ਏ. ਐਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਗੌਰਮਿੰਟ ਸਰਕਾਰੀ ਹਾਈ ਸਕੂਲ ਵਿੱਚ ਵਿਸ਼ੇਸ਼ ਪ੍ਰੋਗਰਾਮ ਕਰਵਾਇਆ
ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)-ਏ. ਐਸ.
ਖੰਨਾ, 28 ਨਵੰਬਰ (ਹਰਜਿੰਦਰ ਸਿੰਘ ਲਾਲ)-ਏ. ਐਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਵੱਲੋਂ ਪੀ. ਐਮ. ਸ਼੍ਰੀ ਗੋਰਮਿੰਟ ਸਰਕਾਰੀ ਹਾਈ ਸਕੂਲ, ਸ਼ੇਰਪੁਰ ਬੇਟ ਵਿਖੇ ਵਿਦਿਆਰਥੀਆਂ ਵਿੱਚ ਸੱਭਿਆਚਾਰ ਅਤੇ ਉੱਦਮਤਾ ਦੇ ਹੁਨਰ ਵਿਕਸਿਤ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ ਅਤੇ ਡਾਇਸ ਦੇ ਤਹਿਤ ਆਯੋਜਿਤ ਕੀਤਾ ਗਿਆ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਵਾਚਾਰ, ਉੱਦਮਤਾ ਅਤੇ ਆਤਮ-ਨਿਰਭਰਤਾ ਪ੍ਰਤੀ ਜਾਗਰੂਕ ਕਰਨਾ ਸੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਹਰਜੀਤ ਸਿੰਘ ਵੱਲੋਂ ਕਾਲਜ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਅਤੇ ਮੁੱਖ ਵਕਤਾ ਪ੍ਰੋਫੈਸਰ ਹਰਨੀਤ ਕੌਰ (ਐਚ. ਓ. ਡੀ.) ਦਾ ਸਵਾਗਤ ਕੀਤਾ ਗਿਆ। ਡਾ. ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਵਿੱਚ ਛੋਟੀ ਉਮਰ ਤੋਂ ਹੀ ਨਵਾਚਾਰ, ਰਚਨਾਤਮਕ ਸੋਚ ਅਤੇ ਉੱਦਮਤਾ ਦੀ ਭਾਵਨਾ ਵਿਕਸਿਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਵੇਂ ਵਿਚਾਰਾਂ ਨਾਲ ਅੱਗੇ ਵਧਣ ਅਤੇ ਆਤਮ-ਨਿਰਭਰ ਬਣਨ ਲਈ ਪ੍ਰੇਰਿਤ ਕੀਤਾ। ਮੁੱਖ ਬੁਲਾਰਾ ਪ੍ਰੋਫੈਸਰ ਹਰਨੀਤ ਕੌਰ ਨੇ ਉੱਦਮਤਾ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਉੱਦਮਤਾ ਸਿਰਫ਼ ਕਾਰੋਬਾਰ ਸ਼ੁਰੂ ਕਰਨ ਤੱਕ ਸੀਮਿਤ ਨਹੀਂ ਹੈ, ਸਗੋਂ ਇਹ ਸਮੱਸਿਆਵਾਂ ਦੇ ਨਵੇਂ ਹੱਲ ਲੱਭਣ, ਜੋਖ਼ਮ ਉਠਾਉਣ ਅਤੇ ਆਪਣੇ ਵਿਚਾਰਾਂ ਨੂੰ ਹਕੀਕਤ ਵਿੱਚ ਬਦਲਣ ਦੀ ਸਮਰੱਥਾ ਵਿਕਸਿਤ ਕਰਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਵਿਚਾਰਾਂ ਨੂੰ ਪਛਾਣ ਕੇ ਉਨ੍ਹਾਂ ਨੂੰ ਰਚਨਾਤਮਕ ਦਿਸ਼ਾ ਦੇਣਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਦੀ ਅਧਿਆਪਕ ਅਵਤਾਰ ਸਿੰਘ ਨੇ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਲਈ ਅਜਿਹੇ ਗਿਆਨਵਰਧਕ ਅਤੇ ਪ੍ਰੇਰਣਾਦਾਇਕ ਪ੍ਰੋਗਰਾਮ ਬਹੁਤ ਲਾਭਦਾਇਕ ਹੁੰਦੇ ਹਨ। ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਵਿਹਾਰਕ ਗਿਆਨ ਅਤੇ ਭਵਿੱਖ ਦੇ ਮੌਕਿਆਂ ਨਾਲ ਜਾਣੂ ਕਰਵਾਉਣ ਵਿੱਚ ਸਹਾਇਕ ਸਾਬਤ ਹੁੰਦੇ ਹਨ।