15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਪੰਜਾਬ ਨਾਲ ਕੀਤਾ ਹਰ ਵਾਅਦਾ ਨਿਭਾਇਆ

ਪੰਜਾਬ ਨਾਲ ਕੀਤਾ ਹਰ ਵਾਅਦਾ ਨਿਭਾਇਆ

Ad Position 21
No active advertisement
ਅਜੀਤ ਡੈਸਕ 15-08-2026

ਅੱਜ ਸਾਡੇ ਮਹਾਨ ਦੇਸ਼ ਨੇ ਆਜ਼ਾਦੀ ਦੇ 79 ਸਾਲ ਪੂਰੇ ਕਰ ਲਏ ਹਨ। ਇਸ ਅਰਸੇ ਦੌਰਾਨ ਭਾਰਤ ਅਮਨ-ਸ਼ਾਂਤੀ, ਸਦਭਾਵਨਾ, ਤਰੱਕੀ ਅਤੇ ਖੁਸ਼ਹਾਲੀ ਪ੍ਰਤੀ ਅਟੁੱਟ ਵਿਸ਼ਵਾਸ ਅਤੇ ਦ੍ਰਿੜ੍ਹ ਵਚਨਬੱਧਤਾ ਨਾਲ ਵਿਸ਼ਵ ਦੇ ਸਭ ਤੋਂ ਵੱਡੇ ਜਮਹੂਰੀ ਮੁਲਕ ਵਜੋਂ ਉੱਭਰਿਆ ਹੈ। ਇਸ ਪਵਿੱਤਰ ਦਿਹਾੜੇ 'ਤੇ ਮੈਂ ਪੰਜਾਬ ਅਤੇ ਦੇਸ਼-ਵਿਦੇਸ਼ 'ਚ ਵਸਦੇ ਸਮੂਹ ਪੰਜਾਬੀਆਂ ਵਲੋਂ ਦੇਸ਼ ਵਾਸੀਆਂ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਮੁਬਾਰਕਬਾਦ ਦਿੰਦਾ ਹਾਂ। ਮਾਰਚ 2022 ਵਿਚ ਅਹੁਦਾ ਸੰਭਾਲਣ ਤੋਂ ਬਾਅਦ ਮੇਰੀ ਸਰਕਾਰ ਨੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹਰ ਸੰਭਵ ਕਦਮ ਚੁੱਕਿਆ ਹੈ, ਇਸ ਬਾਰੇ ਤੁਹਾਨੂੰ ਜਾਣੂ ਕਰਵਾਉਣਾ ਚਾਹੁੰਦਾ ਹਾਂ। ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਕਿਸੇ ਸਰਕਾਰ ਨੇ ਕੌਮੀ ਨੇਤਾਵਾਂ ਦੇ ਸਤਿਕਾਰ ਵਜੋਂ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਪੂਰਾ ਕੀਤਾ ਹੈ।

ਇਤਿਹਾਸ ਦੇ ਝਰੋਖੇ 'ਚੋਂ ਦੇਖੀਏ ਤਾਂ ਆਜ਼ਾਦੀ ਦੀ ਲਹਿਰ ਵਿਚ ਪੰਜਾਬੀਆਂ ਦੀ ਵਿਲੱਖਣ ਅਤੇ ਬੇਮਿਸਾਲ ਭੂਮਿਕਾ ਨੂੰ ਵਾਰ-ਵਾਰ ਦੁਹਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਆਪਣੀਆਂ ਜਾਨਾਂ ਵਾਰਨ ਵਾਲੇ ਜਾਂ ਬਰਤਾਨਵੀ ਤਸ਼ੱਦਦ ਦਾ ਸਾਹਮਣਾ ਕਰਨ ਵਾਲੇ 80 ਫ਼ੀਸਦੀ ਯੋਧਿਆਂ ਅਤੇ ਦੇਸ਼ ਭਗਤਾਂ ਨੇ ਉਮਰ ਕੈਦ ਭੁਗਤੀ, ਫ਼ਾਂਸੀ ਦੀਆਂ ਸਜ਼ਾਵਾਂ ਕੱਟੀਆਂ ਅਤੇ ਅੰਡੇਮਾਨ ਨਿਕੋਬਾਰ ਦੀ ਸੈਲੂਲਰ ਜੇਲ੍ਹ ਵਿਚ ਕਾਲੇਪਾਣੀ ਦਾ ਸੰਤਾਪ ਵੀ ਭੋਗਿਆ।
ਪੰਜਾਬ ਦੇ ਮਹਾਨ ਸ਼ਹੀਦਾਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ, ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਡਾ. ਦੀਵਾਨ ਸਿੰਘ ਕਾਲੇਪਾਣੀ, ਬਾਬਾ ਰਾਮ ਸਿੰਘ ਅਤੇ ਹੋਰ ਅਨੇਕਾਂ ਸ਼ਹੀਦਾਂ ਨੇ ਆਜ਼ਾਦੀ ਹਾਸਿਲ ਕਰਨ ਲਈ ਆਪਣੇ ਖੂਨ ਦਾ ਇਕ-ਇਕ ਕਤਰਾ ਵਹਾ ਦਿੱਤਾ। ਭਾਰਤੀ ਆਜ਼ਾਦੀ ਸੰਘਰਸ਼ ਦੌਰਾਨ ਕੂਕਾ ਲਹਿਰ, ਗ਼ਦਰ ਲਹਿਰ, ਬੱਬਰ ਅਕਾਲੀ ਲਹਿਰ, ਕਾਮਾਗਾਟਾਮਾਰੂ ਘਟਨਾ, ਕਿਸਾਨ ਅੰਦੋਲਨ ਤੋਂ ਇਲਾਵਾ ਜਲ੍ਹਿਆਂਵਾਲਾ ਬਾਗ ਦਾ ਸਾਕਾ, ਗੁਰਦੁਆਰਾ ਸੁਧਾਰ ਲਹਿਰ, ਜੈਤੋ ਦਾ ਮੋਰਚਾ ਅਤੇ ਪਰਜਾ ਮੰਡਲ ਅੰਦੋਲਨ ਵਰਗੀਆਂ ਇਤਿਹਾਸਕ ਲਹਿਰਾਂ ਦਾ ਵਡਮੁੱਲਾ ਯੋਗਦਾਨ ਹੈ। ਆਜ਼ਾਦੀ ਦਿਹਾੜਾ ਖੁਸ਼ੀ ਤੇ ਜਸ਼ਨਾਂ ਦਾ ਮੌਕਾ ਹੋਣ ਦੇ ਨਾਲ-ਨਾਲ ਸਵੈ-ਪੜਚੋਲ ਕਰਨ ਅਤੇ ਸੂਬੇ ਦੇ ਤੇਜ਼ੀ ਨਾਲ ਵਿਕਾਸ ਲਈ ਨਵੇਂ ਟੀਚੇ ਮਿੱਥਣ ਦਾ ਵੀ ਸਮਾਂ ਹੈ। ਇਹ ਸੱਚ ਵੀ ਕਿਸੇ ਤੋਂ ਲੁਕਿਆ-ਛਿਪਿਆ ਨਹੀਂ ਹੈ ਕਿ ਸੂਬੇ ਦੇ ਮਿਹਨਤੀ ਤੇ ਸਿਰੜੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿਚ ਆਤਮ ਨਿਰਭਰ ਬਣਾਉਣ 'ਚ ਅਹਿਮ ਭੂਮਿਕਾ ਨਿਭਾਈ ਹੈ।
ਹਾਲਾਂਕਿ ਆਜ਼ਾਦੀ ਦੇ 79 ਵਰ੍ਹੇ ਬੀਤਣ ਤੋਂ ਬਾਅਦ ਵੀ ਸਾਡੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਵਰਗੇ ਮਹਾਨ ਕੌਮੀ ਨਾਇਕਾਂ ਦੇ ਸੁਪਨੇ ਅਧੂਰੇ ਹਨ। ਅਸੀਂ ਗਰੀਬੀ, ਅਨਪੜ੍ਹਤਾ, ਬੇਰੋਜ਼ਗਾਰੀ ਅਤੇ ਸਮਾਜਿਕ ਬੁਰਾਈਆਂ ਤੋਂ ਮੁਕਤ ਨਵਾਂ ਪੰਜਾਬ ਸਿਰਜਣ ਦਾ ਦ੍ਰਿੜ੍ਹ ਸੰਕਲਪ ਲਿਆ ਹੈ ਅਤੇ ਇਸ ਨੂੰ ਵਿਕਾਸ ਦੀ ਲੀਹ 'ਤੇ ਪਾਇਆ ਹੈ। ਜੇਕਰ ਅਸੀਂ ਆਪਣੀ ਕਾਰਗੁਜ਼ਾਰੀ ਵੱਲ ਨਜ਼ਰ ਮਾਰੀਏ ਤਾਂ ਇਸ ਗੱਲ ਦੀ ਬਹੁਤ ਤਸੱਲੀ ਹੁੰਦੀ ਹੈ ਕਿ ਅਸੀਂ ਹੁਣ ਤੱਕ ਹਰ ਖੇਤਰ ਵਿਚ ਵਧੀਆ ਪ੍ਰਦਰਸ਼ਨ ਕੀਤਾ ਹੈ, ਚਾਹੇ ਉਹ ਸਿਹਤ, ਸਿੱਖਿਆ, ਰੁਜ਼ਗਾਰ, ਬੁਨਿਆਦੀ ਢਾਂਚਾ, ਖੇਤੀਬਾੜੀ, ਬਿਜਲੀ ਜਾਂ ਹੋਰ ਖੇਤਰ ਹੋਣ।
ਮਾਵਾਂ ਧੀਆਂ ਸਤਿਕਾਰ ਯੋਜਨਾ-ਸਾਡੀ ਸਰਕਾਰ ਨੇ ਆਪਣੀ ਕਿਸਮ ਦੀ ਇਹ ਪਹਿਲੀ ਸਕੀਮ ਸ਼ੁਰੂ ਕੀਤੀ ਹੈ, ਜਿਸ ਤਹਿਤ ਪੰਜਾਬ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਲਾਭ ਲੈਣ ਦੀਆਂ ਹੱਕਦਾਰ ਹਨ। ਇਸ ਸਕੀਮ ਅਧੀਨ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਅਤੇ ਆਮ ਵਰਗ ਦੀਆਂ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾ ਰਹੇ ਹਨ। ਇਸ ਸਕੀਮ ਤਹਿਤ ਕੁੱਲ ਟੀਚਾ ਇਕ ਕਰੋੜ ਤੋਂ ਵੱਧ ਔਰਤਾਂ ਤੱਕ ਪਹੁੰਚ ਕਰਨ ਦਾ ਹੈ ਅਤੇ ਇਸ ਵੇਲੇ 72.13 ਲੱਖ ਔਰਤਾਂ ਇਸ ਸਕੀਮ ਦਾ ਲਾਭ ਲੈ ਰਹੀਆਂ ਹਨ। ਇਹ ਸਕੀਮ ਸੂਬੇ ਦੀਆਂ 97 ਫੀਸਦੀ ਤੋਂ ਵੱਧ ਔਰਤਾਂ ਨੂੰ ਲਾਭ ਪਹੁੰਚਾ ਰਹੀ ਹੈ।
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ-ਲੋਕਾਂ ਨੂੰ ਵਿਆਪਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸੂਬਾ ਸਰਕਾਰ ਨੇ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਸ਼ੁਰੂ ਕੀਤੀ ਹੈ, ਜੋ ਦੇਸ਼ ਵਿਚ ਆਪਣੀ ਕਿਸਮ ਦੀ ਪਹਿਲੀ ਸਕੀਮ ਹੈ, ਜਿਸ ਅਧੀਨ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਯੋਜਨਾ ਅਧੀਨ ਇਸ ਸਾਲ ਜਨਵਰੀ ਤੋਂ ਲੈ ਕੇ ਹੁਣ ਤੱਕ ਲਗਭਗ 2.91 ਲੱਖ ਲਾਭਪਾਤਰੀਆਂ ਨੂੰ ਕਰੀਬ 1,044 ਕਰੋੜ ਰੁਪਏ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਚੁੱਕਾ ਹੈ।
ਮੇਰੀ ਰਸੋਈ-ਸੂਬਾ ਸਰਕਾਰ ਨੇ ਲੋੜਵੰਦ ਪਰਿਵਾਰਾਂ ਲਈ ਪੌਸ਼ਟਿਕ ਆਹਾਰ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 'ਮੇਰੀ ਰਸੋਈ' ਨਾਮੀ ਪ੍ਰਮੁੱਖ ਰਾਸ਼ਨ ਕਿੱਟ ਵੰਡ ਯੋਜਨਾ ਸ਼ੁਰੂ ਕੀਤੀ ਹੈ, ਜਿਸ ਤਹਿਤ ਲਗਭਗ 40.48 ਲੱਖ ਯੋਗ ਪਰਿਵਾਰਾਂ ਨੂੰ ਕਵਰ ਕੀਤਾ ਗਿਆ ਹੈ।
ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ-ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵਿਆਪਕ ਪੱਧਰ 'ਤੇ ਪੂਰੇ ਸ਼ਰਧਾਪੂਰਵਕ ਢੰਗ ਨਾਲ ਮਨਾ ਰਹੀ ਹੈ। ਅਸੀਂ ਵਡਭਾਗੇ ਹਾਂ ਕਿ ਸਾਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਅਤੇ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਡੇਰਾ ਸੱਚਖੰਡ ਬੱਲਾਂ ਵਿਖੇ 10.4 ਏਕੜ ਰਕਬੇ ਵਿਚ 37 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 'ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ' ਦਾ ਨੀਂਹ ਪੱਥਰ ਰੱਖਿਆ ਜਾ ਚੁੱਕਾ ਹੈ।
ਮੁੱਖ ਮੰਤਰੀ ਤੀਰਥ ਯਾਤਰਾ-ਸਾਡੀ ਸਰਕਾਰ ਨੇ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ, ਸ੍ਰੀ ਅਨੰਦਪੁਰ ਸਾਹਿਬ ਦੇ ਨਾਲ-ਨਾਲ ਮਾਤਾ ਨੈਣਾਂ ਦੇਵੀ ਅਤੇ ਹੋਰ ਪਵਿੱਤਰ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਾਉਣ ਲਈ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਸ਼ੁਰੂ ਕੀਤੀ ਹੈ।
ਮਾਲੀਆ ਸੁਧਾਰ-ਲੋਕਾਂ ਨੂੰ ਪਾਰਦਰਸ਼ੀ, ਕੁਸ਼ਲ ਅਤੇ ਭ੍ਰਿਸ਼ਟਾਚਾਰ-ਮੁਕਤ ਮਾਲੀਆ ਸੇਵਾਵਾਂ ਮੁਹੱਈਆ ਕਰਾਉਣ ਲਈ ਸੂਬਾ ਸਰਕਾਰ ਨੇ 'ਈਜ਼ੀ ਰਜਿਸਟਰੀ' ਅਤੇ 'ਈਜ਼ੀ ਜਮ੍ਹਾਬੰਦੀ' ਪੋਰਟਲ ਸ਼ੁਰੂ ਕੀਤੇ ਹਨ। ਇਹ ਕ੍ਰਾਂਤੀਕਾਰੀ ਪਹਿਲਕਦਮੀਆਂ ਸਰਕਾਰ ਦੀ ਇਮਾਨਦਾਰੀ, ਪਾਰਦਰਸ਼ਤਾ ਅਤੇ ਲੋਕ-ਪੱਖੀ ਸੋਚ ਨੂੰ ਦਰਸਾਉਂਦੀਆਂ ਹਨ। ਦੇਸ਼ ਦੇ ਕਿਸੇ ਵੀ ਹੋਰ ਸੂਬੇ ਵਿਚ ਅਜੇ ਤੱਕ ਅਜਿਹੇ ਕੁਸ਼ਲ ਅਤੇ ਮਜ਼ਬੂਤ ਮਾਲੀਆ ਸੁਧਾਰ ਦੇਖਣ ਨੂੰ ਨਹੀਂ ਮਿਲਣਗੇ।
ਆਮ ਆਦਮੀ ਕਲੀਨਿਕ-ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਸੂਬਾ ਸਰਕਾਰ ਨੇ ਪੰਜਾਬ ਭਰ ਵਿਚ 1090 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ, ਜਿੱਥੇ 107 ਤਰ੍ਹਾਂ ਦੀਆਂ ਦਵਾਈਆਂ ਅਤੇ 47 ਤਰ੍ਹਾਂ ਦੇ ਲੈਬ ਟੈਸਟ ਬਿਲਕੁਲ ਮੁਫ਼ਤ ਕੀਤੇ ਜਾ ਰਹੇ ਹਨ। ਹੁਣ ਤੱਕ 5.90 ਕਰੋੜ ਤੋਂ ਵੱਧ ਮਰੀਜ਼ ਆਪਣਾ ਇਲਾਜ ਕਰਵਾ ਚੁੱਕੇ ਹਨ ਅਤੇ 3.43 ਕਰੋੜ ਤੋਂ ਵੱਧ ਟੈਸਟ ਮੁਫ਼ਤ ਕੀਤੇ ਜਾ ਚੁੱਕੇ ਹਨ।
ਮੁਫ਼ਤ ਬਿਜਲੀ-ਸੂਬਾ ਸਰਕਾਰ ਨੇ 2022 ਵਿਚ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦੀ ਗਾਰੰਟੀ ਦਿੱਤੀ ਸੀ ਅਤੇ ਉਦੋਂ ਤੋਂ ਲੈ ਕੇ ਹੁਣ ਤੱਕ ਸੂਬੇ ਦੇ 90 ਫ਼ੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਜਿਨ੍ਹਾਂ ਦੇ ਬਿਜਲੀ ਬਿੱਲ 'ਜ਼ੀਰੋ' ਆ ਰਹੇ ਹਨ। ਇਸ ਨਾਲ ਗਰੀਬ ਪਰਿਵਾਰਾਂ ਦੀ ਸਾਲਾਨਾ ਘੱਟੋ-ਘੱਟ 35,000 ਰੁਪਏ ਦੀ ਬੱਚਤ ਹੋ ਰਹੀ ਹੈ।
ਪੰਜਾਬ ਸਰਕਾਰ ਵਲੋਂ ਇਸ ਤੋਂ ਇਲਾਵਾ ਪੰਜਾਬ ਸਿੱਖਿਆ ਕ੍ਰਾਂਤੀ, ਨਹਿਰੀ ਪਾਣੀ, ਉਦਯੋਗਿਕ ਵਿਕਾਸ, ਸੜਕ ਸੁਰੱਖਿਆ ਫੋਰਸ, ਫਰਿਸ਼ਤੇ ਸਕੀਮ, ਡੀ.ਐਸ.ਆਰ. ਤਕਨੀਕ, ਖੇਡ ਨੀਤੀ ਅਤੇ ਹੋਰ ਯੋਜਨਾਵਾਂ ਨੂੰ ਲਾਗੂ ਕੀਤਾ ਗਿਆ ਹੈ। ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਕੌਮੀ ਨਾਇਕਾਂ ਵਲੋਂ ਪ੍ਰਗਤੀਸ਼ੀਲ, ਖੁਸ਼ਹਾਲ ਤੇ 'ਰੰਗਲਾ ਪੰਜਾਬ' ਸਿਰਜਣ ਦੇ ਦੇਖੇ ਸੁਪਨੇ ਨੂੰ ਸੂਬਾ ਸਰਕਾਰ ਦੀਆਂ ਵਿਕਾਸ-ਮੁਖੀ ਨੀਤੀਆਂ ਅਤੇ ਪ੍ਰੋਗਰਾਮਾਂ 'ਚ ਲੋਕਾਂ ਦੀ ਸੰਪੂਰਨ ਭਾਈਵਾਲੀ ਨਾਲ ਹੀ ਹਕੀਕਤ ਵਿਚ ਬਦਲਿਆ ਜਾ ਸਕਦਾ ਹੈ। ਮੈਂ ਸਮੂਹ ਪੰਜਾਬੀਆਂ ਨੂੰ ਸੱਦਾ ਦਿੰਦਾ ਹਾਂ ਕਿ ਉਹ ਪੰਜਾਬ ਨੂੰ ਮੁੜ ਖੁਸ਼ਹਾਲ ਤੇ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਇਸ ਸਫ਼ਰ ਵਿਚ ਸਰਗਰਮ ਭੂਮਿਕਾ ਨਿਭਾਉਣ ਦਾ ਸੰਕਲਪ ਲੈਣ।
ਜੈ ਹਿੰਦ।

Ad Position 22
No active advertisement
ਪਿਛਲੀ ਖ਼ਬਰ ਸੰਵਿਧਾਨਕ ਕਦਰਾਂ-ਕੀਮਤਾਂ ਤੇ ਲੋਕਤੰਤਰ ਦਾ ਭਵਿੱਖ ਅਗਲੀ ਖ਼ਬਰ ਦੇਸ਼ ਦੀ ਆਜ਼ਾਦੀ ਵਿਚ ਵਿਲੱਖਣ ਯੋਗਦਾਨ ਹੈ ਕਵੀਆਂ, ਲੇਖਕਾਂ ਤੇ ਰਚਨਾਕਾਰਾਂ ਦਾ
Ad Position 24