![]()
ਤਲਵੰਡੀ ਸਾਬੋ, 23 ਨਵੰਬਰ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ) - ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ਰਧਾ ਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਟੇਕ ਸਿੰਘ ਧਨੌਲਾ ਸਮੇਤ ਇਲਾਕੇ ਦੀ ਸੰਗਤਾਂ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ, ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਵੱਲੋਂ ਕੀਤੀ ਗਈ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਜਥੇਦਾਰ ਭਾਈ ਟੇਕ ਸਿੰਘ ਧਨੌਲਾ ਵੱਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਤੇ ਹੋਰ ਮੁਹਤਬਰਾਂ ਨੂੰ ਸਿਰੋਪੇ ਭੇਂਟ ਕੀਤੇ ਗਏ। ਨਗਰ ਕੀਰਤਨ ਦੇ ਅੱਗੇ ਜਿੱਥੇ ਵੱਖ ਗਤਕਾ ਟੀਮਾਂ ਵਲੋਂ ਗੱਤਕੇ ਦੇ ਜੰਗਜੂ ਜੌਹਰ ਦਿਖਾਏ ਗਏ ਉੱਥੇ ਹੀ ਰੰਗਲਾ ਪੰਜਾਬ ਫ਼ੌਜੀ ਬੈਂਡ ਭਦੌੜ ਅਤੇ ਯੂਨੀਵਰਸਲ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਦਾ ਬੈਂਡ ਨਗਰ ਕੀਰਤਨ ਦੀ ਰੌਣਕ ਨੂੰ ਹੋਰ ਵਧਾ ਰਿਹਾ ਸੀ। ਨਗਰ ਕੀਰਤਨ ਦੇ ਅੱਗੇ ਬੀਬੀਆਂ ਵਲੋਂ ਰਸਤਿਆਂ ਦੀ ਸਫ਼ਾਈ ਕੀਤੀ ਜਾ ਰਹੀ ਸੀ ਤੇ ਪਾਲਕੀ ਸਾਹਿਬ ਦੇ ਪਿੱਛੇ-ਪਿੱਛੇ ਸੰਗਤਾਂ ਗੁਰੂ ਜਸ ਗਾਇਨ ਰਹੀਆਂ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਟੇਕ ਸਿੰਘ ਧਨੌਲਾ ਨੇ ਜਿੱਥੇ ਸਮੂਹ ਸਿੱਖ ਜਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557 ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਉੱਥੇ ਹੀ ਸੰਗਤਾਂ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਹੋ ਕੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਅਸਲ ਜ਼ਿੰਦਗੀ ’ਚ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਜਥੇਦਾਰ ਟੇਕ ਸਿੰਘ ਧਨੌਲਾ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਝੱਬਰ ਤੇ ਅੰਤ੍ਰਿੰਗ ਮੈਂਬਰ ਮੋਹਣ ਸਿੰਘ ਬੰਗੀ ਵਲੋਂ ਗਤਕਾ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ਗਈ। ਤਖਤ ਸਾਹਿਬ ਤੋਂ ਰਵਾਨਗੀ ਉਪਰੰਤ ਨਗਰ ਕੀਰਤਨ ਦਾ ਇਲਾਕੇ ਦੀਆਂ ਸੰਗਤਾਂ ਵਲੋਂ ਵੱਖ - ਵੱਖ ਥਾਵਾਂ ’ਤੇ ਭਰਵਾਂ ਸਵਾਗਤ ਕੀਤਾ ਗਿਆ ਤੇ ਲੰਗਰ ਲਗਾਏ ਗਏ। ਨਗਰ ਕੀਰਤਨ ਦੌਰਾਨ ਤਲਵੰਡੀ ਸਾਬੋ ਦੇ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀ ਵੀ ਸ਼ਾਮਿਲ ਹੋਏ। ਵੱਖ -ਵੱਖ ਪੜਾਵਾਂ ’ਚੋਂ ਦੀ ਹੁੰਦਾ ਹੋਇਆ ਨਗਰ ਕੀਰਤਨ ਸ਼ਾਮ ਨੂੰ ਤਖਤ ਸਾਹਿਬ ਵਿਖੇ ਆ ਕੇ ਸਮਾਪਤ ਹੋਇਆ। ਇਸ ਦੌਰਾਨ ਜਥੇਦਾਰ ਮੋਹਣ ਸਿੰਘ ਬੰਗੀ ਅੰਤ੍ਰਿੰਗ ਕਮੇਟੀ ਮੈਂਬਰ ਵਲੋਂ ਨਗਰ ਕੀਰਤਨ ਚ ਸ਼ਾਮਿਲ ਹੋਈਆਂ ਅਤੇ ਸਹਿਯੋਗੀ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਨਗਰ ਕੀਰਤਨ ਦੌਰਾਨ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਝੱਬਰ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਮੋਹਣ ਸਿੰਘ ਬੰਗੀ,ਜਗਸੀਰ ਸਿੰਘ ਮਾਂਗੇਆਣਾ,ਗੁਰਮੀਤ ਸਿੰਘ ਤ੍ਰਿਲੋਕੇਵਾਲਾ ਤੇ ਸੁਰਜੀਤ ਸਿੰਘ ਰਾਏਪੁਰ ਤਿੰਨੇ ਮੈਂਬਰ ਸ਼੍ਰੋਮਣੀ ਕਮੇਟੀ, ਰਵੀਪ੍ਰੀਤ ਸਿੰਘ ਸਿੱਧੂ ਹਲਕਾ ਇੰਚਾਰਜ ਸ਼੍ਰੋਮਣੀ ਅਕਾਲ ਦਲ(ਬਾਦਲ), ਤਖਤ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ, ਗੁਰਚਰਨ ਸਿੰਘ ਜੀਂਦਾ ਤੇ ਗੁਰਦੇਵ ਸਿੰਘ ਮੀਤ ਮੈਨੇਜਰ, ਅਕਾਲੀ ਆਗੂ ਤੇਜਾ ਮਲਕਾਣਾ,ਜਸਵਿੰਦਰ ਸਿੰਘ ਸਿੱਧੂ,ਮਨੋਰਮਾ ਸਮਾਗ ਪ੍ਰਿੰਸੀਪਲ ਮਾਤਾ ਸਾਹਿਬ ਕੌਰ ਗਰਲਜ਼ ਕਾਲਜ,ਸ਼ਹੀਦ ਭਾਈ ਮਨੀ ਸਿੰਘ ਸੇਵਾ ਸੁਸਾਇਟੀ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਸੰਗਤ ਮੌਜੂਦ ਸੀ।