ਵਿੱਤ ਮੰਤਰੀ ਦੇ ‘ਐਂਟੀ ਸਟੇਟ’ ਬਿਆਨ ਵਿਰੁੱਧ ਮੁਲਾਜ਼ਮਾਂ ਵਲੋਂ ਅਰਥੀ ਫ਼ੂਕ ਮੁਜ਼ਾਹਰਾ
ਮਹਿਲ ਕਲਾਂ, 13 ਅਗਸਤ (ਅਵਤਾਰ ਸਿੰਘ ਅਣਖੀ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾ ਪੱਧਰੀ ਸੱਦੇ ’ਤੇ ਐਸ. ਡੀ.
ਮਹਿਲ ਕਲਾਂ, 13 ਅਗਸਤ (ਅਵਤਾਰ ਸਿੰਘ ਅਣਖੀ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾ ਪੱਧਰੀ ਸੱਦੇ ’ਤੇ ਐਸ.ਡੀ.ਐਮ. ਅਤੇ ਤਹਿਸੀਲ ਦਫ਼ਤਰ ਮਹਿਲ ਕਲਾਂ ਦੇ ਮੁਲਾਜ਼ਮਾਂ ਵਲੋਂ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਜ਼ਿਲ੍ਹਾ ਬਰਨਾਲਾ ਦੇ ਜਨਰਲ ਸਕੱਤਰ ਵਿੱਕੀ ਡਾਬਲਾ ਦੀ ਅਗਵਾਈ ਹੇਠ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਦੀ ਅਰਥੀ ਫ਼ੂਕ ਕੇ ਰੋਸ ਪ੍ਰਗਟ ਕੀਤਾ ਗਿਆ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਉਹ ਆਪਣੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਸੰਵਿਧਾਨਕ ਅਤੇ ਲੋਕਤੰਤਰਿਕ ਢੰਗ ਨਾਲ ਸੰਘਰਸ਼ ਕਰ ਰਹੇ ਹਨ। ਅਜਿਹੇ ਮੁਲਾਜ਼ਮਾਂ ਨੂੰ ‘ਐਂਟੀ ਸਟੇਟ’ ਕਹਿਣਾ ਪੂਰੇ ਮੁਲਾਜ਼ਮ ਵਰਗ ਦਾ ਅਪਮਾਨ ਹੈ। ਰੋਸ ਪ੍ਰਦਰਸ਼ਨ ਦੌਰਾਨ ਮੁਲਾਜ਼ਮਾਂ ਵਲੋਂ ਨਿੰਦਾ ਪ੍ਰਸਤਾਵ ਵੀ ਪਾਸ ਕੀਤਾ ਗਿਆ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਮੁਲਾਜ਼ਮ ਜਥੇਬੰਦੀਆਂ ਸਬੰਧੀ ਦਿੱਤਾ ਗਿਆ ਕਥਿਤ ‘ਐਂਟੀ ਸਟੇਟ’ ਬਿਆਨ ਵਾਪਸ ਲਿਆ ਜਾਵੇ ਅਤੇ ਵਿੱਤ ਮੰਤਰੀ ਮੁਲਾਜ਼ਮ ਵਰਗ ਤੋਂ ਤੁਰੰਤ ਮੁਆਫ਼ੀ ਮੰਗਣ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਪੱਧਰ ’ਤੇ ਕਈ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਕਈ ਮੀਟਿੰਗਾਂ ਬੇਸਿੱਟਾ ਰਹੀਆਂ ਅਤੇ ਕਈ ਆਖ਼ਰੀ ਮੌਕੇ ’ਤੇ ਰੱਦ ਹੋ ਗਈਆਂ। ਮੁਲਾਜ਼ਮ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਸਬੰਧੀ ਕੋਈ ਠੋਸ ਫ਼ੈਸਲਾ ਨਾ ਲਿਆ ਤਾਂ 17 ਅਤੇ 18 ਅਗਸਤ 2026 ਨੂੰ ਦਫ਼ਤਰੀ ਮੁਲਾਜ਼ਮਾਂ ਵਲੋਂ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਪ੍ਰਭਾਵਿਤ ਹੋਵੇਗਾ ਅਤੇ ਇਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਮੈਡਮ ਗੁਰਮੀਤ ਕੌਰ, ਸਰਬਜੀਤ ਕੌਰ, ਮਨਪ੍ਰੀਤ ਕੌਰ, ਸੰਦੀਪ ਕੌਰ ਕਲਰਕ, ਕਰਨਅਵਤਾਰ ਸਿੰਘ ਪੰਧੇਰ, ਮਨਜੀਤ ਸਿੰਘ, ਜਗਦੇਵ ਸਿੰਘ, ਕਰਨਵੀਰ ਸਿੰਘ, ਮਨਦੀਪ ਸਿੰਘ ਸਮੇਤ ਐਸ.ਡੀ.ਐਮ. ਅਤੇ ਤਹਿਸੀਲ ਦਫ਼ਤਰ ਦੇ ਹੋਰ ਮੁਲਾਜ਼ਮ ਹਾਜ਼ਰ ਸਨ।