ਐਸ. ਐਸ. ਪੀ. ਡਾ. ਦਰਪਣ ਆਹਲੂਵਾਲੀਆ ਨੇ ਈਸੜੂ ਦਾ ਦੌਰਾ ਕਰ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ
ਈਸੜੂ, 5 ਅਗਸਤ (ਬਲਵਿੰਦਰ ਸਿੰਘ)-ਗੋਆ ਦੀ ਆਜ਼ਾਦੀ ਲਈ ਸ਼ਹੀਦੀ ਦੇਣ ਵਾਲੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ 15 ਅਗਸਤ ਨੂੰ ਪਿੰਡ ਈਸੜੂ ਵਿਖੇ ਹੋਣ ਵਾਲੇ ਰਾਜ ਪੱਧਰੀ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਸਮਾਗਮ ਨੂੰ ਸ਼ਾਂਤੀਪੂਰਨ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਖੰਨਾ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।
ਈ
ਈਸੜੂ ਵਿਖੇ 15 ਅਗਸਤ ਨੂੰ ਕਰਵਾਏ ਜਾ ਰਹੇ ਸ਼ਹੀਦੀ ਸਮਾਗਮ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਐੱਸ. ਐੱਸ ਪੀ. ਡਾਕਟਰ ਦਰਪਣ ਆਹਲੂਵਾਲੀਆ ਅਤੇ ਹੋਰ ਅਧਿਕਾਰੀ। ਤਸਵੀਰ - ਬਲਵਿੰਦਰ ਸਿੰਘ
06-08-2026
ਈਸੜੂ, 5 ਅਗਸਤ (ਬਲਵਿੰਦਰ ਸਿੰਘ)-ਗੋਆ ਦੀ ਆਜ਼ਾਦੀ ਲਈ ਸ਼ਹੀਦੀ ਦੇਣ ਵਾਲੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ 15 ਅਗਸਤ ਨੂੰ ਪਿੰਡ ਈਸੜੂ ਵਿਖੇ ਹੋਣ ਵਾਲੇ ਰਾਜ ਪੱਧਰੀ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਸਮਾਗਮ ਨੂੰ ਸ਼ਾਂਤੀਪੂਰਨ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਖੰਨਾ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਸਬੰਧੀ ਐਸ. ਐਸ. ਪੀ ਡਾ. ਦਰਪਣ ਆਹਲੂਵਾਲੀਆ ਨੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀਆਂ ਨਾਲ ਪਿੰਡ ਈਸੜੂ ਦਾ ਦੌਰਾ ਕਰਕੇ ਸੁਰੱਖਿਆ ਅਤੇ ਹੋਰ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਦੌਰੇ ਦੌਰਾਨ ਐਸ. ਐਸ. ਪੀ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਬੁੱਤ ਵਾਲੀ ਥਾਂ, ਸਮਾਗਮ ਸਥਾਨ ਅਤੇ ਆਲੇ-ਦੁਆਲੇ ਦੇ ਇਲਾਕੇ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਸਮਾਗਮ ਦੌਰਾਨ ਆਉਣ ਵਾਲੇ ਵੀਆਈਪੀਜ਼ ਤੇ ਹੋਰ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਪਾਰਕਿੰਗ , ਟਰੈਫਿਕ ਪ੍ਰਬੰਧ, ਆਵਾਜਾਈ ਦੇ ਰੂਟ, ਨਾਕਾਬੰਦੀ ਅਤੇ ਪੁਲਿਸ ਫੋਰਸ ਦੀ ਤਾਇਨਾਤੀ ਸਬੰਧੀ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਐਸ. ਐਸ. ਪੀ ਡਾ. ਦਰਪਣ ਆਹਲੂਵਾਲੀਆ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਹਰ ਪੱਖੋਂ ਚੌਕਸੀ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਥਾਵਾਂ ’ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇਗੀ ਅਤੇ ਲੋੜ ਅਨੁਸਾਰ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਪੁਲਿਸ ਦਾ ਮਕਸਦ ਸਮਾਗਮ ਨੂੰ ਪੂਰੀ ਤਰ੍ਹਾਂ ਸ਼ਾਂਤੀਪੂਰਨ, ਸੁਚਾਰੂ ਅਤੇ ਸੁਰੱਖਿਅਤ ਮਾਹੌਲ ਵਿੱਚ ਸੰਪੰਨ ਕਰਵਾਉਣਾ ਹੈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ ਤਾਂ ਜੋ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਰਾਜ ਪੱਧਰੀ ਸ਼ਰਧਾਂਜਲੀ ਸਮਾਗਮ ਸ਼ਰਧਾ, ਸਤਿਕਾਰ ਅਤੇ ਸੁਚੱਜੇ ਪ੍ਰਬੰਧਾਂ ਨਾਲ ਸੰਪੰਨ ਹੋ ਸਕੇ।