ਐਸ.ਜੀ.ਐਨ. ਇੰਟਰਨੈਸ਼ਨਲ ਸਕੂਲ ਦੀਵਾਨਾ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ
ਟੱਲੇਵਾਲ, 31 ਅਕਤੂਬਰ (ਸੋਨੀ ਚੀਮਾ)-ਐਸ. ਜੀ.
ਟੱਲੇਵਾਲ, 31 ਅਕਤੂਬਰ (ਸੋਨੀ ਚੀਮਾ)-ਐਸ.ਜੀ.ਐਨ. ਇੰਟਰਨੈਸ਼ਨਲ ਸਕੂਲ ਦੀਵਾਨਾ ਵਿਖੇ ਵਿਦਿਆਰਥੀਆਂ ਦੀ ਸਿਹਤ ਅਤੇ ਅੱਖਾਂ ਦੀ ਸੰਭਾਲ ਨੂੰ ਮੁੱਖ ਰੱਖਦਿਆਂ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਪੰਜਾਬ ਆਈ ਕੇਅਰ ਹਸਪਤਾਲ ਬਰਨਾਲਾ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਸਕੂਲ ਦੇ ਬੱਚਿਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਅੱਖਾਂ ਦੀ ਸਹੀ ਦੇਖਭਾਲ ਸਬੰਧੀ ਜ਼ਰੂਰੀ ਜਾਣਕਾਰੀ ਦਿੱਤੀ ਗਈ। ਡਾਕਟਰਾਂ ਨੇ ਬੱਚਿਆਂ ਨੂੰ ਅੱਖਾਂ ਦੀ ਸਫ਼ਾਈ ਰੱਖਣ, ਮੋਬਾਈਲ ਅਤੇ ਟੀ.ਵੀ ਦੀ ਘੱਟ ਵਰਤੋਂ ਕਰਨ ਅਤੇ ਅੱਖਾਂ ਵਿਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੋਣ ’ਤੇ ਤੁਰੰਤ ਮਾਹਿਰ ਡਾਕਟਰ ਦੀ ਸਲਾਹ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਬੱਚਿਆਂ ਦੀ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੀ ਸਿਹਤ ਦਾ ਧਿਆਨ ਰੱਖਣਾ ਵੀ ਸਕੂਲ ਦੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਡਾਕਟਰਾਂ ਦੀ ਟੀਮ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਸਿਹਤ ਜਾਂਚ ਕੈਂਪ ਲਗਾਏ ਜਾਂਦੇ ਰਹਿਣਗੇ। ਸਕੂਲ ਪ੍ਰਬੰਧਕਾਂ ਵਲੋਂ ਹਰ ਸਾਲ ਬੱਚਿਆਂ ਦੀਆਂ ਅੱਖਾਂ ਦੇ ਚੈੱਕਅਪ ਲਈ ਵਿਸ਼ੇਸ਼ ਤੌਰ ’ਤੇ ਕੈਂਪ ਲਗਾਇਆ ਜਾਂਦਾ ਹੈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ।