ਸ਼ਹੀਦ ਦਵਿੰਦਰ ਸਿੰਘ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਸਰਕਾਰੀ ਸਕੂਲ ਮੜ੍ਹ ਵਿਖੇ ਕਰਵਾਇਆ
ਰਤੀਆ, 21 ਨਵੰਬਰ (ਬੇਅੰਤ ਕੌਰ ਮੰਡੇਰ)- ਸ਼ਹੀਦ ਦਵਿੰਦਰ ਸਿੰਘ ਮੈਮੋਰੀਅਲ ਟਰੱਸਟ ਰਤੀਆ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੜ ਵਿਖੇ ਸ਼ਹੀਦ ਦਵਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸ਼ਹੀਦੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸਕੂਲ ਦੇ ਪ੍ਰਿੰਸੀਪਲ ਅਜੀਤ ਸਿੰਘ ਨੇ ਕੀਤੀ।
ਰਤੀਆ, 21 ਨਵੰਬਰ (ਬੇਅੰਤ ਕੌਰ ਮੰਡੇਰ)- ਸ਼ਹੀਦ ਦਵਿੰਦਰ ਸਿੰਘ ਮੈਮੋਰੀਅਲ ਟਰੱਸਟ ਰਤੀਆ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੜ ਵਿਖੇ ਸ਼ਹੀਦ ਦਵਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸ਼ਹੀਦੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸਕੂਲ ਦੇ ਪ੍ਰਿੰਸੀਪਲ ਅਜੀਤ ਸਿੰਘ ਨੇ ਕੀਤੀ। ਟਰੱਸਟ ਮੈਂਬਰ ਜਗਵੰਤ ਸਿੰਘ ਬਡਿੰਗ ਨੇ ਸਾਰੇ ਮਹਿਮਾਨਾਂ ਅਤੇ ਹਾਜ਼ਰੀਨ ਦਾ ਸਵਾਗਤ ਕੀਤਾ ਅਤੇ ਸ਼ਹੀਦੀ ਜਾਗਰੂਕਤਾ ਹਫ਼ਤੇ ਦੀਆਂ ਗਤੀਵਿਧੀਆਂ ਅਤੇ ਉਦੇਸ਼ਾਂ ਬਾਰੇ ਵਿਸਥਾਰ ਨਾਲ ਦੱਸਿਆ, ਜੋ ਕਿ ਟਰੱਸਟ ਵੱਲੋਂ ਪਿਛਲੇ 25 ਸਾਲਾਂ ਤੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਟਰੱਸਟ ਦਾ ਮੁੱਖ ਉਦੇਸ਼ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨਾ ਅਤੇ ਨਵੀਂ ਪੀੜ੍ਹੀ ਵਿੱਚ ਦੇਸ਼ ਭਗਤੀ, ਸਮਾਜਿਕ ਜ਼ਿੰਮੇਵਾਰੀ ਅਤੇ ਲੋਕ ਭਲਾਈ ਦੀ ਭਾਵਨਾ ਪੈਦਾ ਕਰਨਾ ਹੈ। ਸਮਾਗਮ ਦੌਰਾਨ ਸ਼ਹੀਦ ਦਵਿੰਦਰ ਸਿੰਘ ਦੀ ਤਸਵੀਰ ’ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ ਅਤੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਤੋਂ ਬਾਅਦ ਸਕੂਲ ਦੀ ਨੌਵੀਂ ਜਮਾਤ ਦੀ ਵਿਦਿਆਰਥਣ ਸ਼ਵੇਤਾ ਨੇ ਸ਼ਹੀਦ ਦਵਿੰਦਰ ਸਿੰਘ ਦੇ ਜੀਵਨ ਅਤੇ ਕੁਰਬਾਨੀ ਬਾਰੇ ਜਾਣਕਾਰੀ ਪੇਸ਼ ਕੀਤੀ। ਵਿਦਿਆਰਥੀਆਂ ਨੇ ਕੁਇਜ਼ ਮੁਕਾਬਲੇ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ’ਤੇ ਮੌਜੂਦ ਸਾਰੇ ਲੋਕਾਂ ਨੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦਾ ਪ੍ਰਣ ਲਿਆ। ਪ੍ਰਿੰਸੀਪਲ ਅਜੀਤ ਸਿੰਘ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵਾਤਾਵਰਣ ਸੁਰੱਖਿਆ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਇਸ ਮੌਕੇ ਜਗਵੰਤ ਸਿੰਘ ਬਡਿੰਗ, ਸੁਭਾਸ਼ ਚੰਦਰ, ਅਮਿਤ ਕੁਮਾਰ, ਰਮਨ, ਅਨੁ ਸ਼ਰਮਾ, ਸਤਵੀਰ ਕੌਰ ਆਦਿ ਹਾਜ਼ਰ ਸਨ।