ਨਾਜਾਇਜ਼ ਹਥਿਆਰਾਂ ਦੀ ਖ਼ਰੀਦੋ-ਫਰੋਖ਼ਤ ਦੇ ਮਾਮਲੇ ’ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ
ਪਹਿਲਾਂ ਗ੍ਰਿਫ਼ਤਾਰ ਕੀਤੇ ਚਾਰ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਸਾਹਮਣੇ ਆਏ ਦੋਵਾਂ ਦੇ ਨਾਂਅ
ਕਰਨਾਲ, 12 ਨਵੰਬਰ (ਗੁਰਮੀਤ ਸਿੰਘ ਸੱਗੂ)-ਕਰਨਾਲ ਪੁਲਿਸ ਵਲੋਂ ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਨਾਜਾਇਜ਼ ਹਥਿਆਰਾਂ ਦੀ ਖ਼ਰੀਦੋ-ਫਰੋਖ਼ਤ ਦੇ ਮਾਮਲੇ ਵਿਚ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿਚ ਪੁਲਿਸ ਪਹਿਲਾਂ ਹੀ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।
ਕਰਨਾਲ, 12 ਨਵੰਬਰ (ਗੁਰਮੀਤ ਸਿੰਘ ਸੱਗੂ)-ਕਰਨਾਲ ਪੁਲਿਸ ਵਲੋਂ ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਨਾਜਾਇਜ਼ ਹਥਿਆਰਾਂ ਦੀ ਖ਼ਰੀਦੋ-ਫਰੋਖ਼ਤ ਦੇ ਮਾਮਲੇ ਵਿਚ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿਚ ਪੁਲਿਸ ਪਹਿਲਾਂ ਹੀ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਪੁਲਿਸ ਸੁਪਰਡੈਂਟ ਕਰਨਾਲ ਕਰਨ ਗੋਇਲ ਆਈ. ਪੀ. ਐੱਸ. ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਸੀ. ਆਈ. ਏ.-3 ਦੀ ਟੀਮ ਨੇ ਇੰਚਾਰਜ ਇੰਸਪੈਕਟਰ ਅਜੈ ਕੁਮਾਰ ਦੀ ਅਗਵਾਈ ਵਿਚ ਸਹਾਇਕ ਸਬ-ਇੰਸਪੈਕਟਰ ਰਾਜੇਸ਼ ਕੁਮਾਰ ਦੀ ਟੀਮ ਨੇ ਇਹ ਕਾਰਵਾਈ ਕੀਤੀ। ਜਾਂਚ ਅਧਿਕਾਰੀ ਅਨੁਸਾਰ ਥਾਣਾ ਸਦਰ ਕਰਨਾਲ ਵਿਚ 27 ਅਕਤੂਬਰ ਨੂੰ ਦਰਜ ਮੁਕੱਦਮਾ ਨੰ. 765 ਦੀ ਜਾਂਚ ਦੌਰਾਨ ਪੁਲਿਸ ਟੀਮ ਨੇ ਪਿੰਗਲੀ ਚੌਕ ਕਰਨਾਲ ਤੋਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੀ ਪਛਾਣ ਗੁਰਪ੍ਰਤਾਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਮੈਹਮਾਲ ਥਾਣਾ ਨਿਸਿੰਗ ਅਤੇ ਸਰਬਜੀਤ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਪਿੰਡ ਬੰਸਾ ਥਾਣਾ ਨਿਸਿੰਗ ਜ਼ਿਲ੍ਹਾ ਕਰਨਾਲ ਵਜੋਂ ਹੋਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਚਾਰ ਮੁਲਜ਼ਮਾਂ ਤੋਂ ਮੁੱਢਲੀ ਪੁੱਛਗਿੱਛ ਦੌਰਾਨ ਗੁਰਪ੍ਰਤਾਪ ਸਿੰਘ ਅਤੇ ਸਰਬਜੀਤ ਸਿੰਘ ਦੀ ਸ਼ਮੂਲੀਅਤ ਵੀ ਸਾਹਮਣੇ ਆਈ ਸੀ। ਜਾਂਚ ਵਿਚ ਪਤਾ ਲੱਗਾ ਕਿ ਦੋਵੇਂ ਨਾਜਾਇਜ਼ ਹਥਿਆ ਰਾਂ ਦੀ ਖ਼ਰੀਦੋ-ਫਰੋਖ਼ਤ ਵਿਚ ਸ਼ਾਮਿਲ ਸਨ। ਇਸ ਤੋਂ ਬਾਅਦ ਪੁਲਿਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਟੀਮ ਨੇ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ, ਜਿੱਥੇ ਅਦਾਲਤ ਦੇ ਹੁਕਮਾਂ ਅਨੁਸਾਰ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਜ਼ਿਲ੍ਹਾ ਜੇਲ੍ਹ ਭੇਜ ਦਿੱਤਾ ਗਿਆ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।