ਮੀਤ ਹੇਅਰ ਨੇ ਜੇਕਰ ਹਲਕਾ ਬਰਨਾਲਾ ਦਾ ਵਿਕਾਸ ਕਰਵਾਇਆ ਹੈ ਤਾਂ ਐੱਮ.ਪੀ. ਅਹੁਦੇ ਤੋਂ ਅਸਤੀਫ਼ਾ ਦੇ ਕੇ ਚੋਣ ਲੜੇ-ਮੱਖਣ ਸ਼ਰਮਾ
ਬਰਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਲੋਕ ਸਭਾ ਹਲਕਾ ਸੰਗਰੂਰ ਤੋਂ ਮੌਜੂਦਾ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਆਮ ਆਦਮੀ ਪਾਰਟੀ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੜ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸਿਆਸੀ ਮਾਹੌਲ ਗਰਮਾਉਣ ਲੱਗਾ ਹੈ। ਵਿਰੋਧੀ ਪਾਰਟੀਆਂ ਵਲੋਂ ਆਮ ਆਦਮੀ ਪਾਰਟੀ ਦੇ ਇਸ ਫ਼ੈਸਲੇ ’ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ।
ਬਰਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਲੋਕ ਸਭਾ ਹਲਕਾ ਸੰਗਰੂਰ ਤੋਂ ਮੌਜੂਦਾ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਆਮ ਆਦਮੀ ਪਾਰਟੀ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੜ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸਿਆਸੀ ਮਾਹੌਲ ਗਰਮਾਉਣ ਲੱਗਾ ਹੈ। ਵਿਰੋਧੀ ਪਾਰਟੀਆਂ ਵਲੋਂ ਆਮ ਆਦਮੀ ਪਾਰਟੀ ਦੇ ਇਸ ਫ਼ੈਸਲੇ ’ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਕਾਂਗਰਸ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਮੱਖਣ ਸ਼ਰਮਾ ਨੇ ਮੀਤ ਹੇਅਰ ਨੂੰ ਸਵਾਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੇ ਪਿਛਲੇ ਪੌਣੇ ਪੰਜ ਸਾਲਾਂ ਦੌਰਾਨ ਵਿਧਾਨ ਸਭਾ ਹਲਕਾ ਬਰਨਾਲਾ ਦਾ ਵਿਕਾਸ ਕਰਵਾਇਆ ਹੈ ਤਾਂ ਉਹ ਲੋਕ ਸਭਾ ਮੈਂਬਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਵਿਧਾਨ ਸਭਾ ਚੋਣ ਲੜਨ। ਸ੍ਰੀ ਸ਼ਰਮਾ ਨੇ ਕਿਹਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਬਰਨਾਲਾ ਦੇ ਲੋਕਾਂ ਨੇ ਗੁਰਮੀਤ ਸਿੰਘ ਮੀਤ ਹੇਅਰ ਨੂੰ ਵਿਧਾਇਕ ਚੁਣ ਕੇ ਵਿਧਾਨ ਸਭਾ ਵਿਚ ਭੇਜਿਆ ਸੀ ਪਰ ਵਿਧਾਇਕ ਦਾ ਅਹੁਦਾ ਛੱਡ ਕੇ ਲੋਕ ਸਭਾ ਚੋਣ ਲੜਨ ਅਤੇ ਹੁਣ ਮੁੜ ਵਿਧਾਇਕ ਬਣਨ ਲਈ ਬਰਨਾਲਾ ਤੋਂ ਚੋਣ ਮੈਦਾਨ ਵਿਚ ਉੱਤਰਨ ਦਾ ਫ਼ੈਸਲਾ ਲੋਕ ਸਭਾ ਹਲਕਾ ਸੰਗਰੂਰ ਦੇ ਵੋਟਰਾਂ ਪ੍ਰਤੀ ਜਵਾਬਦੇਹੀ ਦਾ ਸਵਾਲ ਖੜ੍ਹਾ ਕਰਦਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਸੰਗਰੂਰ ਦੇ ਲੋਕਾਂ ਨੇ ਉਨ੍ਹਾਂ ਨੂੰ ਪੰਜ ਸਾਲ ਲਈ ਆਪਣਾ ਨੁਮਾਇੰਦਾ ਚੁਣਿਆ ਹੈ, ਅਜਿਹੇ ਵਿਚ ਵਿਧਾਨ ਸਭਾ ਚੋਣ ਲੜਨ ਲਈ ਮੁੜ ਬਰਨਾਲਾ ਵੱਲ ਰੁਖ਼ ਕਰਨਾ ਲੋਕ ਸਭਾ ਹਲਕਾ ਸੰਗਰੂਰ ਦੇ ਵੋਟਰਾਂ ਨਾਲ ਧੋਖਾ ਹੈ। ਇਸ ਲਈ ਵਿਧਾਨ ਸਭਾ ਹਲਕਾ ਬਰਨਾਲਾ ਦੇ ਲੋਕ ਇਹ ਕਦੇ ਨਹੀਂ ਚਾਹੁਣਗੇ ਕਿ ਮੀਤ ਹੇਅਰ ਨੂੰ ਮੁੜ ਜਿਤਾ ਕੇ ਇੱਕ ਵਾਰ ਫਿਰ ਲੋਕ ਸਭਾ ਹਲਕਾ ਸੰਗਰੂਰ ਨੂੰ ਜ਼ਿਮਨੀ ਚੋਣ ਦੀ ਸਥਿਤੀ ਵਿਚ ਧੱਕਿਆ ਜਾਵੇ। ਸ੍ਰੀ ਸ਼ਰਮਾ ਨੇ ਕਿਹਾ ਕਿ ਲੰਘੀਆਂ ਨਗਰ ਨਿਗਮ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵਲੋਂ ਕੀਤੀਆਂ ਗਈਆਂ ਧੱਕੇਸ਼ਾਹੀਆਂ ਅਤੇ ਲੋਕਤੰਤਰੀ ਪ੍ਰਕਿਰਿਆ ਨੂੰ ਲੈ ਕੇ ਉੱਠੇ ਸਵਾਲਾਂ ਦਾ ਜਵਾਬ ਵੀ ਬਰਨਾਲਾ ਵਾਸੀ ਇਨ੍ਹਾਂ ਵਿਧਾਨ ਸਭਾ ਚੋਣਾਂ ਵਿਚ ਮੀਤ ਹੇਅਰ ਅਤੇ ਆਮ ਆਦਮੀ ਪਾਰਟੀ ਨੂੰ ਦੇਣਗੇ।