ ਦੀ ਤੁਰੰਤ ਬੋਲੀ ਲਗਾ ਕੇ ਖ਼ਰੀਦ ਸ਼ੁਰੂ ਕੀਤੀ ਜਾਵੇ ਅਤੇ ਫ਼ਸਲ ਦੀ ਸਮੇਂ ਸਿਰ ਚੁਕਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ। ਇਸ ਦੇ ਨਾਲ ਹੀ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਲੋੜੀਂਦੀ ਡੀਏਪੀ ਖਾਦ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਝੋਨੇ ਦੀ ਖ਼ਰੀਦ ਸ਼ੁਰੂ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿਚ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।