ਲੋਕ ਸਭਾ ਮੈਂਬਰ ਮੀਤ ਹੇਅਰ ਵਲੋਂ ਪਿੰਡ ਝਲੂਰ ਦੇ ਸਰਕਾਰੀ ਸਕੂਲ ਵਿਚ ਐੱਨ.ਐੱਸ.ਕਿਊ.ਐੱਫ. ਲੈਬ ਲੋਕ ਅਰਪਣ
ਬਰਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਕਿੱਤਾਮੁਖੀ ਸਿੱਖਿਆ ਅਤੇ ਆਧੁਨਿਕ ਹੁਨਰਾਂ ਨਾਲ ਜੋੜਨ ਦੇ ਮਕਸਦ ਨਾਲ ਪਿੰਡ ਝਲੂਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਨੈਸ਼ਨਲ ਸਕਿੱਲਜ਼ ਕੁਆਲੀਫਿਕੇਸ਼ਨ ਫਰੇਮਵਰਕ (ਐੱਨ. ਐੱਸ.
ਬਰਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਕਿੱਤਾਮੁਖੀ ਸਿੱਖਿਆ ਅਤੇ ਆਧੁਨਿਕ ਹੁਨਰਾਂ ਨਾਲ ਜੋੜਨ ਦੇ ਮਕਸਦ ਨਾਲ ਪਿੰਡ ਝਲੂਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਨੈਸ਼ਨਲ ਸਕਿੱਲਜ਼ ਕੁਆਲੀਫਿਕੇਸ਼ਨ ਫਰੇਮਵਰਕ (ਐੱਨ. ਐੱਸ. ਕਿਊ. ਐੱਫ.) ਲੈਬ ਲੋਕ ਅਰਪਣ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਪਿੰਡ ਭੱਦਲਵੱਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਲਾਇਬ੍ਰੇਰੀ ਦੀ ਉਸਾਰੀ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਪਿੰਡ ਝਲੂਰ ਵਿਚ ਲੈਬ ਦਾ ਉਦਘਾਟਨ ਕਰਦਿਆਂ ਸ੍ਰੀ ਮੀਤ ਹੇਅਰ ਨੇ ਦੱਸਿਆ ਕਿ ਇਹ ਲੈਬ ਕਰੀਬ 13 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ, ਜਿਸ ਵਿਚ ਲਗਭਗ 2 ਲੱਖ ਰੁਪਏ ਦੇ ਆਧੁਨਿਕ ਉਪਕਰਨ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਲੈਬ ਦੀ ਸਥਾਪਨਾ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਰਵਾਇਤੀ ਪੜ੍ਹਾਈ ਦੇ ਨਾਲ-ਨਾਲ ਵਿਹਾਰਕ ਅਤੇ ਕਿੱਤਾਮੁਖੀ ਸਿੱਖਿਆ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਸਕੂਲ ਪੱਧਰ ਤੋਂ ਹੀ ਵੱਖ-ਵੱਖ ਖੇਤਰਾਂ ਵਿਚ ਲੋੜੀਂਦੇ ਹੁਨਰ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਸਿੱਖਿਆ ਦੇ ਖੇਤਰ ਵਿਚ ਮੋਹਰੀ ਬਣਾਉਣਾ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਆਧੁਨਿਕ ਗਿਆਨ ਅਤੇ ਹੁਨਰਾਂ ਨਾਲ ਲੈਸ ਕਰਨਾ ਹੈ, ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਹਰ ਖੇਤਰ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਸਕਣ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਪਿੰਡ ਭੱਦਲਵੱਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਲਾਇਬ੍ਰੇਰੀ ਦੀ ਉਸਾਰੀ ਦਾ ਨੀਂਹ ਪੱਥਰ ਰੱਖਦਿਆਂ ਮੀਤ ਹੇਅਰ ਨੇ ਦੱਸਿਆ ਕਿ ਇਹ ਲਾਇਬ੍ਰੇਰੀ ਕਰੀਬ 35 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ। ਇਸ ਲਾਇਬ੍ਰੇਰੀ ਵਿਚ ਵਿਦਿਆਰਥੀਆਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਆਧੁਨਿਕ ਸਹੂਲਤਾਂ, ਲੋੜੀਂਦਾ ਸਾਜ਼ੋ-ਸਮਾਨ ਅਤੇ ਵੱਖ-ਵੱਖ ਵਿਸ਼ਿਆਂ ਨਾਲ ਸਬੰਧਿਤ ਉਸਾਰੂ ਕਿਤਾਬਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਵਿਦਿਆਰਥੀਆਂ ਨੂੰ ਸਕੂਲ ਵਿਚ ਹੀ ਪੜ੍ਹਾਈ ਅਤੇ ਗਿਆਨ ਪ੍ਰਾਪਤੀ ਲਈ ਬਿਹਤਰ ਮਾਹੌਲ ਮਿਲ ਸਕੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸੁਨੀਤਇੰਦਰ ਸਿੰਘ, ਸਬੰਧਿਤ ਸਕੂਲਾਂ ਦੇ ਪ੍ਰਿੰਸੀਪਲ, ਸਮੂਹ ਅਧਿਆਪਕ ਅਤੇ ਪਿੰਡਾਂ ਦੇ ਪਤਵੰਤੇ ਹਾਜ਼ਰ ਸਨ।