ਇਲਾਕੇ ’ਚ ਦਰੱਖਤਾਂ ਦੀ ਹੋ ਰਹੀ ਅੰਨ੍ਹੇਵਾਹ ਕਟਾਈ ਦਾ ਸਿਲਸਿਲਾ ਨਿਰਵਿਘਨ ਜਾਰੀ, ਜੰਗਲਾਤ ਵਿਭਾਗ ਕੁੰਭਕਰਨੀ ਨੀਂਦ ਸੁੱਤਾ
ਦਰੱਖਤਾਂ ਦੀ ਕਟਾਈ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਹੋ ਰਹੀ ਵਾਇਰਲ, ਵਿਭਾਗ ਦੀ ਕਾਰਗੁਜ਼ਾਰੀ ’ਤੇ ਉੱਠੇ ਸਵਾਲ
ਤਪਾ ਮੰਡੀ, 27 ਨਵੰਬਰ (ਪ੍ਰਵੀਨ ਗਰਗ)-ਸਰਕਾਰ ਵਲੋਂ ਇੱਕ ਪਾਸੇ ਵਾਤਾਵਰਨ ਦੀ ਸੰਭਾਲ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਇਲਾਕੇ ’ਚ ਹਰੇ-ਭਰੇ ਦਰੱਖਤਾਂ ਦੀ ਕਟਾਈ ਦਾ ਸਿਲਸਿਲਾ ਨਿਰਵਿਘਨ ਜਾਰੀ ਹੈ। ਇਸ ਸਬੰਧੀ ਦਰੱਖਤਾਂ ਦੀ ਕਟਾਈ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ, ਜਿਸ ਤੋਂ ਬਾਅਦ ਇਹ ਮਾਮਲਾ ਲੋਕਾਂ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਤਪਾ ਮੰਡੀ, 27 ਨਵੰਬਰ (ਪ੍ਰਵੀਨ ਗਰਗ)-ਸਰਕਾਰ ਵਲੋਂ ਇੱਕ ਪਾਸੇ ਵਾਤਾਵਰਨ ਦੀ ਸੰਭਾਲ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਇਲਾਕੇ ’ਚ ਹਰੇ-ਭਰੇ ਦਰੱਖਤਾਂ ਦੀ ਕਟਾਈ ਦਾ ਸਿਲਸਿਲਾ ਨਿਰਵਿਘਨ ਜਾਰੀ ਹੈ। ਇਸ ਸਬੰਧੀ ਦਰੱਖਤਾਂ ਦੀ ਕਟਾਈ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ, ਜਿਸ ਤੋਂ ਬਾਅਦ ਇਹ ਮਾਮਲਾ ਲੋਕਾਂ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਵਾਤਾਵਰਨ ਪ੍ਰੇਮੀਆਂ ਅਤੇ ਇਲਾਕਾ ਵਾਸੀਆਂ ਵਲੋਂ ਜੰਗਲਾਤ ਵਿਭਾਗ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ ਜਾ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਦਰੱਖਤ ਵਾਤਾਵਰਨ ਦਾ ਅਹਿਮ ਹਿੱਸਾ ਹਨ, ਜੋ ਪ੍ਰਦੂਸ਼ਣ ਨੂੰ ਘਟਾਉਣ ਅਤੇ ਕੁਦਰਤੀ ਸੰਤੁਲਨ ਬਣਾਈ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਦੇ ਬਾਵਜੂਦ ਸੜਕ ਕਿਨਾਰੇ ਹਰੇ-ਭਰੇ ਦਰੱਖਤਾਂ ਦੀ ਕਟਾਈ ਹੋਣਾ ਚਿੰਤਾ ਦਾ ਵਿਸ਼ਾ ਹੈ। ਲੋਕਾਂ ਨੇ ਸਵਾਲ ਉਠਾਇਆ ਕਿ ਜਦੋਂ ਦਰੱਖਤਾਂ ਦੀ ਕਟਾਈ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ ਤਾਂ ਕੀ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਦੀ ਜਾਣਕਾਰੀ ਨਹੀਂ। ਜੇਕਰ ਜਾਣਕਾਰੀ ਹੈ ਤਾਂ ਹੁਣ ਤੱਕ ਇਸ ਮਾਮਲੇ ਵਿਚ ਕੀ ਕਾਰਵਾਈ ਕੀਤੀ ਗਈ ਹੈ। ਇਲਾਕਾ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਜੰਗਲਾਤ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਵਾਇਰਲ ਵੀਡੀਓ ਦਾ ਗੰਭੀਰ ਨੋਟਿਸ ਲੈਂਦਿਆਂ ਮੌਕੇ ਦੀ ਜਾਂਚ ਕਰਵਾਈ ਜਾਵੇ ਅਤੇ ਦਰੱਖਤਾਂ ਦੀ ਕਟਾਈ ਦੇ ਕਾਰਨਾਂ ਤੇ ਇਸ ਦੀ ਮਨਜ਼ੂਰੀ ਸਬੰਧੀ ਤੱਥ ਸਾਹਮਣੇ ਲਿਆਂਦੇ ਜਾਣ। ਜੇਕਰ ਕਟਾਈ ਨਿਯਮਾਂ ਦੀ ਉਲੰਘਣਾ ਕਰ ਕੇ ਕੀਤੀ ਗਈ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।